ਕੰਗਣਾ ਬੌਧਿਕ ਤੌਰ ’ਤੇ ਕੰਗਾਲ, ਤਾਂ ਹੀ ਕਰ ਰਹੀ ਸਿੱਖਾਂ ਵਿਰੁੱਧ ਟਿੱਪਣੀਆਂ- ਬੀਬੀ ਜਗੀਰ ਕੌਰ
ਅੰਮ੍ਰਿਤਸਰ(ਸਮਾਜ ਵੀਕਲੀ) (ਦੀਦਾਵਰ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਫ਼ਿਲਮੀ ਕਲਾਕਾਰਕੰਗਣਾ ਰਣੌਤ ਵੱਲੋਂ ਸਿੱਖਾਂ ਵਿਰੁੱਧ ਨਫ਼ਰਤ ਭਰੀਆਂ ਟਿੱਪਣੀਆਂ ਦੀ ਸਖ਼ਤ ਨਿਖੇਧੀ ਕਰਦਿਆਂ ਉਸ ਦੀ ਗ੍ਰਿਫ਼ਤਾਰੀ ਮੰਗੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਕੰਗਣਾ ਰਣੌਤ ਜਾਣਬੁੱਝ ਕੇ ਸਿੱਖਾਂ ਪ੍ਰਤੀ ਜ਼ਹਿਰ ਭਰੀਆਂ ਪੋਸਟਾਂ ਪਾ ਰਹੀ ਹੈ, ਜਿਸ ਦੇ ਨਤੀਜੇ ਘਾਤਕ ਹੋ ਸਕਦੇ ਹਨ। ਕੰਗਣਾ ਵੱਲੋਂ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਨਿੰਦਾ ਕਰਕੇ ਸਿੱਖਾਂ ਨੂੰ ਅੱਤਵਾਦੀ ਕਹਿਣਾ ਅਤੇ 1984 ਵਿਚ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਸਿੱਖਾਂ ਖ਼ਿਲਾਫ਼ ਕੀਤੀ ਮੰਦਭਾਗੀ ਕਾਰਵਾਈ ਦੀ ਤਰਫਦਾਰੀ ਕਰਨੀ ਉਸ ਦੀ ਬਿਮਾਰ ਮਾਨਸਿਕਤਾ ਦਾ ਪ੍ਰਗਟਾਵਾ ਹੈ।
ਜਗੀਰ ਕੌਰ ਨੇ ਆਖਿਆ ਕਿ ਕੰਗਣਾ ਨੇ ਸ਼ਾਇਦ ਸਿੱਖਾਂ ਦਾ ਇਤਿਹਾਸ ਨਹੀਂ ਪੜ੍ਹਿਆ, ਜੇਕਰ ਪੜ੍ਹਿਆ ਹੁੰਦਾ ਤਾਂ ਉਸ ਨੂੰ ਇਸ ਗੱਲ ਦੀ ਸਮਝ ਹੁੰਦੀ ਕਿ ਇਨ੍ਹਾਂ ਸਿੱਖਾਂ ਦੀ ਬਦੌਲਤ ਹੀ ਦੇਸ਼ ਅਜ਼ਾਦੀ ਦਾ ਨਿੱਘ ਮਾਣ ਰਿਹਾ ਹੈ। ਦੇਸ਼ ਦੀ ਅਜ਼ਾਦੀ ਲਈ 80 ਫੀਸਦੀ ਤੋਂ ਵੱਧ ਕੁਰਬਾਨੀਆਂ ਸਿੱਖਾਂ ਨੇ ਹੀ ਦਿੱਤੀਆਂ ਹਨ। ਕੰਗਣਾ ਨੂੰ ਆਪਣੀ ਬੌਧਿਕ ਕੰਗਾਲੀ ਦੀ ਪੇਸ਼ਕਾਰੀ ਕਰਕੇ ਦੇਸ਼ ਦੇ ਹਾਲਾਤਾਂ ਨੂੰ ਖਰਾਬ ਨਹੀਂ ਕਰਨਾ ਚਾਹੀਦਾ।
ਜਗੀਰ ਕੌਰ ਨੇ ਕਿਹਾ ਕਿ ਇਸ ਕਲਾਕਾਰ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਹੋਵੇ। ਉਨ੍ਹਾਂ ਕਿਹਾ ਕਿ ਕੰਗਣਾ ਵਿਰੁੱਧ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਰਵਾਈ ਆਰੰਭੀ ਗਈ ਹੈ, ਜਿਸ ਦਾ ਸ਼੍ਰੋਮਣੀ ਕਮੇਟੀ ਹਰ ਪੱਧਰ ’ਤੇ ਸਹਿਯੋਗ ਕਰੇਗੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly