ਨਵੀਂ ਦਿੱਲੀ (ਸਮਾਜ ਵੀਕਲੀ): ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ ਤੇ ਕਸ਼ਮੀਰ ਵਿੱਚ ਸਰਹੱਦ ਪਾਰੋਂ ਹੁੰਦੀ ਘੁਸਪੈਠ ਨੂੰ ਪੂਰੀ ਤਰ੍ਹਾਂ ਰੋਕਣ ਤੇ ਦਹਿਸ਼ਤਗਰਦਾਂ ਦੇ ਖਾਤਮੇ ਲਈ ਸੁਰੱਖਿਆ ਘੇਰੇ (ਗਰਿੱਡ) ਨੂੰ ਹੋਰ ਮਜ਼ਬੂਤ ਕਰਨ ਦੀ ਹਦਾਇਤ ਕੀਤੀ ਹੈ। ਸ਼ਾਹ ਨੇ ਅੱਜ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਸੁਰੱਖਿਆ ਹਾਲਾਤ ’ਤੇ ਨਜ਼ਰਸਾਨੀ ਲਈ ਸੱਦੀ ਉੱਚ ਪੱਧਰੀ ਮੀਟਿੰਗ ਦੌਰਾਨ ਹਦਾਇਤਾਂ ਕੀਤੀਆਂ। ਮੀਟਿੰਗ ਵਿੱਚ ਜੰਮੂ ਤੇ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ, ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ, ਥਲ ਸੈਨਾ ਮੁਖੀ ਮਨੋਜ ਮੁਕੁੰਦ ਨਰਵਾਣੇ ਅਤੇ ਕੇਂਦਰ ਤੇ ਜੰਮੂ-ਕਸ਼ਮੀਰ ਸਰਕਾਰਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।
ਸ੍ਰੀ ਸ਼ਾਹ ਨੇ ਸੁਰੱਖਿਆ ਏਜੰਸੀਆਂ ਵੱਲੋਂ ਪਿਛਲੇ ਕੁਝ ਸਾਲਾਂ ਦੌਰਾਨ ਜੰਮੂ ਤੇ ਕਸ਼ਮੀਰ ਵਿੱਚ ਦਹਿਸ਼ਤੀ ਕਾਰਵਾਈਆਂ ਨੂੰ ਠੱਲਣ ਲਈ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ। ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਨਹਾ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਨੇ ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਹਾਲਾਤ ਤੇ ਵਿਕਾਸ ਪ੍ਰਾਜੈਕਟਾਂ ਦੀ ਰਫ਼ਤਾਰ ’ਤੇ ਨਜ਼ਰਸਾਨੀ ਕੀਤੀ। ਇਕ ਘੰਟੇ ਦੇ ਕਰੀਬ ਚੱਲੀ ਮੀਟਿੰਗ ‘ਸਫ਼ਲ’ ਰਹੀ। ਕੋਵਿਡ-19 ਕਰਕੇ ਪਿਛਲੇ ਦੋ ਸਾਲਾਂ ਤੋਂ ਬੰਦ ਪਈ ਅਮਰਨਾਥ ਯਾਤਰਾ ਬਾਰੇ ਪੁੱਛਣ ’ਤੇ ਸਿਨਹਾ ਨੇ ਕਿਹਾ ਕਿ ਜਲਦੀ ਹੀ ਇਸ ਬਾਰੇ ਫ਼ੈਸਲਾ ਲਵਾਂਗੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly