ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਸਾਰੇ ਮਾਲ ਅਧਿਕਾਰੀਆਂ ਦੀ ਮਹੀਨਾਵਾਰ ਮੀਟਿੰਗ ਆਯੋਜਿਤ ਕੀਤੀ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਹਦਾਇਤਾਂ ਦਿੰਦਿਆਂ ਕਿਹਾ ਕਿ ਰਿਕਵਰੀ ਸਬੰਧੀ ਮਾਮਲਿਆਂ ਵਿੱਚ ਗੰਭੀਰਤਾ ਵਿਖਾਈ ਜਾਵੇ ਅਤੇ ਡਿਫਾਲਟਰਾਂ ਦੀ ਸੂਚੀ ਬਣਾ ਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਜਾਵੇ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ “ਈਜ਼ੀ ਰਜਿਸਟ੍ਰੇਸ਼ਨ” ਦੀਆਂ ਤਿਆਰੀਆਂ ਦੀ ਸਮੀਖਿਆ ਕਰਦਿਆਂ ਦੱਸਿਆ ਕਿ ਇਸ ਪੋਰਟਲ ਰਾਹੀਂ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਹੋਰ ਵੀ ਪਾਰਦਰਸ਼ੀ ਅਤੇ ਸੁਵਿਧਾਜਨਕ ਬਣਾਇਆ ਜਾ ਰਿਹਾ ਹੈ। ਉਨ੍ਹਾਂ ਨੇ “ਮੇਰਾ ਘਰ ਮੇਰੇ ਨਾਮ” ਯੋਜਨਾ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਖਸਰਾ-ਵਾਰ ਮੈਪਿੰਗ ਅਤੇ ਜਮਾਬੰਦੀ ਅਪਡੇਟ ਵਰਗੇ ਕੰਮਾਂ ਵਿੱਚ ਤੇਜ਼ੀ ਲਿਆਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਲੰਬਿਤ ਇੰਤਕਾਲ (ਮਿਉਟੇਸ਼ਨ) ਦੇ ਮਾਮਲਿਆਂ ਨੂੰ ਜਲਦੀ ਨਿਪਟਾਉਣ ਦੇ ਨਿਰਦੇਸ਼ ਦਿੱਤੇ ਅਤੇ ਖਾਸ ਤੌਰ ‘ਤੇ ਜਲ ਸੰਸਾਧਨ ਵਿਭਾਗ ਦੇ ਲੰਬਿਤ ਇੰਤਕਾਲ ਨੂੰ ਪਹਿਲ ਦੇ ਆਧਾਰ ‘ਤੇ ਨਿਪਟਾਉਣ ਲਈ ਕਿਹਾ। ਪੀ.ਐਲ.ਆਰ.ਐਸ. ਦੇ ਕੰਮਾਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਮੁਸਾਵੀ ਦੇ ਡਿਜੀਟਲੀਕਰਨ ਨੂੰ ਜਲਦੀ ਪੂਰਾ ਕਰਨ ‘ਤੇ ਜ਼ੋਰ ਦਿੱਤਾ। ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਅਧਿਕਾਰੀਆਂ ਨੂੰ ਪਾਰਦਰਸ਼ਿਤਾ, ਸਮਾਂਬੱਧ ਅਤੇ ਜਵਾਬਦੇਹੀ ਨਾਲ ਕੰਮ ਕਰਨ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਮਾਲ ਪ੍ਰਣਾਲੀ ਆਮ ਲੋਕਾਂ ਨਾਲ ਜੁੜੀ ਹੁੰਦੀ ਹੈ, ਇਸ ਲਈ ਇਸ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



