ਡਾਕਟਰ ਜਗਜੀਤ ਸਿੰਘ ਧੂਰੀ ਦੀ ਅਗਵਾਈ ਹੇਠ ਸਿਰਜਿਆ ਜਾ ਰਿਹਾ ਨਵਾਂ ਇਤਿਹਾਸ

ਨਕੋਦਰ ਮਹਿਤਪੁਰ (ਸਮਾਜ ਵੀਕਲੀ) (ਹਰਜਿੰਦਰ ਪਾਲ ਛਾਬੜਾ) ਆਪਣਾ ਪੰਜਾਬ ਫਾਊਂਡੇਸ਼ਨ ਅਤੇ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ਼ ਪੰਜਾਬ ਦੇ ਸੱਦੇ ਤੇ ਏਕਮ ਪਬਲਿਕ ਸਕੂਲ ਮਹਿਤਪੁਰ ਵੱਲੋਂ 23 ਸਤੰਬਰ ਨੂੰ ਬਾਬਾ ਫਰੀਦ ਜੀ ਦੇ ਜਨਮ ਉਤਸਵ ਨੂੰ ਸਮਰਪਿਤ ‘ਵਿਸ਼ਵ ਪੰਜਾਬ ਦਿਵਸ’ ਵਜੋਂ ਮਨਾਇਆ ਜਾਵੇਗਾ। ਜਾਣਕਾਰੀ ਦਿੰਦੇ ਹੋਏ ਸਕੂਲ ਡਾਇਰੈਕਟਰ ਸਰਦਾਰ ਨਿਰਮਲ ਸਿੰਘ ਥਿੰਦ ਅਤੇ ਪ੍ਰਿੰਸੀਪਲ ਸ਼੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਇਸ ਦਿਨ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਪੰਜਾਬੀ ਪਹਿਰਾਵੇ ਵਿੱਚ ਆਉਣਗੇ ਅਤੇ ਨਿਰੋਲ ਪੰਜਾਬੀ ਭਾਸ਼ਾ ਵਿੱਚ ਗੱਲਬਾਤ ਕਰਨਗੇ। ਹਰ ਇੱਕ ਵਿਦਿਆਰਥੀ ਇੱਕ ਪੰਨਾ ਗੁਰਮੁਖੀ ਲਿਪੀ ਦਾ ਸੁੰਦਰ ਲਿਖਾਈ ਵਿੱਚ ਲਿਖ ਕੇ ਸ਼ੋਸ਼ਲ ਮੀਡੀਆ ਉੱਪਰ ਅਪਲੋਡ ਕਰੇਗਾ। ਇਸ ਦਿਨ ਸੰਸਥਾ ਵਿੱਚ ਵਿਦਿਆਰਥੀ ਕਵਿਤਾ ਉਚਾਰਨ, ਕਾਵਿ ਲੇਖਣ, ਨਿਬੰਧ ਲੇਖਣ, ਕਹਾਣੀ ਰਚਨਾ, ਵਾਦ—ਵਿਵਾਦ, ਭਾਸ਼ਣ ਮੁਕਾਬਲਾ, ਅੰਗਰੇਜ਼ੀ ਤੋਂ ਪੰਜਾਬੀ ਅਨੁਵਾਦ ਮੁਕਾਬਲਾ, ਸ਼ਬਦ ਜੋੜ ਮੁਕਾਬਲਾ, ਬੋਲ—ਲਿਖਤ, ਸਵਾਲ—ਜਵਾਬ ਮੁਕਾਬਲਾ, ਪੋਸਟਰ ਮੁਕਾਬਲਾ, ਪੰਜਾਬੀ ਭਾਸ਼ਾ ਵਿੱਚ ਨਾਅਰਾ ਲਿਖਣਾ, ਅੱਖਰਕਾਰੀ ਮੁਕਾਬਲੇ ਵਿੱਚ ਹਿੱਸਾ ਲੈਣਗੇ। ਉਹਨਾਂ ਦੱਸਿਆ ਕਿ ਡਾ. ਜਗਜੀਤ ਸਿੰਘ ਧੂਰੀ ਦੀ ਅਗਵਾਈ ਹੇਠ ਆਪਣਾ ਪੰਜਾਬ ਫਾਊਂਡੇਸ਼ਨ ਵੱਲੋਂ ਇਹ ਇੱਕ ਨਵਾਂ ਆਰੰਭ ਹੋ ਰਿਹਾ ਹੈ। ਡਾ. ਧੂਰੀ ਮੁਤਾਬਕ ਸਦੀਆਂ ਤੋਂ ਪੰਜਾਬੀਆਂ ਦੀ ਸਭਿਆਚਾਰਕ ਅਤੇ ਸਾਹਿਤਕ ਬੋਲੀ ਦਾ ਹੱਕ ਬਣਦਾ ਹੈ ਕਿ ਵਿਸ਼ਵ ਵਿੱਚ ਵੱਸਦੇ ਸਮੂਹ ਪੰਜਾਬੀ ਹਰ ਸਾਲ ਇੱਕ ਦਿਨ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ। ਪੰਜਾਬੀ ਬੋਲੀ ਨੂੰ ਇਹ ਹੱਕ ਦੇਣ ਲਈ ਆਪਣਾ ਪੰਜਾਬ ਫਾਊਂਡੇਸ਼ਨ ਵੱਲੋਂ ਬਾਬਾ ਫ਼ਰੀਦ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ ਹਰ ਸਾਲ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ ਦਾ ਫ਼ੈਸਲਾ ਲਿਆ ਗਿਆ ਹੈ। ਬਾਬਾ ਫ਼ਰੀਦ ਜੀ ਪੰਜਾਬੀ ਦੇ ਪਹਿਲੇ ਸਿਰਮੌਰ ਕਵੀਆਂ ਵਿੱਚੋਂ ਹਨ ਜਿਨ੍ਹਾਂ ਦੀ ਬਾਣੀ ਨੂੰ ਗੁਰੂ ਗ੍ਰੰਥ ਸਾਹਿਬ ਵਿੱਚ ਸਥਾਨ ਦੇ ਕੇ ਸਤਿਕਾਰਿਆ ਗਿਆ ਹੈ। ਪੰਜਾਬ ਦੀਆਂ ਸਮੂਹ ਸਿੱਖਿਅਕ ਸੰਸਥਾਵਾਂ ਸਕੂਲ ਅਤੇ ਕਾਲਜ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣਗੀਆਂ।ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



