ਸ੍ਰੀ ਆਨੰਦਪੁਰ ਸਾਹਿਬ (ਸਮਾਜ ਵੀਕਲੀ): ਇੱਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਮੱਥਾ ਟੇਕਣ ਮਗਰੋਂ ਨਿਹੰਗ ਸਿੰਘ ਦੇ ਬਾਣੇ ਵਿੱਚ ਆਏ ਪਾਣੀਪਤ (ਹਰਿਆਣਾ) ਦੇ ਇੱਕ ਵਿਅਕਤੀ ਨੇ ਆਪਣੇ ਲਾਇਸੰਸੀ ਰਾਈਫਲ ਨਾਲ ਹਵਾਈ ਫਾਇਰ ਕਰ ਦਿੱਤਾ ਜਿਸ ਮਗਰੋਂ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੇ ਉਸ ਨੂੰ ਤੁਰੰਤ ਕਾਬੂ ਕਰ ਕੇ ਪੁਲੀਸ ਹਵਾਲੇ ਕਰ ਦਿੱਤਾ।
ਜਾਂਚ ਅਧਿਕਾਰੀ ਗੁਰਮੁਖ ਸਿੰਘ ਨੇ ਦੱਸਿਆ ਪਾਣੀਪਤ ਦੇ ਕੁਲਦੀਪ ਸਿੰਘ ਨੇ ਇਹ ਹਵਾਈ ਫਾਇਰ ਕੀਤਾ ਸੀ। ਉਨ੍ਹਾਂ ਦੱਸਿਆ ਕਿ ਜਦੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਮੱਥਾ ਟੇਕ ਕੇ ਉਹ ਬਾਹਰ ਪਰਿਕਰਮਾ ਵਿੱਚ ਆਇਆ ਤਾਂ ਉਸ ਨੇ ਆਪਣੀ ਲਾਇਸੰਸੀ ਰਾਈਫਲ ਨਾਲ ਹਵਾਈ ਫਾਇਰ ਕਰ ਦਿੱਤਾ। ਮੁੱਢਲੀ ਜਾਂਚ ਦੌਰਾਨ ਪਤਾ ਲੱਗਾ ਕਿ ਗੋਲੀ ਚਲਾਉਣ ਪਿੱਛੇ ਉਸ ਦਾ ਕੋਈ ਗਲਤ ਮਕਸਦ ਨਹੀਂ ਸੀ। ਉਸ ਨੇ ਗੁਰੂ ਸਾਹਿਬ ਨੂੰ ਸਲਾਮੀ ਦੇਣ ਲਈ ਇਹ ਗੋਲੀ ਚਲਾਈ। ਜਾਂਚ ਅਧਿਕਾਰੀ ਨੇ ਕਿਹਾ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਧਾਰਮਿਕ ਅਸਥਾਨ ਹੈ ਤੇ ਇੱਥੋਂ ਦੇ ਸ਼ਾਂਤ ਮਾਹੌਲ ਨੂੰ ਲਾਂਬੂ ਲਾਉਣ ਦੀ ਇਹ ਕੋਝੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਧਾਰਾ 336 ਤੇ 25/27-54-59 ਅਸਲਾ ਐਕਟ ਤਹਿਤ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly