ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜ ਮੈਂਬਰੀ ਕਮੇਟੀ ਕਾਇਮ

ਨਵੀਂ ਦਿੱਲੀ (ਸਮਾਜ ਵੀਕਲੀ) : ਸਾਂਝੇ ਕਿਸਾਨ ਮੋਰਚੇ ਨੇ ਸਰਕਾਰ ਨਾਲ ਐੱਮਐੱਸਪੀ ਤੇ ਹੋਰ ਮੰਗਾਂ ਮਨਵਾਉਣ ਲਈ ਗੱਲਬਾਤ ਕਰਨ ਵਾਸਤੇ ਪੰਜ ਮੈਂਬਰੀ ਕਮੇਟੀ ਕਾਇਮ ਕੀਤੀ ਹੈ। ਮੋਰਚੇ  ਦੀ ਅੱਜ ਇੱਥੇ ਹੋਈ  ਮੀਟਿੰਗ ’ਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਜਦੋਂ ਤੱਕ ਭਾਰਤ ਸਰਕਾਰ ਤੋਂ ਰਸਮੀ ਅਤੇ ਤਸੱਲੀਬਖਸ਼ ਜਵਾਬ ਨਹੀਂ ਮਿਲਦਾ ਉਦੋਂ ਤੱਕ ਕਿਸਾਨ ਅੰਦੋਲਨ ਇਸੇ ਤਰ੍ਹਾਂ ਜਾਰੀ ਰਹੇਗਾ।  ਮੋਰਚਾ ਦੀ ਅਗਲੀ ਮੀਟਿੰਗ ਹੁਣ 7 ਦਸੰਬਰ ਨੂੰ ਤੈਅ ਕੀਤੀ ਗਈ ਹੈ। ਸੰਯੁਕਤ ਕਿਸਾਨ ਮੋਰਚਾ ਨੇ ਅੱਜ ਕੇਂਦਰ ਸਰਕਾਰ ਨੂੰ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 702 ਕਿਸਾਨਾਂ ਦੀ ਸੂਚੀ ਵੀ ਭੇਜ ਦਿੱਤੀ ਹੈ।

ਕਿਸਾਨ ਆਗੂ ਆਸ਼ੋਕ ਧਾਵਲੇ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਅੱਜ ਦੀ ਮੀਟਿੰਗ ’ਚ ਸੰਯੁਕਤ ਕਿਸਾਨ ਮੋਰਚਾ ਨੇ ਰਹਿੰਦੇ ਮਸਲਿਆਂ ਦੇ ਹੱਲ ਲਈ ਭਾਰਤ ਸਰਕਾਰ ਨਾਲ ਗੱਲਬਾਤ ਲਈ ਬਲਬੀਰ ਸਿੰਘ ਰਾਜੇਵਾਲ, ਗੁਰਨਾਮ ਸਿੰਘ ਚੜੂਨੀ, ਅਸ਼ੋਕ ਧਾਵਲੇ, ਸ਼ਿਵ ਕੁਮਾਰ ਕੱਕਾਜੀ ਤੇ ਯੁੱਧਵੀਰ ਸਿੰਘ ’ਤੇ ਆਧਾਰਿਤ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਰਾਜ ਪੱਧਰੀ ਟੀਮਾਂ ਬਾਰੇ ਵੀ ਫ਼ੈਸਲਾ ਕਰੇਗੀ ਜਿਨ੍ਹਾਂ ਨੂੰ ਉਪਰੋਕਤ ਕੁਝ ਮੁੱਦਿਆਂ ’ਤੇ ਕੁਝ ਰਾਜ ਸਰਕਾਰਾਂ ਨਾਲ ਮਿਲ ਕੇ ਕੰਮ ਕਰਨਾ ਪੈ ਸਕਦਾ ਹੈ। ਸੰਯੁਕਤ ਕਿਸਾਨ ਮੋਰਚਾ ਨੇ ਭਾਰਤ ਸਰਕਾਰ ਨੂੰ ਜਵਾਬ ਦੇਣ ਲਈ ਅਗਲੇ ਦੋ ਦਿਨ ਰੱਖੇ ਗਏ ਹਨ ਤੇ ਇਸ ਅੰਦੋਲਨ ਨੂੰ ਇਸ ਦੇ ਤਰਕਪੂਰਨ ਸਿੱਟੇ ਤੱਕ ਪਹੁੰਚਾਉਣ ਲਈ 5 ਮੈਂਬਰੀ ਕਮੇਟੀ ਨਾਲ ਕੰਮ ਕਰਨਗੇ।

ਮੀਟਿੰਗ ਮਗਰੋਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਕਿਸਾਨਾਂ ਦੀਆਂ ਛੇ ਬਕਾਇਆ ਮੰਗਾਂ ’ਚ ਐੱਮਐੱਸਪੀ ਪ੍ਰਾਪਤ ਕਰਨ ਲਈ ਕਾਨੂੰਨੀ ਅਧਿਕਾਰ, ਬਿਜਲੀ ਸੋਧ ਬਿੱਲ 2020/2021 ਨੂੰ ਵਾਪਸ ਲੈਣਾ, ਦਿੱਲੀ ਏਅਰ ਕੁਆਲਿਟੀ ਰੈਗੂਲੇਸ਼ਨ ਲਈ ਕਮਿਸ਼ਨ ਦੀ ਸਥਾਪਨਾ ਨਾਲ ਸਬੰਧਤ ਕਾਨੂੰਨ ਵਿੱਚ ਧਾਰਾ 15 ਨੂੰ ਹਟਾਉਣਾ ਤੇ ਚੱਲ ਰਹੇ ਸੰਘਰਸ਼ ਦੇ ਹਿੱਸੇ ਵਜੋਂ ਉੱਠੇ 3 ਮੁੱਦੇ ਸ਼ਾਮਲ ਹਨ। ਸ੍ਰੀ ਉਗਰਾਹਾਂ ਨੇ ਛੋਟੀ ਕਮੇਟੀ ਬਣਾਉਣ ਬਾਰੇ ਸਪੱਸ਼ਟ ਕੀਤਾ ਕਿ ਪਹਿਲਾਂ ਵੱਡੇ ਮਸਲੇ ਹਨ ਪਰ ਅਹਿਮ ਮੰਗ ਮੰਨੀ ਗਈ ਹੈ। ਛੋਟੇ ਮਾਮਲਿਆਂ ਲਈ ਹੁਣ ਇਹ ਕਮੇਟੀ ਬਣਾਈ ਗਈ ਹੈ।

ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਦਿੱਲੀ ਸਮੇਤ ਵੱਖ ਵੱਖ ਰਾਜਾਂ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਤੇ ਉਨ੍ਹਾਂ ਦੇ ਸਮਰਥਕਾਂ ’ਤੇ ਦਰਜ ਕੇਸ ਰੱਦ ਕਰਵਾਉਣਾ, ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਸ਼ਹੀਦ ਹੋਏ 700 ਤੋਂ ਵੱਧ ਕਿਸਾਨਾਂ ਦੇ ਪੀੜਤ ਪਰਿਵਾਰਾਂ ਦਾ ਮੁੜ ਵਸੇਬਾ ਕਰਵਾਉਣਾ, ਸ਼ਹੀਦ ਕਿਸਾਨਾਂ ਦੀ ਯਾਦਗਾਰ ਬਣਾਉਣ ਲਈ ਜ਼ਮੀਨ ਦੀ ਵੰਡ ਤੇ ਲਖੀਮਪੁਰ ਖੀਰੀ ਹਿੰਸਾ ਦੀ ਘਟਨਾ ’ਚ ਇਨਸਾਫ਼ ਲਈ ਅਜੈ ਮਿਸ਼ਰਾ ਟੈਨੀ ਦੀ ਗ੍ਰਿਫ਼ਤਾਰੀ ਤੇ ਅਹੁਦੇ ਤੋਂ ਬਰਖਾਸਤਗੀ ਉਨ੍ਹਾਂ ਦੀਆਂ ਰਹਿੰਦੀਆਂ ਮੰਗਾਂ ਹਨ। ਉਨ੍ਹਾਂ ਕਿਹਾ, ‘ਸੰਯੁਕਤ ਕਿਸਾਨ ਮੋਰਚਾ ਸੀ, ਹੈ ਤੇ ਰਹੇਗਾ।’ ਅੱਜ ਦੀ ਬੈਠਕ ਵਿੱਚ ਮੋਰਚੇ ਦੇ ਹੋਰ ਰਾਜਾਂ ਦੇ ਨੁਮਾਇੰਦੇ ਵੀ ਸ਼ਾਮਲ ਹੋਏ। ਇਸ ਮੌਕੇ ਕਿਸਾਨਾਂ ਦੀ ਜਿੱਤ ਦੇ ਨਾਅਰੇ ਵੀ ਲਾਏ ਗਏ। ਇਸੇ ਤਰ੍ਹਾਂ ਕਿਸਾਨ ਆਗੂ ਕਿਸ਼ਨ ਪਾਲ ਨੇ ਦੱਸਿਆ ਕਿ ਉਨ੍ਹਾਂ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਸ਼ਹੀਦ ਹੋਣ ਵਾਲੇ 702 ਕਿਸਾਨਾਂ ਦੀ ਸੂਚੀ ਕੇਂਦਰ ਸਰਕਾਰ ਨੂੰ ਭੇਜ ਦਿੱਤੀ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਓਮੀਕਰੋਨ ਦੀ ਹੁੁਣ ਦਿੱਲੀ ’ਚ ਦਸਤਕ
Next articleਗੁਜਰਾਤ: ਜ਼ਿੰਬਾਬਵੇ ਤੋਂ ਪਰਤਿਆ ਵਿਅਕਤੀ ਓਮੀਕਰੋਨ ਤੋਂ ਪੀੜਤ