ਵਿਜੀਲੈਂਸ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਥਾਣਾ ਦਸੂਹਾ ਦਾ ਐਸ.ਐਚ.ਓ. ਅਤੇ ਉਸ ਦਾ ਡਰਾਈਵਰ ਕਾਬੂ

ਐਸ.ਐਚ.ਓ. ਦੇ ਘਰ ਦੀ ਤਲਾਸ਼ੀ ਦੌਰਾਨ 60 ਹਜ਼ਾਰ ਰੁਪਏ ਹੋਰ ਹੋਏ ਬਰਾਮਦ 
ਹੁਸ਼ਿਆਰਪੁਰ/ਚੰਡੀਗੜ੍ਹ ਨਕੋਦਰ ਮਹਿਤਪੁਰ29 ਅਗਸਤ (ਹਰਜਿੰਦਰ ਪਾਲ ਛਾਬੜਾ)-ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਦਸੂਹਾ ਦੇ ਐਸ.ਐਚ.ਓ. ਬਲਵਿੰਦਰ ਸਿੰਘ (ਇੰਸਪੈਕਟਰ) ਅਤੇ ਉਸਦੇ ਡਰਾਈਵਰ ਏ.ਐਸ.ਆਈ. ਯੋਗਰਾਜ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸੇ ਦੌਰਾਨ ਵਿਜੀਲੈਂਸ ਨੇ ਉਕਤ ਐਸ.ਐਚ.ਓ. ਦੇ ਘਰ ਦੀ ਤਲਾਸ਼ੀ ਦੌਰਾਨ 60,000 ਰੁਪਏ ਵੀ ਬਰਾਮਦ ਕੀਤੇ ਹਨ। ਵਿਜੀਲੈਂਸ ਵੱਲੋਂ ਇਹਨਾਂ ਮੁਲਜ਼ਮਾਂ ਨੂੰ ਬਲਵਿੰਦਰ ਸਿੰਘ ਵਾਸੀ ਪਿੰਡ ਸੈਦੋਵਾਲ ਕਲਾਂ ਜ਼ਿਲ੍ਹਾ ਗੁਰਦਾਸਪੁਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਬਲਵਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਭਰਾ ਲਖਵਿੰਦਰ ਸਿੰਘ ਅਤੇ ਉਸ ਦੇ ਤਾਏ ਦੇ ਮੁੰਡੇ ਗੁਰਨਾਮ ਸਿੰਘ ਵਿਰੁੱਧ ਥਾਣਾ ਦਸੂਹਾ ਵਿਖੇ 08-07-2023 ਨੂੰ ਆਈ.ਪੀ.ਸੀ ਦੀ ਧਾਰਾ 324, 506 ਅਤੇ 34 ਤਹਿਤ ਦਰਜ ਐਫ.ਆਈ.ਆਰ. ਨੰਬਰ 126 ਵਿੱਚ ਧਾਰਾ 326 ਨਾ ਜੋੜਨ ਬਦਲੇ ਮੁਲਜ਼ਮ ਇੰਸਪੈਕਟਰ ਨੇ ਇੱਕ ਲੱਖ ਰੁਪਏ ਰਿਸ਼ਵਤ ਮੰਗੀ ਸੀ ਅਤੇ ਸੌਦਾ 50,000 ਰੁਪਏ ਵਿਚ ਤੈਅ ਹੋਇਆ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਐਸ.ਐਚ.ਓ. ਪਹਿਲਾਂ ਹੀ ਉਸ ਕੋਲੋਂ 20 ਹਜ਼ਾਰ ਰੁਪਏ ਲੈ ਚੁੱਕਾ ਹੈ ਅਤੇ ਬਕਾਇਆ ਰਿਸ਼ਵਤ ਮੰਗ ਰਿਹਾ ਸੀ।ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਯੂਨਿਟ ਹੁਸ਼ਿਆਰਪੁਰ ਦੀ ਟੀਮ ਨੇ ਟਰੈਪ ਲਗਾ ਕੇ ਐਸ.ਐਚ.ਓ. ਬਲਵਿੰਦਰ ਸਿੰਘ ਅਤੇ ਉਸਦੇ ਡਰਾਈਵਰ ਯੋਗਰਾਜ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ ਹੈ।ਇਸ ਸਬੰਧੀ ਮੁਲਜ਼ਮ ਐਸ.ਐਚ.ਓ. ਅਤੇ ਉਸਦੇ ਡਰਾਈਵਰ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਮਿਤੀ 29-08-2023 ਨੂੰ ਐਫ.ਆਈ.ਆਰ. ਨੰ. 21 ਦਰਜ ਕੀਤੀ ਗਈ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articlePM celebrates Raksha Bandhan with school girls
Next articleChinese army constructing bunkers, tunnels at Aksai Chin: Reports