ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਪੰਜਾਬ ਸਰਕਾਰ ਦੀ ਖੇਡ ਨੀਤੀ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਦੀ ਦਿਸ਼ਾ ਵਿੱਚ ਚੱਬੇਵਾਲ ਦੇ ਵਿਧਾਇਕ ਡਾ. ਈਸ਼ਾਂਕ ਕੁਮਾਰ ਨੇ ਪਿੰਡ ਰਾਜਪੁਰ ਭਾਈਆਂ ਵਿੱਚ 30 ਲੱਖ ਰੁਪਏ ਦੀ ਲਾਗਤ ਨਾਲ ਫੁੱਟਬਾਲ ਗ੍ਰਾਊਂਡ ਵਿੱਚ ਹੋਣ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਨੇ ਨੌਜਵਾਨਾਂ ਨਾਲ ਮਿਲ ਕੇ ਫੁੱਟਬਾਲ ਖੇਡ ਕੇ ਨਾ ਸਿਰਫ਼ ਉਨ੍ਹਾਂ ਦਾ ਹੋਂਸਲਾ ਵਧਾਇਆ, ਸਗੋਂ ਖੇਡਾਂ ਪ੍ਰਤੀ ਸਰਕਾਰ ਦੀ ਗੰਭੀਰਤਾ ਦਾ ਵੀ ਸਾਫ਼ ਸੰਦੇਸ਼ ਦਿੱਤਾ। ਇਸ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਪੰਚਾਇਤ ਮੈਂਬਰ, ਨੌਜਵਾਨ ਖਿਡਾਰੀ ਅਤੇ ਹੋਰ ਮਾਣਯੋਗ ਸ਼ਖ਼ਸੀਅਤਾਂ ਹਾਜ਼ਰ ਰਹੀਆਂ। ਵਿਧਾਇਕ ਡਾ. ਈਸ਼ਾਂਕ ਕੁਮਾਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਸਪਸ਼ਟ ਨੀਤੀ ਹੈ ਕਿ ਹਰ ਪਿੰਡ ਵਿੱਚ ਖੇਡਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕੀਤਾ ਜਾਵੇ, ਤਾਂ ਜੋ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਅਤੇ ਦਰਸਾਉਣ ਦੇ ਪੂਰੇ ਮੌਕੇ ਮਿਲ ਸਕਣ। ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦਾ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹਨ ਅਤੇ ਸਰਕਾਰ ਇਸੇ ਸੋਚ ਨਾਲ ਖੇਡ ਸੁਵਿਧਾਵਾਂ ਦਾ ਵਿਸਤਾਰ ਕਰ ਰਹੀ ਹੈ। ਵਿਧਾਇਕ ਨੇ ਦੱਸਿਆ ਕਿ ਰਾਜਪੁਰ ਭਾਈਆਂ ਦੇ ਇਸ ਗ੍ਰਾਊਂਡ ਵਿੱਚ ਸਮਤਲੀਕਰਨ, ਬੈਠਣ ਦੀ ਸੁਵਿਧਾ ਅਤੇ ਲੋੜੀਂਦੇ ਖੇਡ ਸਾਧਨਾਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ, ਤਾਂ ਜੋ ਖਿਡਾਰੀ ਸੁਧਰੇ ਹੋਏ ਮਾਹੌਲ ਵਿੱਚ ਅਭਿਆਸ ਕਰ ਸਕਣ। ਨੀਂਹ ਪੱਥਰ ਰੱਖਣ ਤੋਂ ਬਾਅਦ ਜਦੋਂ ਵਿਧਾਇਕ ਖੁਦ ਫੁੱਟਬਾਲ ਖੇਡਣ ਲਈ ਮੈਦਾਨ ਵਿੱਚ ਉਤਰੇ ਤਾਂ ਨੌਜਵਾਨਾਂ ਵਿੱਚ ਖਾਸ ਉਤਸ਼ਾਹ ਵੇਖਣ ਨੂੰ ਮਿਲਿਆ। ਨੌਜਵਾਨਾਂ ਨੇ ਕਿਹਾ ਕਿ ਡਾ. ਈਸ਼ਾਂਕ ਨੂੰ ਆਪਣੇ ਨਾਲ ਖੇਡਦੇ ਦੇਖ ਕੇ ਉਨ੍ਹਾਂ ਦਾ ਮਨੋਬਲ ਕਈ ਗੁਣਾ ਵਧ ਗਿਆ। ਪਿੰਡ ਦੇ ਸਰਪੰਚ ਅਤੇ ਪੰਚਾਇਤ ਮੈਂਬਰਾਂ ਨੇ ਇਸ ਵਿਸ਼ੇਸ਼ ਗ੍ਰਾਂਟ ਲਈ ਡਾ. ਈਸ਼ਾਂਕ ਕੁਮਾਰ ਦਾ ਧੰਨਵਾਦ ਕੀਤਾ। ਅੰਤ ਵਿੱਚ ਵਿਧਾਇਕ ਡਾ. ਈਸ਼ਾਂਕ ਕੁਮਾਰ ਨੇ ਭਰੋਸਾ ਦਿਵਾਇਆ ਕਿ ਚੱਬੇਵਾਲ ਵਿਧਾਨ ਸਭਾ ਖੇਤਰ ਵਿੱਚ ਵਿਕਾਸ ਕਾਰਜਾਂ ਦੀ ਰਫ਼ਤਾਰ ਹੋਰ ਤੇਜ਼ ਕੀਤੀ ਜਾਵੇਗੀ ਅਤੇ ਖੇਡਾਂ, ਸਿੱਖਿਆ ਤੇ ਬੁਨਿਆਦੀ ਸੁਵਿਧਾਵਾਂ ਨੂੰ ਪਹਿਲ ਦਿੰਦਿਆਂ ਪੰਜਾਬ ਨੂੰ ਮੁੜ ਖੇਡਾਂ ਵਿੱਚ ਅਗੇਤੂ ਰਾਜ ਬਣਾਇਆ ਜਾਵੇਗਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



