ਅੰਧ ਵਿਸ਼ਵਾਸ਼ ਰੋਕੂ ਕਾਨੂੰਨ ਪਾਸ ਕਰਵਾਉਣ ਲਈ ਸੰਘਰਸ਼ ਤੇਜ਼ ਕਰਨ ਦਾ ਫੈਸਲਾ
ਬਰਨਾਲਾ (ਸਮਾਜ ਵੀਕਲੀ) ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਸੁਸਾਇਟੀ ਦੇ ਮੁੱਖ ਦਫਤਰ ਤਰਕਸ਼ੀਲ ਭਵਨ ਵਿਖੇ ਸੂਬਾਈ ਜੱਥੇਬੰਦਕ ਮੁਖੀ ਮਾਸਟਰ ਰਾਜਿੰਦਰ ਭਦੌੜ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਗ਼ਦਰ ਲਹਿਰ ਦੀ ਨਾਇਕਾ ਬੀਬੀ ਗੁਲਾਬ ਕੌਰ ਨੂੰ ਸਮਰਪਿਤ ਸੱਤਵੀਂ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਕਰਵਾਉਣ ਅਤੇ ਜੱਥੇਬੰਦਕ ਵਿਚਾਰਧਾਰਕ ਪਰਪੱਕਤਾ ਦੀਆਂ ਸਿਖਲਾਈ ਵਰਕਸ਼ਾਪਾਂ ਲਗਾਉਣ ਦੇ ਇਲਾਵਾ ਪੰਜਾਬ ਵਿੱਚ ਅੰਧ ਵਿਸ਼ਵਾਸ਼ ਰੋਕੂ ਕਾਨੂੰਨ ਪਾਸ ਕਰਵਾਉਣ ਲਈ ਸੰਘਰਸ਼ ਨੂੰ ਹੋਰ ਤੇਜ਼ ਕਰਨ ਸਬੰਧੀ ਗੰਭੀਰ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਸੂਬਾ ਕਮੇਟੀ ਆਗੂਆਂ ਮਾਸਟਰ ਰਾਜਿੰਦਰ ਭਦੌੜ,ਹੇਮ ਰਾਜ ਸਟੈਨੋਂ, ਰਾਜੇਸ਼ ਅਕਲੀਆ,ਰਾਜਪਾਲ ਬਠਿੰਡਾ, ਗੁਰਪ੍ਰੀਤ ਸ਼ਹਿਣਾ ਅਤੇ ਸੁਮੀਤ ਅੰਮ੍ਰਿਤਸਰ ਨੇ ਦੱਸਿਆ ਕਿ 29 ਅਤੇ 31 ਅਗਸਤ ਨੂੰ ਪੰਜਾਬ ਪੱਧਰ ਤੇ ਹੋਣ ਵਾਲੀ ਸੱਤਵੀਂ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਲਈ ਪੰਜਾਬ ਦੀਆਂ ਸਮੂਹ ਤਰਕਸ਼ੀਲ ਇਕਾਈਆਂ ਵੱਲੋਂ ਸਕੂਲਾਂ ਵਿੱਚ ਮਿਡਲ ਅਤੇ ਸੈਕੰਡਰੀ ਗਰੁੱਪਾਂ ਦੇ ਵਿਦਿਆਰਥੀਆਂ ਨੂੰ ਸਿਲੇਬਸ ਦੀਆਂ ਕਿਤਾਬਾਂ ਪਹੁੰਚਾਈਆਂ ਜਾ ਰਹੀਆਂ ਹਨ ਅਤੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਦਾ ਕੰਮ 31 ਜੁਲਾਈ ਤੱਕ ਮੁਕੰਮਲ ਕਰ ਲਿਆ ਜਾਵੇਗਾ। ਇਸ ਮੌਕੇ ਸੂਬਾ ਕਮੇਟੀ ਆਗੂਆਂ ਰਾਮ ਸਵਰਨ ਲੱਖੇਵਾਲੀ, ਸੁਖਵਿੰਦਰ ਬਾਗਪੁਰ,ਜਸਵਿੰਦਰ ਫਗਵਾੜਾ, ਜਸਵੰਤ ਮੁਹਾਲੀ,ਸੁਰਜੀਤ ਟਿੱਬਾ, ਜੂਝਾਰ ਲੌਂਗੋਵਾਲ,ਮੋਹਨ ਬਡਲਾ ਅਤੇ ਕੁਲਜੀਤ ਡੰਗਰਖੇੜਾ ਨੇ ਦੱਸਿਆ ਕਿ ਮੀਟਿੰਗ ਵਿੱਚ ਜੋਨ ਪੱਧਰ ਤੇ ਵਿਚਾਰਧਾਰਕ ਪਰਪੱਕਤਾ ਦੀਆਂ ਸਿਖਲਾਈ ਵਰਕਸ਼ਾਪਾਂ ਲਗਾਉਣ ਅਤੇ ਪੰਜਾਬ ਵਿੱਚ ਅੰਧ ਵਿਸ਼ਵਾਸ਼ ਰੋਕੂ ਕਾਨੂੰਨ ਬਣਾਉਣ ਲਈ ਜਨਤਕ ਲਾਮਬੰਦੀ ਕਰਕੇ ਜੱਥੇਬੰਦਕ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਗਿਆ ਜਿਸ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਅੰਧ ਵਿਸ਼ਵਾਸ਼ ਰੋਕੂ ਕਾਨੂੰਨ ਦਾ ਖਰੜਾ ਅਤੇ ਮੰਗ ਪੱਤਰ ਦਿੱਤਾ ਜਾਵੇਗਾ। ਇਸ ਮੌਕੇ ਜੋਨ ਆਗੂਆਂ ਸੰਦੀਪ ਧਾਰੀਵਾਲ ਭੋਜਾਂ ਅੰਮ੍ਰਿਤਸਰ,ਮਾਸਟਰ ਜਗਦੀਸ਼ ਰਾਏਪੁਰ ਡਿੱਬਾ ਨਵਾਂ ਸ਼ਹਿਰ , ਸੁਖਦੇਵ ਫਗਵਾੜਾ ਜਲੰਧਰ, ਅਜੀਤ ਪ੍ਰਦੇਸੀ ਚੰਡੀਗੜ੍ਹ , ਪ੍ਰਵੀਨ ਜੰਡਵਾਲਾ ਫਾਜ਼ਿਲਕਾ, ਅੰਮ੍ਰਿਤ ਰਿਸ਼ੀ ਮਾਨਸਾ, ਰਾਮ ਕੁਮਾਰ ਪਟਿਆਲਾ,ਮੈਡਮ ਕੁਲਵੰਤ ਕੌਰ ਪਟਿਆਲਾ ਵੱਲੋਂ ਸਮਾਜ ਵਿੱਚ ਵਿਗਿਆਨਕ ਚੇਤਨਾ ਦੀ ਲਹਿਰ ਨੂੰ ਹੋਰ ਵਿਆਪਕ ਬਣਾਉਣ ਲਈ ਤਰਕਸ਼ੀਲ ਮੈਗਜ਼ੀਨ ਦੇ ਪਾਠਕਾਂ ਦੀ ਗਿਣਤੀ ਵਧਾਉਣ ਅਤੇ ਤਰਕਸ਼ੀਲ਼ ਸਾਹਿਤ ਵੈਨ ਨੂੰ ਪੰਜਾਬ ਦੇ ਸਾਰੇ ਵਿਦਿਅਕ ਅਦਾਰਿਆਂ,ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿਚ ਨਿਰਧਾਰਤ ਰੂਟ ਅਨੁਸਾਰ ਪ੍ਰਦਰਸ਼ਿਤ ਕਰਨ ਦਾ ਪ੍ਰੋਗਰਾਮ ਵੀ ਉਲੀਕਿਆ ਗਿਆ। ਮੀਟਿੰਗ ਵਿੱਚ ਭਾਜਪਾ- ਸੰਘ ਵੱਲੋਂ ਸੰਵਿਧਾਨ ‘ਚੋਂ ਧਰਮ ਨਿਰਪੱਖਤਾ ਅਤੇ ਸਮਾਜਵਾਦ ਸ਼ਬਦ ਕੱਢਣ ਦੀ ਫਿਰਕੂ ਮੰਗ ਦਾ ਡਟਵਾਂ ਵਿਰੋਧ ਕੀਤਾ ਗਿਆ ਅਤੇ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਭਾਰਤ ਮਾਲਾ ਪ੍ਰੋਜੈਕਟ ਅਤੇ ਲੈਂਡ ਪੂਲਿੰਗ ਸਕੀਮ ਹੇਠ ਕਿਸਾਨਾਂ ਦੀਆਂ ਜ਼ਮੀਨਾਂ ਜਬਰੀ ਖੋਹਣ ਅਤੇ ਵਿਰੋਧ ਕਰਨ ਵਾਲੇ ਕਿਸਾਨਾਂ ਉਤੇ ਪੁਲਿਸ ਜਬਰ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਵੀ ਕੀਤੀ ਗਈ। ਇਸਦੇ ਇਲਾਵਾ ਟ੍ਰੇਡ ਯੂਨੀਅਨਾਂ ਵੱਲੋਂ 9 ਜੁਲਾਈ ਨੂੰ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਦੀ ਹਮਾਇਤ ਕਰਨ ਦਾ ਫੈਸਲਾ ਵੀ ਕੀਤਾ ਗਿਆ।
ਸੁਮੀਤ ਅੰਮ੍ਰਿਤਸਰ
(ਸੂਬਾਈ ਮੀਡੀਆ ਮੁਖੀ) ਤਰਕਸ਼ੀਲ ਸੁਸਾਇਟੀ ਪੰਜਾਬ
7696030173
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



