ਨਵੀਂ ਦਿੱਲੀ (ਸਮਾਜ ਵੀਕਲੀ): ਪੰਜਾਬ ਏਕਤਾ ਪਾਰਟੀ ਬਣਾਉਣ ਵਾਲੇ ਆਮ ਆਦਮੀ ਪਾਰਟੀ (ਆਪ) ਦੇ ਤਿੰਨ ਬਾਗ਼ੀ ਵਿਧਾਇਕਾਂ ਨੇ ਅੱਜ ਇੱਥੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੀ ਪਾਰਟੀ ਨੂੰ ਕਾਂਗਰਸ ’ਚ ਮਿਲਾਉਣ ਦਾ ਐਲਾਨ ਕੀਤਾ। ਇਨ੍ਹਾਂ ਵਿੱਚ ਵਿਰੋਧੀ ਧਿਰ ਦੇ ਸਾਬਕਾ ਆਗੂ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ, ਵਿਧਾਇਕ ਜਗਦੇਵ ਸਿੰਘ ਅਤੇ ਵਿਧਾਇਕ ਪਿਰਮਲ ਸਿੰਘ ਸ਼ਾਮਲ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੀ 3 ਜੂਨ ਨੂੰ ਨਵੀਂ ਦਿੱਲੀ ’ਚ ਪਾਰਟੀ ਹਾਈ ਕਮਾਨ ਨਾਲ ਮੁਲਾਕਾਤ ਤੋਂ ਪਹਿਲਾਂ ‘ਆਪ’ ਦੇ ਤਿੰਨ ਬਾਗ਼ੀ ਵਿਧਾਇਕਾਂ ਸੁਖਪਾਲ ਖਹਿਰਾ, ਪਿਰਮਲ ਸਿੰਘ ਤੇ ਜਗਦੇਵ ਸਿੰਘ ਕਮਾਲੂ ਨੂੰ ਪਾਰਟੀ ’ਚ ਸ਼ਾਮਲ ਕੀਤਾ ਸੀ।
ਸ੍ਰੀ ਖਹਿਰਾ ਨੇ ਦੱਸਿਆ, ‘ਮੈਂ ਸ੍ਰੀ ਰਾਹੁਲ ਗਾਂਧੀ ਨੂੰ ‘ਆਪ’ ਦੇ ਕੌਮੀ ਕਨਵੀਨਰ ਕੇਜਰੀਵਾਲ ਦੀ ਕਹਿਣੀ ਤੇ ਕਥਨੀ ਵਿਚਲਾ ਫ਼ਰਕ ਦੱਸਿਆ ਕਿ ਉਹ ਤਾਂ ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦਾ ਨੇਤਾ ਬਣਾਉਣ ਲਈ ਵੀ ਤਿਆਰ ਨਹੀਂ ਸਨ ਜਦਕਿ ਉਸ ਸਮੇਂ ‘ਆਪ’ ਦੇ 16 ਵਿਧਾਇਕ ਉਨ੍ਹਾਂ ਦੇ ਹੱਕ ਵਿੱਚ ਭੁਗਤ ਰਹੇ ਸਨ।’ ਵਿਧਾਇਕ ਖਹਿਰਾ ਨੇ ਦੱਸਿਆ ਕਿ ਤਿੰਨਾਂ ਵਿਧਾਇਕਾਂ ਨੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਜਦਕਿ ਸ੍ਰੀ ਗਾਂਧੀ ਨੇ ਕਿਹਾ ਕਿ ਦੋਵੇਂ ਵਿਧਾਇਕ ਸਾਊ ਸੁਭਾਅ ਦੇ ਹਨ। ਦੱਸਣਯੋਗ ਹੈ ਕਿ ਕੈਪਟਨ ਨੇ ਇਨ੍ਹਾਂ ਵਿਧਾਇਕਾਂ ਨੂੰ ਉਸ ਸਮੇਂ ਕਾਂਗਰਸ ਵਿੱਚ ਲਿਆਂਦਾ ਸੀ ਜਦੋਂ ਨਵਜੋਤ ਸਿੱਧੂ ਵੱਲੋਂ ਬੇਅਦਬੀ ਕਾਂਡ ਤੇ ਹੋਰ ਮੁੱਦਿਆਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਖ਼ਿਲਾਫ਼ ਬਿਆਨਬਾਜ਼ੀ ਕੀਤੀ ਜਾ ਰਹੀ ਸੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly