ਨਵੀਂ ਦਿੱਲੀ (ਸਮਾਜ ਵੀਕਲੀ): ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਰੇਸ਼ ਟਿਕੈਤ ਨੇ ਸੋਸ਼ਲ ਮੀਡੀਆ ਉਪਰ ਕੁੱਝ ਖ਼ਬਰਾਂ ਦੀਆਂ ਕਤਰਨਾਂ ਸਾਂਝੀਆਂ ਕਰਦਿਆਂ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਹੱਲ ਕਰੇ ਨਹੀਂ ਤਾਂ ਨਤੀਜੇ ਭੁਗਤਣ ਲਈ ਤਿਆਰ ਰਹੇ। ਉਧਰ, ਬੀਕੇਯੂ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਇੱਕ ਟੀਵੀ ਨਾਲ ਗੱਲਬਾਤ ਦੌਰਾਨ ਕਿਹਾ ਕਿ ਲੱਗਦਾ ਹੈ, ਹੁਣ ਦੇਸ਼ ਵਿੱਚ ਯੁੱਧ ਹੋ ਸਕਦਾ ਹੈ। ਉਨ੍ਹਾਂ ਵੱਲੋਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਰੋਜ਼ ਚਿਤਾਵਨੀ ਦਿੱਤੀ ਜਾ ਰਹੀ ਹੈ ਕਿ ਉਹ ਕਿਸਾਨ ਅੰਦੋਲਨ ਨੂੰ ਹਲਕੇ ਵਿੱਚ ਨਾ ਲਵੇ। ਰਾਕੇਸ਼ ਟਿਕੈਤ ਪਹਿਲਾਂ ਪੰਜਾਬ ਤੇ ਉੱਤਰ ਪ੍ਰਦੇਸ਼ ਵਿੱਚ ਕਿਸਾਨਾਂ ਵੱਲੋਂ ਚੋਣਾਂ ਲੜਨ ਸਬੰਧੀ ਇਸ਼ਾਰਾ ਕਰ ਚੁੱਕੇ ਹਨ।
ਭਾਰਤੀ ਕਿਸਾਨ ਯੂਨੀਅਨ ਨੇ ਅੱਜ ਬਿਆਨ ਵਿੱਚ ਕਿਹਾ ਕਿ ਇੱਕ ਅਖ਼ਬਾਰ ਨੇ ਅੰਦੋਲਨ ਪ੍ਰਤੀ ਸ਼ੁਰੂ ਤੋਂ ਹੀ ਨਕਾਰਾਤਮਕ ਰਵੱਈਆ ਅਪਣਾਇਆ ਹੋਇਆ ਹੈ ਅਤੇ ਲਗਾਤਾਰ ਅੱਠ ਮਹੀਨਿਆਂ ਤੋਂ ਕਿਸਾਨੀ ਅੰਦੋਲਨ ਸਬੰਧੀ ਗੁਮਰਾਹਕੁਨ ਤੇ ਗ਼ਲਤ ਖ਼ਬਰਾਂ ਪ੍ਰਕਾਸ਼ਤ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਦੇ ਚੋਣਾਂ ਵਿੱਚ ਹਿੱਸਾ ਲੈਣ ਸਬੰਧੀ ਖ਼ਬਰਾਂ ਮਨਘੜਤ ਹਨ। ਉਨ੍ਹਾਂ ਕਿਹਾ ਕਿ ਕੌਮੀ ਪ੍ਰਧਾਨ ਨਰੇਸ਼ ਟਿਕੈਤ ਵੱਲੋਂ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਗਿਆ। ਭਾਰਤੀ ਕਿਸਾਨ ਯੂਨੀਅਨ ਨੇ ਕਿਸਾਨਾਂ ਨੂੰ ਭਰਮਾਉਣ ਅਤੇ ਗ਼ਲਤ ਖ਼ਬਰਾਂ ਪ੍ਰਕਾਸ਼ਿਤ ਕਰਨ ਵਾਲੇ ਅਖ਼ਬਾਰਾਂ ਦੇ ਬਾਈਕਾਟ ਦੀ ਅਪੀਲ ਕੀਤੀ।
ਇਸ ਤੋਂ ਪਹਿਲਾਂ ਨਰੇਸ਼ ਨੇ ਸ਼ਨਿੱਚਵਾਰ ਨੂੰ ਸਿਸੌਲੀ ਵਿੱਚ ਕਿਸਾਨਾਂ ਦੀ ਪੰਚਾਇਤ ਨੂੰ ਸੰਬੋਧਨ ਕਰਦਿਆਂ ਕਿਹਾ ਸੀ, ‘‘ਸਾਰੀਆਂ ਰਾਜਨੀਤਕ ਪਾਰਟੀਆਂ ਇੱਕੋ ਥਾਲੀ ਦੇ ਚੱਟੇ ਬੱਟੇ ਹਨ। ਇਸ ਤੋਂ ਪਹਿਲਾਂ ਕਾਂਗਰਸ ਦਾ ਵੀ ਇਹ ਖੇਤੀ ਸੁਧਾਰ ਕਾਨੂੰਨ ਲਿਆਉਣ ਦਾ ਇਰਾਦਾ ਸੀ।’’ ਨਰੇਸ਼ ਟਿਕੈਤ ਨੇ ਕਿਹਾ ਕਿ ਕਿਸਾਨ ਅੱਠ ਮਹੀਨਿਆਂ ਤੋਂ ਸੜਕਾਂ ’ਤੇ ਹਨ, ਪਰ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਸੁਣ ਨਹੀਂ ਰਹੀ। ਅਜਿਹੀ ਹੰਕਾਰੀ ਸਰਕਾਰ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਸਬਕ ਸਿਖਾਉਣਾ ਹੋਵੇਗਾ। ਉੱਤਰ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਨੂੰ ਸੱਤਾ ਤੋਂ ਲਾਹੁਣਾ ਹੋਵੇਗਾ।
ਉਨ੍ਹਾਂ ਕਿਹਾ, ‘‘ਸਾਨੂੰ ਅਜਿਹੇ ਸੰਸਦ ਮੈਂਬਰ ਤੇ ਵਿਧਾਇਕ ਚੁਣਨੇ ਪੈਣਗੇ ਜੋ ਪਾਰਟੀ ਦੀ ਥਾਂ ਕਿਸਾਨਾਂ ਨਾਲ ਖੜ੍ਹੇ ਹੋਣ। ਭਾਰਤੀ ਕਿਸਾਨ ਯੂਨੀਅਨ ਦਾ ਚੋਣ ਲੜਨ ਦਾ ਕੋਈ ਇਰਾਦਾ ਨਹੀਂ ਹੈ।’’ ‘ਉੱਤਰ ਪ੍ਰਦੇਸ਼ ਮਿਸ਼ਨ’ ਦੇ ਸਬੰਧ ਵਿੱਚ ਚੌਧਰੀ ਨਰੇਸ਼ ਟਿਕੈਤ ਨੇ ਕਿਹਾ ਸੀ ਕਿ 5 ਸਤੰਬਰ ਨੂੰ ਮੁਜ਼ੱਫਰਨਗਰ ਵਿੱਚ ਸੰਯੁਕਤ ਕਿਸਾਨ ਮੋਰਚਾ ਦੀ ਮਹਾਂਪੰਚਾਇਤ ਹੋਵੇਗੀ। ਇਸ ਮਗਰੋਂ ਅਗਲੀ ਰਣਨੀਤੀ ਐਲਾਨੀ ਜਾਵੇਗੀ। ਬੀਕੇਯੂ ਪ੍ਰਧਾਨ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਪੂਰੀ ਤਰ੍ਹਾਂ ਗੈਰ-ਸਿਆਸੀ ਜਥੇਬੰਦੀ ਹੈ। ਉਹ ਕਿਸੇ ਦੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਨਹੀਂ ਕਰਦੀ, ਪਰ ਚੋਣਾਂ ਦੌਰਾਨ ਸਰਕਾਰ ਨੂੰ ਸਬਕ ਸਿਖਾਉਣ ਵਿਚ ਕੋਈ ਕਸਰ ਨਹੀਂ ਛੱਡੇਗੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly