ਐਸ.ਏ.ਐਸ. ਨਗਰ (ਮੁਹਾਲੀ)(ਸਮਾਜ ਵੀਕਲੀ): ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਪੰਜਾਬ ਦੀ ਮੀਟਿੰਗ ਸਥਾਨਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਯੂਨੀਅਨ ਦੇ ਸੂਬਾ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਸ਼ਿਰਕਤ ਕਰਦਿਆਂ ਕਿਸਾਨਾਂ ਦੀਆਂ ਸਮੱਸਿਆਵਾਂ ’ਤੇ ਵਿਚਾਰ-ਚਰਚਾ ਕੀਤੀ। ਇਸ ਮੌਕੇ ਹਾੜ੍ਹੀ ਦੀ ਫ਼ਸਲ ਲੈ ਕੇ ਮੰਡੀ ਆਉਣ ਵਾਲੇ ਕਿਸਾਨਾਂ ਨੂੰ ਖੱਜਲ-ਖੁਆਰੀ ਤੋਂ ਬਚਾਉਣ ਲਈ ਅਗਾਊਂ ਪ੍ਰਬੰਧ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ ਗਿਆ। ਮੀਟਿੰਗ ਦੌਰਾਨ ਚੋਣਾਂ ’ਚ ਮਿਲੀ ਹਾਰ ਦੇ ਕਾਰਨਾਂ ਅਤੇ ਸੰਯੁਕਤ ਕਿਸਾਨ ਮੋਰਚਾ ਨਾਲ ਮਤਭੇਦ ਬਾਰੇ ਵੀ ਵਿਚਾਰਾਂ ਕੀਤੀਆਂ ਗਈਆਂ। ਬਲਬੀਰ ਰਾਜੇਵਾਲ ਨੇ ਕਿਸਾਨਾਂ ਨੂੰ ਆਪਣੇ ਹੱਕਾਂ ਲਈ ਜੂਝਣ ਲਈ ਪ੍ਰੇਰਿਆ।
ਇਸ ਮੌਕੇ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਕੁਲਵੰਤ ਸਿੰਘ ਤ੍ਰਿਪੜੀ ਤੇ ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ ਨੇ ਕਿਹਾ ਕਿ ਕਿਸਾਨਾਂ ਦੀਆਂ ਬਕਾਇਆ ਮੰਗਾਂ ਦੇ ਹੱਲ ਲਈ ਰਾਜੇਵਾਲ ਦੀ ਅਗਵਾਈ ਦੀ ਸਖ਼ਤ ਲੋੜ ਹੈ। ਉਨ੍ਹਾਂ ਕਿਹਾ ਕਿ ਚੋਣ ਲੜਨਾ ਸਿਰਫ਼ ਰਾਜੇਵਾਲ ਦਾ ਨਹੀਂ, ਸਗੋਂ 22 ਜਥੇਬੰਦੀਆਂ ਦਾ ਸਾਂਝਾ ਫੈ਼ਸਲਾ ਸੀ। ਉਨ੍ਹਾਂ ਦੱਸਿਆ ਕਿ ਜਥੇਬੰਦੀ ਦੀ ਬਲਾਕ ਪੱਧਰ ’ਤੇ ਮਜ਼ਬੂਤੀ ਲਈ ਬਲਾਕ ਖਰੜ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਇਸ ਮੌਕੇ ਹਰਿੰਦਰ ਸਿੰਘ ਖੂਨੀਮਾਜਰਾ ਨੂੰ ਬਲਾਕ ਖਰੜ ਦਾ ਪ੍ਰਧਾਨ ਚੁਣਿਆ ਗਿਆ ਜਦੋਂ ਕਿ ਪਰਵਿੰਦਰ ਸਿੰਘ ਨੂੰ ਜਨਰਲ ਸਕੱਤਰ, ਰਵਿੰਦਰ ਸਿੰਘ ਨੂੰ ਪ੍ਰੈੱਸ ਸਕੱਤਰ, ਅਵਤਾਰ ਸਿੰਘ ਨੂੰ ਸਲਾਹਕਾਰ, ਅਮਰਜੀਤ ਸਿੰਘ ਨੂੰ ਇੰਚਾਰਜ, ਅਰਵਿੰਦਰ ਸਿੰਘ, ਬਲਜਿੰਦਰ ਸਿੰਘ ਅਤੇ ਹਰਜੀਤ ਸਿੰਘ ਨੂੰ ਮੀਤ ਪ੍ਰਧਾਨ, ਜਗਦੀਪ ਸਿੰਘ ਨੂੰ ਕੈਸ਼ੀਅਰ, ਰਣਜੀਤ ਸਿੰਘ ਨੂੰ ਸਟੇਜ ਸਕੱਤਰ, ਨਰਿੰਦਰ ਸਿੰਘ ਨੂੰ ਮੁੱਖ ਸਲਾਹਕਾਰ ਨਿਯੁਕਤ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਕੁਲਵੰਤ ਸਿੰਘ ਤ੍ਰਿਪੜੀ, ਜ਼ਿਲ੍ਹਾ ਮੁਹਾਲੀ ਦੇ ਸੀਨੀਅਰ ਮੀਤ ਪ੍ਰਧਾਨ ਲਖਵਿੰਦਰ ਸਿੰਘ ਵੀ ਮੌਜੂਦ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly