ਦਿਹਾਤੀ ਵਿਕਾਸ ਫੰਡ ਹੁਣ ਬੁਨਿਆਦੀ ਢਾਂਚੇ ਤੇ ਖਰੀਦ ਕੇਂਦਰਾਂ ’ਤੇ ਹੀ ਖਰਚੇ ਜਾ ਸਕਣਗੇ

ਚੰਡੀਗੜ੍ਹ (ਸਮਾਜ ਵੀਕਲੀ):  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਅੱਜ ਪੰਜਾਬ ਦਿਹਾਤੀ ਵਿਕਾਸ (ਸੋਧ) ਆਰਡੀਨੈਂਸ-2022 ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਆਰਡੀਨੈਂਸ ਮਗਰੋਂ ਹੁਣ ਕੇਂਦਰ ਤੋਂ ਮਿਲਣ ਵਾਲੇ ਦਿਹਾਤੀ ਵਿਕਾਸ ਫੰਡ (ਆਰਡੀਐੱਫ) ਨੂੰ ਦਿਹਾਤੀ ਮੰਡੀਆਂ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਕਿਸਾਨਾਂ ਨੂੰ ਕਾਰਗਰ ਖਰੀਦ ਪ੍ਰਣਾਲੀ ਮੁਹੱਈਆ ਕਰਵਾਉਣ ਲਈ ਹੀ ਖਰਚ ਕੀਤਾ ਜਾ ਸਕੇਗਾ। ਇਸ ਦੇ ਨਾਲ ਹੀ ਪੰਜਾਬ ਕੈਬਨਿਟ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ 145 ਅਸਾਮੀਆਂ ਭਰਨ ਅਤੇ ਗਰਾਮ ਪੰਚਾਇਤਾਂ ਨੂੰ ਰਾਸ਼ਟਰੀ ਬਰਾਡਬੈਂਡ ਨੈੱਟਵਰਕ ਨਾਲ ਜੋੜਨ ਦੀ ਪ੍ਰਵਾਨਗੀ ਵੀ ਦੇ ਦਿੱਤੀ ਹੈ।

ਦੱਸਣਾ ਬਣਦਾ ਹੈ ਕਿ ਕੇਂਦਰ ਸਰਕਾਰ ਨੇ ਪਿਛਲੇ ਦਿਨੀਂ ਦਿਹਾਤੀ ਵਿਕਾਸ ਫੰਡ (ਆਰਡੀਐੱਫ) ਵਿੱਚ ਪੰਜਾਬ ਦੇ ਹਿੱਸੇ ਦੀ 1100 ਕਰੋੜ ਰੁਪਏ ਤੋਂ ਵੱਧ ਦੀ ਰਕਮ ’ਤੇ ਰੋਕ ਲਗਾ ਦਿੱਤੀ ਸੀ। ਕੇਂਦਰ ਦਾ ਕਹਿਣਾ ਸੀ ਕਿ ਆਰਡੀਐੱਫ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ, ਜਦੋਂ ਕਿ ਇਨ੍ਹਾਂ ਫੰਡਾਂ ਦੀ ਵਰਤੋਂ ਸਿਰਫ਼ ਦਿਹਾਤੀ ਮੰਡੀਆਂ ਅਤੇ ਖਰੀਦ ਕੇਂਦਰਾਂ ’ਤੇ ਕੀਤੀ ਜਾਣੀ ਚਾਹੀਦੀ ਹੈ। ਇਸ ਤੋਂ ਪਹਿਲਾਂ ਦੀਆਂ ਸਰਕਾਰਾਂ ਆਰਡੀਐੱਫ ਦੀ ਵਰਤੋਂ ਕਿਸਾਨਾਂ ਅਤੇ ਮਜ਼ਦੂਰਾਂ ਦੀ ਕਰਜ਼ ਮੁਆਫੀ ਸਣੇ ਹੋਰਨਾਂ ਕੰਮਾਂ ’ਤੇ ਕਰਦੀਆਂ ਆ ਰਹੀਆਂ ਸਨ। ਇਸੇ ਲਈ ਪੰਜਾਬ ਦੀ ‘ਆਪ’ ਸਰਕਾਰ ਨੇ ਕੇਂਦਰ ਸਰਕਾਰ ਦੀ ਸ਼ਰਤ ਮੰਨਦੇ ਹੋਏ ਪੰਜਾਬ ਦਿਹਾਤੀ ਵਿਕਾਸ (ਸੋਧ) ਆਰਡੀਨੈਂਸ-2022 ਨੂੰ ਪ੍ਰਵਾਨਗੀ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਆਰਡੀਐੱਫ ਨੂੰ ਮੰਡੀਆਂ/ਖਰੀਦ ਕੇਂਦਰਾਂ ਤੱਕ ਪਹੁੰਚ ਸੜਕਾਂ ਦਾ ਨਿਰਮਾਣ ਜਾਂ ਮੁਰੰਮਤ ਅਤੇ ਸਟਰੀਟ ਲਾਈਟਾਂ ਲਾਉਣ ’ਤੇ ਖਰਚਿਆ ਜਾਵੇਗਾ, ਜਿਸ ਨਾਲ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦੀ ਢੋਆ-ਢੁਆਈ ਦੇ ਯੋਗ ਬਣਾਇਆ ਜਾ ਸਕੇਗਾ। ਇਸ ਤੋਂ ਇਲਾਵਾ ਨਵੀਆਂ ਮੰਡੀਆਂ/ਖਰੀਦ ਕੇਂਦਰਾਂ ਦਾ ਨਿਰਮਾਣ/ਵਿਕਾਸ ਅਤੇ ਪੁਰਾਣੀਆਂ ਮੰਡੀਆਂ/ਕੱਚੇ ਫੜ੍ਹਾਂ/ਖਰੀਦ ਕੇਂਦਰਾਂ ਦਾ ਵਿਕਾਸ, ਪੀਣ ਵਾਲੇ ਪਾਣੀ ਦੀ ਸਪਲਾਈ ਦੀ ਵਿਵਸਥਾ ਅਤੇ ਮੰਡੀਆਂ/ਖਰੀਦ ਕੇਂਦਰਾਂ ਵਿੱਚ ਸਾਫ-ਸਫਾਈ ਵਿੱਚ ਸੁਧਾਰ ਕਰਨਾ, ਖਰੀਦ ਕਾਰਜਾਂ ਨਾਲ ਜੁੜੇ ਕਿਸਾਨਾਂ ਅਤੇ ਮਜ਼ਦੂਰਾਂ ਲਈ ਚੰਗੀਆਂ ਸਹੂਲਤਾਂ ਵਾਲੇ ਰੈਸਟ ਹਾਊਸ/ਰੈਣ ਬਸੇਰੇ/ਸ਼ੈੱਡ ਬਣਾਉਣ ’ਤੇ ਵੀ ਖਰਚ ਕੀਤਾ ਜਾਵੇਗਾ।

ਆਰਡੀਐੱਫ ਦੀ ਵਰਤੋਂ ਫ਼ਸਲਾਂ ਦੇ ਸਟਾਕ ਨੂੰ ਭੰਡਾਰ ਕਰਨ ਲਈ ਮੰਡੀਆਂ ਵਿੱਚ ਸਟੋਰੇਜ ਸਹੂਲਤਾਂ ਵਧਾਉਣ ਲਈ ਕੀਤੀ ਜਾਵੇਗੀ ਤਾਂ ਜੋ ਸੂਬੇ ਵਿੱਚ ਖਰੀਦ ਅਤੇ ਮੰਡੀਕਰਨ ਪ੍ਰਣਾਲੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਆਰਡੀਐੱਫ ਦਾ ਮੁੱਖ ਮੰਤਵ ਕਰਜ਼ੇ ਦੇ ਬੋਝ ਹੇਠ ਦੱਬੇ ਸੂਬੇ ਦੇ ਕਿਸਾਨਾਂ ਨੂੰ ਰਾਹਤ ਪ੍ਰਦਾਨ ਕਰਨਾ ਹੈ ਤਾਂ ਜੋ ਦਬਾਅ ਹੇਠ ਵਿਕਰੀ ਦੀ ਕਿਸੇ ਵੀ ਸੰਭਾਵਨਾ ਨੂੰ ਖਤਮ ਕੀਤਾ ਜਾ ਸਕੇ। ਇਸੇ ਤਰ੍ਹਾਂ ਕੰਪਿਊਟਰਾਈਜ਼ਡ ਇਲੈਕਟ੍ਰਾਨਿਕ ਕੰਡਾ, ਤੋਲ ਨਾਲ ਸਬੰਧਤ ਸਹੂਲਤਾਂ, ਗੁਣਵੱਤਾ ਜਾਂਚ ਉਪਕਰਨ, ਮੰਡੀ/ਖਰੀਦ ਕੇਂਦਰਾਂ ਵਿਚ ਸੁਵਿਧਾਵਾਂ ਨੂੰ ਘੋਖਣਾ ਅਤੇ ਇਸ ਦਾ ਈ-ਖਰੀਦ ਵਿਧੀ ਨਾਲ ਏਕੀਕਰਨ ਤੋਂ ਇਲਾਵਾ ਸਫਾਈ, ਛਾਂਟੀ, ਸੁਕਾਉਣ, ਅਨਾਜ ਦੀ ਗੁਣਵੱਤਾ ਦਾ ਅਧਿਐਨ, ਛੋਟੇ ਸ਼ਿਪਿੰਗ ਸਾਇਲੋਜ਼, ਬਾਰਦਾਨਾ ਅਤੇ ਸਿਲਾਈ ਦੀਆਂ ਸਹੂਲਤਾਂ ਸਮੇਤ ਮੰਡੀਆਂ ਨੂੰ ਸਵੈ-ਚਾਲਿਤ ਅਤੇ ਮਸ਼ੀਨੀਕਰਨ ਨਾਲ ਲੈਸ ਕੀਤਾ ਜਾ ਸਕੇਗਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ’ਚ ਵੱਖ-ਵੱਖ ਸ਼੍ਰੇਣੀਆਂ ਦੀਆਂ 145 ਅਸਾਮੀਆਂ ਭਰਨ ਦੀ ਪ੍ਰਵਾਨਗੀ ਵੀ ਦਿੱਤੀ ਹੈ। ਹੁਣ 25 ਉਪ ਮੰਡਲ ਇੰਜਨੀਅਰ, 70 ਜੂਨੀਅਰ ਇੰਜਨੀਅਰ, 30 ਜੂਨੀਅਰ ਡਰਾਫਟਸਮੈਨ ਅਤੇ 20 ਸਟੈਨੋ ਟਾਈਪਿਸਟ ਦੀਆਂ ਅਸਾਮੀਆਂ ਭਰੀਆਂ ਜਾਣਗੀਆਂ। ਇਨ੍ਹਾਂ ਅਸਾਮੀਆਂ ਲਈ ਭਰਤੀ ਇੱਕ ਸਾਲ ਦੇ ਅੰਦਰ ਪੰਜਾਬ ਲੋਕ ਸੇਵਾ ਕਮਿਸ਼ਨ ਅਤੇ ਪੰਜਾਬ ਅਧੀਨ ਚੋਣ ਸੇਵਾਵਾਂ ਬੋਰਡ ਵੱਲੋਂ ਸਿੱਧੀ ਭਰਤੀ ਰਾਹੀਂ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਸਾਲ 2021 ਵਿੱਚ ਸੈਨੀਟੇਸ਼ਨ ਵਿਭਾਗ ਵਿੱਚ ਉਪਰੋਕਤ ਸ਼੍ਰੇਣੀਆਂ ਦੀਆਂ 88 ਅਸਾਮੀਆਂ ਭਰਨ ਦੀ ਪ੍ਰਵਾਨਗੀ ਦਿੱਤੀ ਗਈ ਸੀ। ਇਨ੍ਹਾਂ ਤੋਂ ਇਲਾਵਾ ਅੱਜ ਮੰਤਰੀ ਮੰਡਲ ਨੇ 57 ਹੋਰ ਅਸਾਮੀਆਂ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਗਰਾਮ ਪੰਚਾਇਤਾਂ ਨੂੰ ਕੌਮੀ ਬਰਾਡਬੈਂਡ ਨੈੱਟਵਰਕ ਨਾਲ ਜੋੜਨ ਦਾ ਫੈਸਲਾ

ਮੰਤਰੀ ਮੰਡਲ ਨੇ ਭਾਰਤਨੈੱਟ ਸਕੀਮ ਤਹਿਤ ਸਾਰੀਆਂ ਗ੍ਰਾਮ ਪੰਚਾਇਤਾਂ ਨੂੰ ਰਾਸ਼ਟਰੀ ਬਰਾਡਬੈਂਡ ਨੈੱਟਵਰਕ ਨਾਲ ਜੋੜਨ ਲਈ ਮਨਜ਼ੂਰੀ ਦਿੱਤੀ ਹੈ। ਇਸ ਨਾਲ ਸੂਬੇ ਵਿੱਚ ਮਿਆਰੀ ਨੈੱਟਵਰਕ ਬੁਨਿਆਦੀ ਢਾਂਚਾ ਸਥਾਪਤ ਕਰਕੇ ਪੇਂਡੂ ਖੇਤਰਾਂ ਵਿੱਚ ਈ-ਗਵਰਨੈਂਸ, ਈ-ਸਿਹਤ, ਈ-ਸਿੱਖਿਆ, ਈ-ਬੈਂਕਿੰਗ, ਇੰਟਰਨੈੱਟ ਅਤੇ ਹੋਰ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣਗੀਆਂ। ਇਹ ਸਾਰੇ ਘਰਾਂ ਅਤੇ ਸੰਸਥਾਵਾਂ ਲਈ ਆਨ-ਡਿਮਾਂਡ ਕਿਫਾਇਤੀ ਬਰਾਡਬੈਂਡ ਕੁਨੈਕਟੀਵਿਟੀ ਦੀ ਵਿਵਸਥਾ ਨੂੰ ਸਮਰੱਥ ਕਰੇਗਾ ਅਤੇ ਭਾਰਤ ਸਰਕਾਰ ਨਾਲ ਭਾਈਵਾਲੀ ਤਹਿਤ ਡਿਜੀਟਲ ਪੰਜਾਬ ਦੇ ਵਿਜ਼ਨ ਨੂੰ ਸਾਕਾਰ ਕਰਨ ਵਿੱਚ ਮਦਦ ਕਰੇਗਾ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੰਜਾਬ ’ਚ ਕਣਕ ਦੀ ਖਰੀਦ ਮੁੜ ਸ਼ੁਰੂ
Next articleਤੋਹਫ਼ੇ ਿਵੱਚ ਮਿਲੇ ਹਾਰ ਦੀ ਵਿਕਰੀ ਦੇ ਮਾਮਲੇ ’ਚ ਇਮਰਾਨ ਖ਼ਿਲਾਫ਼ ਜਾਂਚ ਸ਼ੁਰੂ