
ਫਿਲੌਰ/ਅੱਪਰਾ (ਸਮਾਜ ਵੀਕਲੀ) (ਦੀਪਾ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਵਲੋਂ 76ਵੇਂ ਗਣਤੰਤਰ ਦਿਵਸ ਦੇ ਮੌਕੇ ਤੇ ਨੈਸ਼ਨਲ ਲੇਬਰ ਆਰਗੇਨਾਈਜੇਸ਼ਨ (ਐੱਨ ਐੱਲ ਓ) ਦੇ ਸਹਿਯੋਗ ਨਾਲ ਵੱਖ ਵੱਖ ਥਾਵਾਂ ਤੇ ਕਾਨੂੰਨੀ ਜਾਗਰੂਕਤਾ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਦੌਰਾਨ ਅਥਾਰਟੀ ਦੇ ਪੈਰਾ ਲੀਗਲ ਵਲੰਟੀਅਰ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਟਾਸਕ ਫੋਰਸ ਦੇ ਮੈਂਬਰ ਸਟੇਟ ਬਲਦੇਵ ਭਾਰਤੀ (ਸਟੇਟ ਐਵਾਰਡੀ) ਨੇ ਦੱਸਿਆ ਕਿ ਭਾਰਤੀ ਸੰਵਿਧਾਨ ਦੇ ਅਨੁਛੇਦ-39 ਏ ਦੇ ਉਪਬੰਧ ਅਨੁਸਾਰ ਸਰਕਾਰਾਂ ਗਰੀਬ ਅਤੇ ਕਮਜ਼ੋਰ ਵਰਗ ਦੇ ਲੋਕਾਂ ਨੂੰ ਇਸ ਵਿਚਾਰ ਨਾਲ ਕਾਨੂੰਨੀ ਸਹਾਇਤਾ ਦੇਣਗੀਆਂ ਕਿ ਨਿਆਂ ਪ੍ਰਣਾਲੀ ਉਨ੍ਹਾਂ ਦੀ ਪਹੁੰਚ ਦੇ ਅੰਦਰ ਹੋਵੇ। ਇਸ ਲਈ ਅਥਾਰਟੀ ਵਲੋਂ ਸਮਾਜ ਦੇ ਗਰੀਬ ਅਤੇ ਕਮਜੋਰ ਵਰਗਾਂ ਦੇ ਲੋਕਾਂ ਦੇ ਕਾਨੂੰਨੀ ਹੱਕਾਂ ਦੀ ਰਾਖੀ ਲਈ ਉਹਨਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਟੋਲ ਫਰੀ ਨੰਬਰ-1968 ਜਾਰੀ ਕੀਤਾ ਗਿਆ ਹੈ। ਉਨ੍ਹਾਂ ਬੱਚਿਆਂ ਦੀ ਸੁਰੱਖਿਆ ਹਿੱਤ ‘ਪੋਕਸੋ ਐਕਟ-2012’ ਅਤੇ ‘ਜੂਵੇਨਾਈਲ ਜਸਟਿਸ ਐਕਟ-2015’ ਬਾਰੇ ਵੀ ਵਿਸਥਾਰਤ ਜਾਣਕਾਰੀ ਦਿੱਤੀ। ਬਲਦੇਵ ਭਾਰਤੀ ਨੇ ਦੱਸਿਆ ਕਿ ਬੱਚਿਆਂ ਦੇ ਸ਼ੋਸ਼ਣ ਵਿਰੁੱਧ ਚਾਈਲਡ ਹੈਲਪ-ਲਾਈਨ-1098, ਔਰਤਾਂ ਨਾਲ ਹੋ ਰਹੀਆਂ ਵਧੀਕੀਆਂ ਵਿਰੁੱਧ ਵੋਮੈਨ ਹੈਲਪ-ਲਾਈਨ-1091 ਅਤੇ ਪੁਲਿਸ ਸਹਾਇਤਾ ਲਈ ਪੁਲਸ ਹੈਲਪ-ਲਾਈਨ-112 ਤੇ ਕਾਲ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ ‘ਉਸਾਰੀ ਮਜ਼ਦੂਰ ਭਲਾਈ ਕਾਨੂੰਨ-1996’ ਅਤੇ ‘ਮਹਾਤਮਾ ਗਾਂਧੀ ਕੌਮੀ ਪੇਂਡੂ ਰੁਜ਼ਗਾਰ ਗ੍ਰੰਟੀ ਕਾਨੂੰਨ-2005’ ਤਹਿਤ ਗੈਰ ਸੰਗਠਿਤ ਖੇਤਰ ਦੇ ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਸਕੀਮਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਵੀ ਦਿੱਤੀ।