ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਰਨਗੀਆਂ ਜਾਗਰੂਕ
ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੀ ਰਹਿਨੁਮਾਈ ਹੇਠ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਦੀ ਮੁਹਿੰਮ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਕਾਫ਼ੀ ਤੇਜ਼ੀ ਨਾਲ ਚੱਲ ਰਹੀ ਹੈ। ਇਸ ਮੁਹਿੰਮ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਜੀਵ ਵਰਮਾ ਵੱਲੋਂ ਅੱਜ ਜਿਲ੍ਹੇ ਦੇ ਵੱਖ-ਵੱਖ ਪਿੰਡਾਂ ਲਈ ਜਾਗਰੂਕਤਾ ਵੈਨਾ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਵੈਨਾਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਦਾ ਸੰਦੇਸ਼ ਦੇਣਗੀਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿਥੇ ਵਾਤਾਵਰਨ ਦੂਸ਼ਿਤ ਹੁੰਦਾ ਹੈ ਉਥੇ ਜ਼ਮੀਨਾਂ ਦੇ ਬੰਜਰ ਹੋਣ ਦਾ ਵੀ ਖਦਸ਼ਾ ਹੈ। ਇਸ ਨਾਲ ਆਉਣ ਵਾਲੀਆਂ ਪੀੜ੍ਹੀਆਂ ਦਾ ਬਹੁਤ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਵੱਲੋਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਵੇ ਅਤੇ ਮਸ਼ੀਨਰੀ ਦੀ ਸਹੀ ਵਰਤੋਂ ਕਰਕੇ ਇਸ ਦੀ ਸਾਂਭ ਸੰਭਾਲ ਕਰੇ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਰਜਿੰਦਰ ਕੁਮਾਰ ਕੰਬੋਜ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹੇ ਵਿਚ ਤਕਰੀਬਨ 2400 ਤੋਂ ਵੱਧ ਮਸ਼ੀਨਾਂ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਲਈ ਉਪਲਬੱਧ ਹਨ ਅਤੇ ਚਾਲੂ ਸਾਲ ਦੌਰਾਨ ਵੀ ਮਸ਼ੀਨਾਂ ਸਬਸੀਡੀ ,’ਤੇ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਅਪੀਲ ਕੀਤੀ ਕਿ ਜਿਹੜੇ ਕਿਸਾਨ ਮਸ਼ੀਨਰੀ ਦੇ ਮਾਲਕ ਹਨ, ਉਹ ਆਪਣੀ ਮਸ਼ੀਨਰੀ ਦਾ ਪੂਰਾ ਇਸਤੇਮਾਲ ਕਰਨ ਅਤੇ ਜਿਨ੍ਹਾਂ ਕਿਸਾਨਾਂ ਕੋਲ ਮਸ਼ੀਨ ਨਹੀਂ ਹੈ ਉਹ ਆਪਣੇ ਪਿੰਡ ਦੀ ਸਹਿਕਾਰੀ ਸਭਾ ਜਾਂ ਬਲਾਕ ਖੇਤੀਬਾੜੀ ਅਫ਼ਸਰ ਨਾਲ ਸੰਪਰਕ ਕਰਨ। ਇਸ ਮੌਕੇ ਸਹਾਇਕ ਖੇਤੀਬਾੜੀ ਇੰਜੀਨੀਅਰ ਚੰਦਨ ਸ਼ਰਮਾ, ਡਿਪਟੀ ਪ੍ਰੋਜੈਕਟ ਡਾਇਰੈਕਟਰ ਆਤਮਾ ਡਾ. ਪਰਮਵੀਰ ਕੌਰ, ਖੇਤੀਬਾੜੀ ਉਪ ਨਿਰੀਖਕ ਸਰਬਜੀਤ ਸਿੰਘ, ਵਰਿੰਦਰ ਕੁਮਾਰ, ਇੰਦਰਜੀਤ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly