ਗੁਰਦਾਸਪੁਰ (ਸਮਾੲਜ ਵੀਕਲੀ): ਗੁਰਦਾਸਪੁਰ ਦੇ ਇਕ ਨਿੱਜੀ ਸਕੂਲ ਵਿੱਚ ਲੰਘੀ 31 ਮਾਰਚ ਨੂੰ ਇੱਕ ਚਾਰ ਸਾਲਾ ਬੱਚੀ ਨਾਲ ਹੋਏ ਜਬਰ-ਜਨਾਹ ਦੇ ਮਾਮਲੇ ਵਿੱਚ ਗੁਰਦਾਸਪੁਰ ਪੁਲੀਸ ਵੱਲੋਂ ਸਕੂਲ ਪ੍ਰਬੰਧਕ ਖ਼ਿਲਾਫ਼ ਕੇਸ ਦਰਜ ਕਰ ਕੇ ਗ੍ਰਿਫ਼ਤਾਰ ਕੀਤੇ ਜਾਣ ਦੇ ਵਿਰੋਧ ਵਿੱਚ ਅਤੇ ਅਸਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਕੇ ਪੀੜਤ ਬੱਚੀ ਨੂੰ ਇਨਸਾਫ਼ ਦੇਣ ਦੀ ਮੰਗ ਸਬੰਧੀ ਅੱਜ ਪੰਜਾਬ ਦੀਆਂ ਨਿੱਜੀ ਸਿੱਖਿਆ ਸੰਸਥਾਵਾਂ ਬੰਦ ਰਹੀਆਂ। ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨਜ਼ ਆਫ਼ ਪੰਜਾਬ ਦੇ ਸੱਦੇ ’ਤੇ ਅੱਜ ਸੂਬੇ ਦੀਆਂ ਸਾਰੀਆਂ ਨਿੱਜੀ ਸਿੱਖਿਆ ਸੰਸਥਾਵਾਂ ਨੇ ਅਦਾਰੇ ਬੰਦ ਰੱਖ ਕੇ ਮੰਗ ਕੀਤੀ ਕਿ ਅਸਲੀ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਜਾਵੇ।
ਐਸੋਸੀਏਸ਼ਨ ਦੇ ਅਹੁਦੇਦਾਰਾਂ ਰੋਹਿਤ ਮਹਾਜਨ ਅਤੇ ਸਿਮਰਨਜੀਤ ਸਿੰਘ ਨੇ ਇਸ ਸਬੰਧੀ ਐੱਸਐੱਸਪੀ ਗੁਰਦਾਸਪੁਰ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਦੱਸਿਆ ਕਿ ਅੱਜ ਪੂਰੇ ਪੰਜਾਬ ਦੇ ਨਿੱਜੀ ਸਕੂਲ ਅਤੇ ਕਾਲਜ ਰੋਸ ਵਜੋਂ ਬੰਦ ਰਹੇ ਹਨ ਅਤੇ ਗੁਰਦਾਸਪੁਰ ਦੇ ਐੱਸਐੱਸਪੀ ਹਰਜੀਤ ਸਿੰਘ ਨੂੰ ਮੰਗ ਪੱਤਰ ਦੇ ਕੇ ਕਿਹਾ ਗਿਆ ਹੈ ਕਿ ਪੁਲੀਸ ਜਲਦੀ ਤੋਂ ਜਲਦੀ ਜਾਂਚ ਕਰ ਕੇ ਅਸਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰੇ। ਇਸ ਦੇ ਨਾਲ ਹੀ ਸਕੂਲ ਪ੍ਰਬੰਧਕਾਂ ਖ਼ਿਲਾਫ਼ ਦਰਜ ਕੀਤਾ ਗਿਆ ਕੇਸ ਰੱਦ ਕਰਨ ਦੀ ਮੰਗ ਵੀ ਕੀਤੀ ਗਈ ਹੈ। ਗੁਰਦਾਸਪੁਰ ਦੇ ਵੱਖ-ਵੱਖ ਨਿੱਜੀ ਸਿੱਖਿਆ ਅਦਾਰਿਆਂ ਦੇ ਪ੍ਰਬੰਧਕਾਂ ਤੇ ਸਟਾਫ਼ ਨੇ ਅੱਜ ਇਸ ਮਾਮਲੇ ਵਿੱਚ ਅਸਲ ਦੋਸ਼ੀ ਨੂੰ ਸਾਹਮਣੇ ਲਿਆਉਣ ਦੀ ਮੰਗ ਸਬੰਧੀ ਰੋਸ ਵਿਖਾਵੇ ਵੀ ਕੀਤੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly