- ਬਿਕਰਮ ਸਿੰਘ ਮਜੀਠੀਆ ਨੂੰ ਅੰਮ੍ਰਿਤਸਰ ਪੂਰਬੀ ਦੇ ਨਾਲ ਹੀ ਮਜੀਠਾ ਤੋਂ ਵੀ ਐਲਾਨਿਆ ਉਮੀਦਵਾਰ
ਅੰਮ੍ਰਿਤਸਰ (ਸਮਾਜ ਵੀਕਲੀ): ਅੰਮ੍ਰਿਤਸਰ (ਪੂਰਬੀ) ਵਿਧਾਨ ਸਭਾ ਹਲਕਾ ਹੁਣ ਪੰਜਾਬ ਦਾ ਸਭ ਤੋਂ ਵੱਧ ਸਰਗਰਮ ਅਤੇ ਚਰਚਾ ਵਾਲਾ ਚੋਣ ਅਖਾੜਾ ਬਣ ਗਿਆ ਹੈ। ਹੁਣ ਇਸ ਹਲਕੇ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਮੁਕਾਬਲਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਹੋਵੇਗਾ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਤੋਂ ਅਕਾਲੀ ਉਮੀਦਵਾਰ ਵਜੋਂ ਬਿਕਰਮ ਸਿੰਘ ਮਜੀਠੀਆ ਦੇ ਨਾਂ ਦਾ ਐਲਾਨ ਕੀਤਾ ਹੈ। ਸ੍ਰੀ ਮਜੀਠੀਆ ਹੁਣ ਦੋ ਹਲਕਿਆਂ ਮਜੀਠਾ ਅਤੇ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਤੋਂ ਚੋਣ ਲੜਨਗੇ। ਪਾਰਟੀ ਵੱਲੋਂ ਅੱਜ ਕੀਤੇ ਐਲਾਨ ਮੁਤਾਬਕ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਲੰਬੀ ਵਿਧਾਨ ਸਭਾ ਹਲਕੇ ਤੋਂ ਚੋਣ ਲੜਨਗੇ। ਜੰਡਿਆਲਾ ਵਿਧਾਨ ਸਭਾ ਹਲਕੇ ਤੋਂ ਸਾਬਕਾ ਵਿਧਾਇਕ ਰਣਜੀਤ ਸਿੰਘ ਛੱਜਲਵੱਡੀ ਦੇ ਪੁੱਤਰ ਸਤਿੰਦਰ ਸਿੰਘ ਛੱਜਲਵੱਡੀ ਨੂੰ ਅਕਾਲੀ ਉਮੀਦਵਾਰ ਐਲਾਨਿਆ ਗਿਆ ਹੈ। ਰਣਜੀਤ ਸਿੰਘ ਛੱਜਲਵੱਡੀ ਤਿੰਨ ਵਾਰ ਵਿਧਾਇਕ ਰਹੇ ਹਨ। ਉਹ ਆਪਣੇ ਪਰਿਵਾਰ ਸਮੇਤ ਵੱਡੀ ਗਿਣਤੀ ਸਮਰਥਕਾਂ ਨਾਲ ਕਾਂਗਰਸ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ ਨੇ ਪਹਿਲਾਂ ਇਸ ਹਲਕੇ ਤੋਂ ਸਾਬਕਾ ਅਕਾਲੀ ਵਿਧਾਇਕ ਮਲਕੀਤ ਸਿੰਘ ਏਆਰ ਨੂੰ ਉਮੀਦਵਾਰ ਬਣਾਇਆ ਸੀ, ਪਰ ਉਨ੍ਹਾਂ ਦੀ ਸਿਹਤ ਠੀਕ ਨਹੀਂ ਹੈ। ਪਾਰਟੀ ਆਗੂਆਂ ਨਾਲ ਮੀਟਿੰਗ ਤੋਂ ਬਾਅਦ ਸ੍ਰੀ ਬਾਦਲ ਨੇ ਉਮੀਦਵਾਰ ਬਦਲਣ ਦਾ ਐਲਾਨ ਕੀਤਾ ਹੈ।
ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਹੁਣ ਨਵਜੋਤ ਸਿੰਘ ਸਿੱਧੂ ਆਪਣੇ ਹਲਕੇ ਵਿਚ ਸਖ਼ਤ ਮੁਕਾਬਲੇ ਲਈ ਤਿਆਰ ਰਹੇ। ਉਨ੍ਹਾਂ ਅਕਾਲੀ ਵਰਕਰਾਂ ਨੂੰ ਕਿਹਾ ਕਿ ਸ੍ਰੀ ਸਿੱਧੂ ਨਾਲ ਲੋਹਾ ਲੈਣ ਲਈ ਤਿਆਰ ਰਹਿਣ ਅਤੇ ਤਿਆਰੀ ਸ਼ੁਰੂ ਕਰ ਦੇਣ। ਉਨ੍ਹਾਂ ਦਾਅਵਾ ਕੀਤਾ ਕਿ ਇਸ ਹਲਕੇ ਵਿਚ ਨਵਜੋਤ ਸਿੰਘ ਸਿੱਧੂ ਨੂੰ ਹਰਾ ਕੇ ਉਸ ਦੇ ‘ਅਹਿਮ’ ਨੂੰ ਤੋੜਨਗੇ। ਉਨ੍ਹਾਂ ਸਿੱਧੂ ’ਤੇ ਦੋੋੋਸ਼ ਲਾਇਆ ਕਿ ਸਥਾਨਕ ਸਰਕਾਰਾਂ ਦਾ ਮੰਤਰੀ ਹੁੰਦਿਆਂ ਵੀ ਉਨ੍ਹਾਂ ਹਲਕੇ ਦੇ ਲੋਕਾਂ ਲਈ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੂੰ ਕਾਂਗਰਸ ਸਰਕਾਰ ਨੇ ਝੂਠੇ ਕੇਸ ਵਿਚ ਫਸਾ ਕੇ ਸਿਆਸੀ ਮੰਤਵ ਨਾਲ ਨਿਸ਼ਾਨਾ ਬਣਾਇਆ ਹੈ। ਇਸ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਉਨ੍ਹਾਂ ਮੀਡੀਆ ਨੂੰ ਦੱਸਿਆ ਕਾਂਗਰਸ ਨੇ ਪੰਜ ਸਾਲ ਬੇਅਦਬੀ ਦੇ ਮੁੱਦੇ ਨੂੰ ਸਿਰਫ ਸਿਆਸਤ ਲਈ ਵਰਤਿਆ ਹੈ। ਇਸ ਦੌਰਾਨ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਨ੍ਹਾਂ ਦੇ ਭਰਾ ਬਿਕਰਮ ਸਿੰਘ ਮਜੀਠੀਆ ਨੂੰ ਝੂਠੇ ਤੇ ਨਜਾਇਜ਼ ਕੇਸ ਵਿਚ ਫਸਾਉਣ ਦਾ ਯਤਨ ਕੀਤਾ ਗਿਆ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly