ਚੰਡੀਗੜ੍ਹ (ਸਮਾਜ ਵੀਕਲੀ): ਸਿਟੀ ਬਿਊਟੀਫੁੱਲ ਵਿੱਚ ਅਗਸਤ ਮਹੀਨੇ ਦੀ ਸ਼ੁਰੂਆਤ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਨੇ ਇਕ ਪਾਸੇ ਜਿੱਥੇ ਮੌਸਮ ਖੁਸ਼ਗਵਾਰ ਕਰ ਦਿੱਤਾ ਹੈ ਉੱਥੇ ਹੀ ਸ਼ਹਿਰ ਵਾਸੀਆਂ ਲਈ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਵੀ ਖੜ੍ਹੀਆਂ ਹੋ ਗਈਆਂ ਹਨ। ਮੌਸਮ ਵਿਭਾਗ ਅਨੁਸਾਰ ਸ਼ਹਿਰ ਵਿਚ ਅਗਲੇ ਤਿੰਨ ਦਿਨ ਮਤਲਬ 8 ਅਗਸਤ ਤੱਕ ਲਗਾਤਾਰ ਮੀਂਹ ਪੈਣ ਦੇ ਆਸਾਰ ਹਨ। ਵਿਭਾਗ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਸ਼ਹਿਰ ਵਿਚ 65 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਅੱਜ ਵੀ ਸਵੇਰ ਸਮੇਂ ਭਾਵੇਂ ਕਿ ਧੁੱਪ ਨਿਕਲੀ ਪਰ ਦੁਪਹਿਰ ਤੋਂ ਬਾਅਦ ਸ਼ਹਿਰ ਵਿੱਚ ਬਦੱਲਵਾਈ ਰਹੀ, ਜਿਸ ਕਾਰਨ ਦਿਨ ਦਾ ਤਾਪਮਾਨ ਵੀ ਆਮ ਨਾਲੋਂ ਘੱਟ ਦਰਜ ਕੀਤਾ ਗਿਆ।
ਮੌਸਮ ਵਿਭਾਗ ਅਨੁਸਾਰ ਅੱਜ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਦਕਿ ਘੱਟ ਤੋਂ ਘੱਟ ਤਾਪਮਾਨ 25.4 ਡਿਗਰੀ ਸੈਲਸੀਅਸ ਸੀ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਅਗਲੇ ਤਿੰਨ ਦਿਨ ਸ਼ਹਿਰ ਵਿਚ ਹੋਰ ਮੀਂਹ ਪੈਣ ਦੇ ਆਸਾਰ ਹਨ। ਚੰਡੀਗੜ੍ਹ ਅਤੇ ਆਲੇ-ਦੁਆਲੇ ਪੈ ਰਹੇ ਮੀਂਹ ਕਾਰਨ ਸੁਖਨਾ ਝੀਲ ਵਿਚ ਪਾਣੀ ਦਾ ਪੱਧਰ ਵਧਦਾ ਜਾ ਰਿਹਾ ਹੈ। ਅੱਜ ਝੀਲ ਵਿਚ 1161 ਫੁੱਟ ’ਤੇ ਪਹੁੰਚ ਗਿਆ ਹੈ, ਜਿਸ ਕਰ ਕੇ ਪਿੰਡ ਕਿਸ਼ਨਗੜ੍ਹ ਦੇ ਵਸਨੀਕਾਂ ਦੇ ਸਾਹ ਸੂਤੇ ਗਏ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly