
ਲੈਸਟਰ (ਇੰਗਲੈਂਡ) (ਸਮਾਜ ਵੀਕਲੀ) (ਸੁਖਜਿੰਦਰ ਸਿੰਘ ਢੱਡੇ)– ਪੰਜਾਬ ਚ ਆਏ ਹੜਾਂ ਕਾਰਨ ਪ੍ਰਭਾਵਿਤ ਹੋਏ ਇਲਾਕਿਆਂ ਚ ਪੀੜਤ ਪਰਿਵਾਰਾਂ ਨੂੰ ਮਦਦ ਪਹੁੰਚਾਉਣ ਲਈ ਜਿੱਥੇ ਵੱਖ-ਵੱਖ ਸੰਸਥਾਵਾਂ ਸਿਆਸੀ ਤੇ ਗੈਰ ਸਿਆਸੀ ਜਥੇਬੰਦੀਆਂ ਵੱਲੋਂ ਹੜ ਪ੍ਰਭਾਵਿਤ ਇਲਾਕਿਆਂ ਚ ਰਾਸਣ, ਪੀਣ ਵਾਲਾ ਪਾਣੀ, ਦਵਾਈਆਂ ਅਤੇ ਡੰਗਰਾਂ ਦਾ ਚਾਰਾ ਪਹੁੰਚਾਉਣ ਦਾ ਸਲਾਘਾਯੋਗ ਉਪਰਾਲਾ ਕੀਤਾ ਜਾ ਰਿਹਾ ਹੈ ।ਉੱਥੇ ਅੰਮ੍ਰਿਤਸਰ ਜਿਲੇ ਦੇ ਡੀ .ਸੀ ਸਾਕਸ਼ੀ ਸਾਹਨੀ ਅਤੇ ਅੰਮ੍ਰਿਤਸਰ ਦਿਹਾਤੀ ਦੇ ਐਸ.ਐਸ.ਪੀ ਮਨਿੰਦਰ ਸਿੰਘ ਵੱਲੋਂ ਦਿਨ ਰਾਤ ਸਖਤ ਮਿਹਨਤ ਕਰਕੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਆਪਣੀ ਡਿਊਟੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਅੰਮ੍ਰਿਤਸਰ ਦੇ ਬਾਰਡਰ ਏਰੀਏ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਰਮਦਾਸ, ਅਜਨਾਲਾ,ਰਾਜਾਸਾਸੀ ਅਤੇ ਹੋਰਨਾਂ ਥਾਵਾਂ ਤੇ ਡੂੰਘੇ ਪਾਣੀ ਚ ਜਾ ਕੇ ਪੀੜਤ ਪਰਿਵਾਰਾਂ ਦੀ ਸਾਰ ਲਈ ਜਾ ਰਹੀ ਹੈ, ਅਤੇ ਉਹਨਾਂ ਨੂੰ ਸੁਰੱਖਿਅਤ ਥਾਵਾਂ ਤੇ ਪਹੁੰਚਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਦੇ ਇਸ ਉਪਰਾਲੇ ਦੀ ਵਿਦੇਸ਼ਾਂ ਚ ਵੱਸਦੇ ਪ੍ਰਵਾਸੀ ਪੰਜਾਬੀਆਂ ਵੱਲੋਂ ਪੁਰਜੋਰ ਸ਼ਲਾਘਾ ਕੀਤੀ ਜਾ ਰਹੀ ਹੈ।ਉਕਤ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਇਨਾਂ ਲੋਕ ਭਲਾਈ ਦੇ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਐਨ.ਆਰ.ਆਈ ਯੂਨੀਅਨ ਦੇ ਪ੍ਰਧਾਨ ਦੇਵ ਥਿੰਦ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਅਜਿਹੇ ਨੋਜੁਆਨ ਅਤੇ ਇਮਾਨਦਾਰ ਲੋਕ ਭਲਾਈ ਦੇ ਕਾਰਜ ਕਰਨ ਵਾਲਿਆਂ ਅਫਸਰਾਂ ਦੀ ਪੰਜਾਬ ਨੂੰ ਬੇਹੱਦ ਲੋੜ ਹੈ, ਜੋ ਬਿਨਾਂ ਆਪਣੀ ਜਾਨ ਦੀ ਪਰਵਾਹ ਕੀਤਿਆਂ ਡੂੰਘੇ ਪਾਣੀਆਂ ਚ ਜਾ ਕੇ ਪੀੜਤ ਪਰਿਵਾਰਾਂ ਦੀ ਮਦਦ ਕਰਨ ਲਈ ਪਹਿਲ ਕਦਮੀ ਕਰ ਰਹੇ ਹਨ, ਦੇਵ ਥਿੰਦ ਨੇ ਕਿਹਾ ਕਿ ਜੇਕਰ ਅਜਿਹੇ ਅਫਸਰਾਂ ਤੋਂ ਪੰਜਾਬ ਦੇ ਹੋਰ ਅਧਿਕਾਰੀ ਵੀ ਸੇਧ ਲੈਣ ਤਾਂ ਪੰਜਾਬ ਦਾ ਭਲਾ ਹੋ ਸਕਦਾ ਹੈ,ਅਤੇ ਪੰਜਾਬ ਮੁੜ ਸੋਨੇ ਦੀ ਚਿੜੀ ਬਣ ਸਕਦਾ ਹੈ ।ਦੇਵ ਥਿੰਦ ਨੇ ਡੀ.ਸੀ ਅੰਮ੍ਰਿਤਸਰ ਸਾਕਸ਼ੀ ਸਾਹਨੀ ਅਤੇ ਐਸ.ਐਸ.ਪੀ ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਦੀ ਸਲਾਘਾ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਨੂੰ ਉਕਤ ਦੋਵਾਂ ਅਫਸਰਾਂ ਨੂੰ ਵਿਸੇਸ਼ ਤੌਰ ਤੇ ਸਨਮਾਨਿਤ ਕਰਨਾ ਚਾਹੀਦਾ ਹੈ।



