ਰਾਂਚੀ (ਸਮਾੲਜ ਵੀਕਲੀ): ਦੇਸ਼ ਦੇ ਕਈ ਹਿੱਸਿਆਂ ’ਚ ਰਾਮਨੌਮੀ ਦੇ ਸਮਾਗਮਾਂ ਦੌਰਾਨ ਹਿੰਸਾ ਦੀਆਂ ਘਟਨਾਵਾਂ ਵਾਪਰੀਆਂ ਹਨ। ਝਾਰਖੰਡ ਦੇ ਲੋਹਾਰਡਾਗਾ ’ਚ ਜਿੱਥੇ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ 12 ਜ਼ਖ਼ਮੀ ਹੋਏ ਹਨ ਉੱਥੇ ਹੀ ਮੱਧ ਪ੍ਰਦੇਸ਼ ਦੇ ਖਰਗੋਨ ਸ਼ਹਿਰ ’ਚ ਹਿੰਸਾ ਤੋਂ ਬਾਅਦ ਕਰਫਿਊ ਲਾ ਦਿੱਤਾ ਗਿਆ ਹੈ ਅਤੇ ਪੁਲੀਸ ਨੇ ਇੱਥੇ ਹੁਣ ਤੱਕ 80 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਗੁਜਰਾਤ ਦੇ ਆਨੰਦ ਜ਼ਿਲ੍ਹੇ ਦੇ ਖੰਭਟ ’ਚ ਵੀ ਰਾਮਨੌਮੀ ਮੌਕੇ ਹੋਈਆਂ ਝੜਪਾਂ ’ਚ ਇੱਕ ਵਿਅਕਤੀ ਦੀ ਮੌਤ ਹੋਈ ਹੈ। ਵੱਖ ਵੱਖ ਰਾਜਾਂ ਦੀਆਂ ਅਥਾਰਿਟੀਆਂ ਦਾ ਕਹਿਣਾ ਹੈ ਕਿ ਹਿੰਸਾ ਪ੍ਰਭਾਵਿਤ ਇਲਾਕਿਆਂ ’ਚ ਹਾਲਾਤ ਕਾਬੂ ਹੇਠ ਹਨ ਜਦਕਿ ਮੱਧ ਪ੍ਰਦੇਸ਼ ਪ੍ਰਸ਼ਾਸਨ ਨੇ ਰਾਮਨੌਮੀ ਦੀ ਸ਼ੋਭਾ ਯਾਤਰਾ ’ਤੇ ਪਥਰਾਓ ਕਰਨ ਵਾਲਿਆਂ ਦੇ ਗ਼ੈਰਕਾਨੂੰਨੀ ਢਾਂਚੇ ਢਾਹੁਣ ਦੀ ਮੁਹਿੰਮ ਵਿੱਢ ਦਿੱਤੀ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਖਰਗੋਨ ਦੇ ਐੱਸਪੀ ਸਿੱਧਾਰਥ ਚੌਧਰੀ ਨੂੰ ਹਿੰਸਾ ਦੌਰਾਨ ਗੋਲੀ ਲੱਗੀ ਅਤੇ ਉਨ੍ਹਾਂ ਤੋਂ ਇਲਾਵਾ ਛੇ ਪੁਲੀਸ ਮੁਲਾਜ਼ਮਾਂ ਸਮੇਤ ਘੱਟ ਤੋਂ ਘੱਟ 24 ਵਿਅਕਤੀ ਇਸ ਘਟਨਾ ’ਚ ਜ਼ਖ਼ਮੀ ਹੋਏ ਹਨ। ਜ਼ਿਕਰਯੋਗ ਹੈ ਕਿ ਰਾਮਨੌਮੀ ਮੌਕੇ ਸ਼ੋਭਾ ਯਾਤਰਾ ’ਤੇ ਪਥਰਾਅ ਕੀਤੇ ਜਾਣ ਅਤੇ ਕੁਝ ਘਰ ਤੇ ਵਾਹਨ ਸਾੜੇ ਜਾਣ ਦੀਆਂ ਘਟਨਾਵਾਂ ਤੋਂ ਬਾਅਦ ਪੁਲੀਸ ਨੇ ਅੱਥਰੂ ਗੈਸ ਦੇ ਗੋਲੇ ਚਲਾਏ ਸਨ। ਮੁੱਖ ਮੰਤਰੀ ਸ਼ਿਵ ਰਾਜ ਚੌਹਾਨ ਨੇ ਘਟਨਾ ਨੂੰ ਮੰਦਭਾਗਾ ਦਸਦਿਆਂ ਕਿਹਾ ਕਿ ਜਨਤਕ ਤੇ ਨਿੱਜੀ ਜਾਇਦਾਦਾਂ ਦੇ ਹੋਏ ਨੁਕਸਾਨ ਦੀ ਭਰਪਾਈ ਦੰਗਾ ਕਰਨ ਵਾਲਿਆਂ ਤੋਂ ਕੀਤੀ ਜਾਵੇਗੀ।
ਉਨ੍ਹਾਂ ਕਿਹਾ, ‘ਦੰਗਾ ਕਰਨ ਵਾਲਿਆਂ ਦੀ ਪਛਾਣ ਕਰ ਲਈ ਗਈ ਹੈ ਤੇ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਤੇ ਮੱਧ ਪ੍ਰਦੇਸ਼ ’ਚ ਦੰਗਾ ਕਰਨ ਵਾਲਿਆਂ ਲਈ ਕੋਈ ਥਾਂ ਨਹੀਂ ਹੈ।’ ਰਾਮਨੌਮੀ ਦੀ ਸ਼ੋਭਾ ਯਾਤਰਾ ਜਿਹੀ ਹੀ ਪਥਰਾਅ ਦੀ ਘਟਨਾ ਬਡਵਾਨੀ ਜ਼ਿਲ੍ਹੇ ਦੇ ਸੇਂਧਵਾ ਕਸਬੇ ’ਚ ਸਾਹਮਣੇ ਆਈ ਜਿਸ ’ਚ ਇੱਕ ਥਾਣਾ ਇੰਚਾਰਜ ਤੇ ਪੰਜ ਹੋਰ ਮੁਲਾਜ਼ਮ ਜ਼ਖ਼ਮੀ ਹੋ ਗਏ। ਖਰਗੋਨ ਦੇ ਜ਼ਿਲ੍ਹਾ ਅਧਿਕਾਰੀ ਦੇ ਦਫ਼ਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਲੰਘੀ ਸ਼ਾਮ ਦੀ ਘਟਨਾ ਤੋਂ ਬਾਅਦ ਪੂਰੇ ਖਰਗੋਨ ਸ਼ਹਿਰ ’ਚ ਕਰਫਿਊ ਲਾ ਦਿੱਤਾ ਗਿਆ ਹੈ। ਸੂਬੇ ਦੇ ਗ੍ਰਹਿ ਮੰਤਰੀ ਨਰੋਤਮ ਮਿਸ਼ਰਾ ਨੇ ਕਿਹਾ ਖਰਗੋਨ ’ਚ ਹਿੰਸਾ ਦੀ ਘਟਨਾ ਦੇ ਸਬੰਧ ਵਿੱਚ ਹੁਣ ਤੱਕ 80 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਕਿਹਾ, ‘ਜਿਨ੍ਹਾਂ ਘਰਾਂ ਤੋਂ ਪਥਰਾਅ ਕੀਤਾ ਗਿਆ ਹੈ, ਉਨ੍ਹਾਂ ਨੂੰ ਮਲਬੇ ’ਚ ਬਦਲ ਦਿੱਤਾ ਜਾਵੇਗਾ। ਰਾਜ ਸਰਕਾਰ ਦਾ ਰੁਖ਼ ਸਪੱਸ਼ਟ ਹੈ ਅਤੇ ਕਿਸੇ ਨੂੰ ਵੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।’ ਇਸੇ ਤਰ੍ਹਾਂ ਮੱਧ ਪ੍ਰਦੇਸ਼ ਦੇ ਇੰਦੌਰ ਜ਼ਿਲ੍ਹੇ ’ਚ ਰਾਮਨੌਮੀ ਮੌਕੇ ਇੱਕ-ਦੂਜੇ ਨੂੰ ਧਾਰਮਿਕ ਝੰਡੇ ਦਿਖਾਉਣ ਦੇ ਦੇਸ਼ ਹੇਠ 60 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਦੂਜੇ ਪਾਸੇ ਕਾਂਗਰਸ ਦੀ ਮੱਧ ਪ੍ਰਦੇਸ਼ ਇਕਾਈ ਨੇ ਇਸ ਘਟਨਾ ਦੀ ਜਾਂਚ ਲਈ ਪੰਜ ਮੈਂਬਰੀ ਤੱਥ ਖੋਜ ਕਮੇਟੀ ਦਾ ਗਠਨ ਕੀਤਾ ਹੈ। ਪਾਰਟੀ ਦੇ ਇੱਕ ਆਗੂ ਨੇ ਦੱਸਿਆ ਕਿ ਕਮੇਟੀ ਆਪਣੀ ਰਿਪੋਰਟ ਕਾਂਗਰਸ ਦੇ ਸੂਬਾ ਪ੍ਰਧਾਨ ਕਮਲਨਾਥ ਨੂੰ ਸੌਂਪੇਗੀ। ਇਸੇ ਤਰ੍ਹਾਂ ਗੁਜਰਾਤ ’ਚ ਆਨੰਦ ਜ਼ਿਲ੍ਹੇ ਦੇ ਖੰਭਾਜ ’ਚ ਹੋਈ ਹਿੰਸਾ ਤੇ ਪਥਰਾਅ ’ਚ ਸ਼ਮੂਲੀਅਤ ਦੇ ਦੋਸ਼ ਹੇਠ ਪੁਲੀਸ ਨੇ ਨੌਂ ਜਣਿਆਂ ਨੂੰ ਹਿਰਾਸਤ ’ਚ ਲਿਆ ਹੈ ਜਦਕਿ ਅਜਿਹੀ ਹੀ ਘਟਨਾ ਤੋਂ ਬਾਅਦ ਸਾਬਰਕਾਂਠਾ ਦੇ ਹਿੰਮਤਨਗਰ ਕਸਬੇ ’ਚ ਧਾਰਾ 144 ਲਗਾ ਦਿੱਤੀ ਗਈ ਹੈ।
ਇਸੇ ਤਰ੍ਹਾਂ ਝਾਰਖੰਡ ਦੇ ਲੋਹਾਰਡਾਗਾ ਜ਼ਿਲ੍ਹੇ ਦੇ ਹਿਰਹੀ ਭੋਕਤਾ ਬਗੀਚਾ ਇਲਾਕੇ ’ਚ ਬੀਤੇ ਦਿਲ ਰਾਮਨੌਮੀ ਦੀ ਸ਼ੋਭਾ ਯਾਤਰਾ ਦੌਰਾਨ ਹਿੰਸਾ ’ਚ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ 12 ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਲੋਹਾਰਡਾਗਾ ਸ਼ਹਿਰ ’ਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ ਤੇ ਪੂਰੇ ਜ਼ਿਲ੍ਹੇ ’ਚ ਧਾਰਾ 144 ਲਗਾ ਦਿੱਤੀ ਗਈ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly