- ਕਮੇਟੀ ਵੱਲੋਂ ਮੋਦੀ ਦੀ ਆਮਦ ਤੋਂ ਵਾਪਸੀ ਤੱਕ ਦਾ ਸਾਰਾ ਰਿਕਾਰਡ ਤਲਬ
- ਤਿੰਨ ਦਿਨਾਂ ’ਚ ਕਮੇਟੀ ਸੌਂਪੇਗੀ ਆਪਣੀ ਰਿਪੋਰਟ
ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫ਼ਿਰੋਜ਼ਪੁਰ ਫੇਰੀ ਦੌਰਾਨ ‘ਸੁਰੱਖਿਆ ਖਾਮੀਆਂ’ ਦੇ ਮਾਮਲੇ ਦੀ ਜਾਂਚ ਲਈ ਉੱਚ ਪੱਧਰੀ ਕਮੇਟੀ ਬਣਾ ਦਿੱਤੀ ਹੈ। ਕਮੇਟੀ ਵਿਚ ਜਸਟਿਸ (ਸੇਵਾ-ਮੁਕਤ) ਮਹਿਤਾਬ ਸਿੰਘ ਗਿੱਲ ਅਤੇ ਪ੍ਰਮੁੱਖ ਸਕੱਤਰ (ਗ੍ਰਹਿ ਮਾਮਲੇ ਅਤੇ ਨਿਆਂ) ਅਨੁਰਾਗ ਵਰਮਾ ਨੂੰ ਸ਼ਾਮਲ ਕੀਤਾ ਗਿਆ ਹੈ। ਕਮੇਟੀ ਤਿੰਨ ਦਿਨਾਂ ਵਿੱਚ ਆਪਣੀ ਰਿਪੋਰਟ ਦੇਵੇਗੀ। ਕੇਂਦਰੀ ਗ੍ਰਹਿ ਮੰਤਰਾਲੇ ਨੇ ਕੱਲ੍ਹ ਹੀ ਪੰਜਾਬ ਸਰਕਾਰ ਤੋਂ ਰਿਪੋਰਟ ਤਲਬ ਕਰ ਲਈ ਸੀ ਅਤੇ ਵੀਰਵਾਰ ਸ਼ਾਮ ਤੱਕ ਰਿਪੋਰਟ ਭੇਜਣ ਲਈ ਕਿਹਾ ਸੀ।
ਸੂਤਰਾਂ ਮੁਤਾਬਕ ਪੰਜਾਬ ਸਰਕਾਰ ਉੱਚ ਪੱਧਰੀ ਕਮੇਟੀ ਦੀ ਰਿਪੋਰਟ ਆਉਣ ਮਗਰੋਂ ਹੀ ਕੇਂਦਰ ਸਰਕਾਰ ਨੂੰ ਰਿਪੋਰਟ ਭੇਜ ਸਕਦੀ ਹੈ। ਦੱਸਣਾ ਬਣਦਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਨੂੰ ਬਠਿੰਡਾ ਤੋਂ ਫਿਰੋਜ਼ਪੁਰ ਰੈਲੀ ਲਈ ਸੜਕ ਰਸਤੇ ਰਵਾਨਾ ਹੋਏ ਸਨ। ਹਾਲਾਂਕਿ ਹੁਸੈਨੀਵਾਲਾ ਤੋਂ ਕਰੀਬ 30 ਕਿਲੋਮੀਟਰ ਦੂਰ ਪ੍ਰਦਰਸ਼ਨਕਾਰੀਆਂ ਵੱਲੋਂ ਸੜਕ ਘੇਰੀ ਹੋਣ ਕਰਕੇ ਪ੍ਰਧਾਨ ਮੰਤਰੀ ਦਾ ਕਾਫ਼ਲਾ ਇਕ ਪੁੱਲ ’ਤੇ 20 ਮਿੰਟ ਦੇ ਕਰੀਬ ਪ੍ਰੇਸ਼ਾਨ ਹੁੰਦਾ ਰਿਹਾ। ਕਾਫ਼ਲੇ ਨੂੰ ਸੜਕੀ ਜਾਮ ਕਰਕੇ ਰਸਤੇ ’ਚੋਂ ਹੀ ਵਾਪਸ ਬਠਿੰਡਾ ਮੁੜਨਾ ਪਿਆ। ਪੰਜਾਬ ਸਰਕਾਰ ਵੱਲੋਂ ਗਠਿਤ ਉੱਚ ਪੱਧਰੀ ਕਮੇਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੁਰੱਖਿਆ ਪ੍ਰਬੰਧਾਂ ਦੀ ਦੇਖ-ਰੇਖ ’ਚ ਸ਼ਾਮਲ ਸੂਬੇ ਦੇ ਡੀਜੀਪੀ ਸਮੇਤ ਕੁਝ ਹੋਰਨਾਂ ਪੁਲੀਸ ਅਧਿਕਾਰੀਆਂ ਨੂੰ ਕੁਝ ਸਵਾਲਾਂ ਦੀ ਸੂਚੀ ਭੇਜੀ ਹੈ, ਜਿਨ੍ਹਾਂ ਦੇ ਜਵਾਬ ਫੌਰੀ ਭੇਜਣ ਦੀ ਹਦਾਇਤ ਕੀਤੀ ਗਈ ਹੈ। ਉੱਚ ਪੱਧਰੀ ਕਮੇਟੀ ਦੀ ਸਮਝ ਹੈ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਕਿਤੇ ਨਾ ਕਿਤੇ ਕੋਈ ਕਮੀ ਜ਼ਰੂਰ ਰਹੀ ਹੈ, ਜਿਸ ਦੀ ਘੋਖ ਕੀਤੀ ਜਾਵੇਗੀ। ਪਤਾ ਲੱਗਾ ਹੈ ਕਿ ਉੱਚ ਪੱਧਰੀ ਕਮੇਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮਦ ਤੋਂ ਲੈ ਕੇ ਵਾਪਸੀ ਤੱਕ ਦੇ ਸੁਰੱਖਿਆ ਪ੍ਰਬੰਧਾਂ ਸਬੰਧੀ ਸਾਰਾ ਰਿਕਾਰਡ ਤਲਬ ਕਰ ਲਿਆ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly