ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ 30 ਨੂੰ: ਧਾਮੀ

ਅੰਮ੍ਰਿਤਸਰ(ਸਮਾਜ ਵੀਕਲੀ): ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਐੱਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ। ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਬਜਟ ਕਮੇਟੀ ਦੀਆਂ ਸਿਫਾਰਸ਼ਾਂ ਨੂੰ ਪ੍ਰਵਾਨ ਕਰਦਿਆਂ ਬਜਟ ਇਜਲਾਸ 30 ਮਾਰਚ ਨੂੰ ਸੱਦ ਲਿਆ ਹੈ। ਇਜਲਾਸ ਦੌਰਾਨ ਵਿੱਤੀ ਵਰ੍ਹੇ 2022-23 ਲਈ ਸਾਲਾਨਾ ਬਜਟ ਪਾਸ ਕੀਤਾ ਜਾਵੇਗਾ, ਜਿਸ ਵਿੱਚ ਭਵਿੱਖ ਦੇ ਕਈ ਕਾਰਜਾਂ ਨੂੰ ਤਰਜੀਹਾਂ ਦਿੱਤੀਆਂ ਜਾਣਗੀਆਂ।

ਉਨ੍ਹਾਂ ਦੱਸਿਆ ਕਿ ਵਿਦੇਸ਼ਾਂ ਵਿੱਚ ਵਸਦੇ ਸਿੱਖਾਂ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਅਪੀਲ ਕੀਤੀ ਗਈ ਹੈ ਕਿ ਅੰਮ੍ਰਿਤਸਰ ਦੇ ਕੌਮਾਂਤਰੀ ਹਵਾਈ ਅੱਡੇ ਤੋਂ ਵੱਖ-ਵੱਖ ਮੁਲਕਾਂ ਲਈ ਸਿੱਧੀਆਂ ਹਵਾਈ ਉਡਾਣਾਂ ਸ਼ੁਰੂ ਕਰਵਾਈਆਂ ਜਾਣ। ਅੰਤ੍ਰਿੰਗ ਕਮੇਟੀ ਨੇ ਇਕ ਮਤਾ ਪਾਸ ਕਰਕੇ ਪ੍ਰਧਾਨ ਮੰਤਰੀ ਅਤੇ ਕੇਂਦਰੀ ਹਵਾਬਾਜ਼ੀ ਮੰਤਰੀ ਨੂੰ ਇਸ ਸਬੰਧੀ ਮਿਲਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਯੂਕਰੇਨ ਤੋਂ ਆ ਰਹੇ ਪੰਜਾਬੀ ਵਿਦਿਆਰਥੀਆਂ ਨੂੰ ਦਿੱਲੀ ਹਵਾਈ ਅੱਡੇ ਤੋਂ ਪੰਜਾਬ ਲਿਆਉਣ ਲਈ ਸ਼੍ਰੋਮਣੀ ਕਮੇਟੀ ਮੁਫ਼ਤ ਬੱਸ ਸੇਵਾ ਦਾ ਪ੍ਰਬੰਧ ਕਰੇਗੀ। ਇਸ ਸਬੰਧ ਵਿੱਚ ਇੰਡੋ-ਕੈਨੇਡੀਅਨ ਬੱਸ ਸਰਵਿਸ ਨਾਲ ਸਮਝੌਤਾ ਕੀਤਾ ਗਿਆ ਹੈ। ਅਜਿਹੇ ਵਿਦਿਆਰਥੀਆਂ ਨੂੰ ਖਾਣ-ਪੀਣ ਲਈ ਵੀ ਸੇਵਾ ਦਿੱਤੀ ਜਾਵੇਗੀ।

ਇਸ ਦੌਰਾਨ ਅੰਤ੍ਰਿੰਗ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਕਰਮਚਾਰੀਆਂ ਨੂੰ ਤਿੰਨ ਫ਼ੀਸਦੀ ਮਹਿੰਗਾਈ ਭੱਤਾ ਦੇਣ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਤੋਂ ਇਲਾਵਾ 20 ਹਜ਼ਾਰ ਰੁਪਏ ਤੱਕ ਮਾਸਿਕ ਤਨਖ਼ਾਹ ਵਾਲੇ ਨੂੰ ਇੱਕ ਹਜ਼ਾਰ ਰੁਪਏ, 20 ਤੋਂ 40 ਹਜ਼ਾਰ ਤੱਕ 500 ਰੁਪਏ ਵਿਸ਼ੇਸ਼ ਭੱਤਾ ਵੀ ਦਿੱਤਾ ਜਾਵੇਗਾ। ਅੰਤ੍ਰਿੰਗ ਕਮੇਟੀ ਵੱਲੋਂ ਆਪਣਾ ਆਈਟੀ ਵਿੰਗ ਮਜ਼ਬੂਤ ਕਰਨ ਅਤੇ ਭਰੋਸੇਯੋਗ ਸਿੱਖ ਖ਼ਬਰਾਂ ਦੇ ਬੁਲੇਟਿਨ ਤਿਆਰ ਕਰਨ ਦਾ ਵੀ ਫ਼ੈਸਲਾ ਕੀਤਾ ਗਿਆ ਹੈ। ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੀ ਮੰਗ ਮੁਤਾਬਕ ਸ਼੍ਰੋਮਣੀ ਕਮੇਟੀ ਵੱਲੋਂ 300 ਪਾਵਨ ਸਰੂਪ ਵਿਸ਼ੇਸ਼ ਬੱਸ ਰਾਹੀਂ ਭੇਜਣ ਦੇ ਫ਼ੈਸਲੇ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

ਐੱਸਜੀਪੀਸੀ ਪ੍ਰਧਾਨ ਨੇ ਦੱਸਿਆ ਕਿ ਸਿੱਖ ਵਫ਼ਦ ਨੇ ਕਰਨਾਟਕ ਦੇ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਨਾਲ ਮੁਲਾਕਾਤ ਕਰਕੇ ਬੰਗਲੂਰੂ ਅਤੇ ਮੰਗਲੌਰ ਵਿੱਚ ਸਿੱਖ ਬੱਚਿਆਂ ਨੂੰ ਵਿੱਦਿਅਕ ਅਦਾਰਿਆਂ ਅੰਦਰ ਦਸਤਾਰ ਪਹਿਨਣ ਤੋਂ ਰੋਕਣ ਦਾ ਮਾਮਲਾ ਉਠਾਇਆ ਹੈ। ਉਨ੍ਹਾਂ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਭਵਿੱਖ ਵਿੱਚ ਅਜਿਹਾ ਨਹੀਂ ਹੋਵੇਗਾ।

ਮੀਟਿੰਗ ਵਿਚ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ, ਪ੍ਰਿੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ, ਮੈਂਬਰ ਹਰਜਾਪ ਸਿੰਘ, ਗੁਰਪ੍ਰੀਤ ਸਿੰਘ ਤੇ ਹੋਰ ਮੈਂਬਰਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਧਿਕਾਰੀ ਸ਼ਾਮਲ ਸਨ।

ਸਿੱਖ ਬੰਦੀਆਂ ਦੀ ਰਿਹਾਈ ਲਈ ਗ੍ਰਹਿ ਮੰਤਰੀ ਨੂੰ ਮਿਲਣ ਦਾ ਫ਼ੈਸਲਾ

ਅੰਤ੍ਰਿੰਗ ਕਮੇਟੀ ਨੇ ਸਿੱਖ ਬੰਦੀਆਂ ਦੀ ਰਿਹਾਈ ਦੀ ਮੰਗ ਕਰਦਿਆਂ ਇਸ ਮਾਮਲੇ ਵਿੱਚ ਭਾਰਤ ਦੇ ਗ੍ਰਹਿ ਮੰਤਰੀ ਨੂੰ ਮਿਲਣ ਦਾ ਫ਼ੈਸਲਾ ਕੀਤਾ ਹੈ। ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਨੂੰ ਸੰਗਰਾਂਦ ਤੇ ਗੁਰਪੁਰਬ ਮੌਕੇ ਪਹਿਲਾਂ ਵਾਂਗ ਰਸਦਾਂ ਭੇਜਣ ਅਤੇ ਪਿੰਗਲਵਾੜਾ ਸੰਸਥਾ ਨੂੰ ਹਰ ਸਾਲ ਪੰਦਰਾਂ ਲੱਖ ਰੁਪਏ ਸਹਾਇਤਾ ਰਾਸ਼ੀ ਦੇਣ ਦਾ ਵੀ ਫ਼ੈਸਲਾ ਕੀਤਾ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਣਕ ਬਰਾਮਦ ਕਰਨ ਦਾ ਮੌਕਾ ਨਾ ਖੁੰਝਾਉਣ ਕਿਸਾਨ: ਮੋਦੀ
Next articleਹੁਣ ਬਿਨਾਂ ਇੰਟਰਨੈੱਟ ਵਾਲੇ ਫੋਨ ਨਾਲ ਹੋ ਸਕੇਗਾ ਡਿਜੀਟਲ ਭੁਗਤਾਨ