ਅੰਮ੍ਰਿਤਸਰ (ਸਮਾਜ ਵੀਕਲੀ): ਕਰਨਾਟਕ ਦੇ ਬੰਗਲੂਰੂ ’ਚ ਇੱਕ ਵਿਦਿਅਕ ਅਦਾਰੇ ਵੱਲੋਂ ਅੰਮ੍ਰਿਤਧਾਰੀ ਲੜਕੀ ਨੂੰ ਦਸਤਾਰ ਸਣੇ ਕਾਲਜ ਆਉਣ ਤੋਂ ਰੋਕੇ ਜਾਣ ਦਾ ਸਿੱਖ ਜਥੇਬੰਦੀਆਂ ਨੇ ਸਖ਼ਤ ਵਿਰੋਧ ਕੀਤਾ ਹੈ। ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਕਰਨਾਟਕ ਦੇ ਮੁੱਖ ਮੰਤਰੀ ਨੂੰ ਇੱਕ ਪੱਤਰ ਭੇਜ ਕੇ ਸਿੱਖਾਂ ਦੀ ਧਾਰਮਿਕ ਆਜ਼ਾਦੀ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।
ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਹੈ। ਉਨ੍ਹਾਂ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਅਤੇ ਸਜ਼ਾਵਾਂ ਦੇਣ ਲਈ ਕਿਹਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਰਨਾਟਕ ਦੇ ਮੁੱਖ ਮੰਤਰੀ ਨੂੰ ਪੱਤਰ ਭੇਜ ਕੇ ਕਿਹਾ ਕਿ ਬੰਗਲੂਰੂ ਦੇ ਸਬੰਧਤ ਵਿੱਦਿਅਕ ਅਦਾਰੇ ਕੋਲੋਂ ਜਵਾਬ ਤਲਬੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਧਾਰਮਿਕ ਆਜ਼ਾਦੀ ਨੂੰ ਦਬਾਉਣ ਦੇ ਵਰਤਾਰੇ ਨੂੰ ਸਿੱਖ ਭਾਈਚਾਰਾ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਦੇਸ਼ ਦੀ ਆਜ਼ਾਦੀ ਲਈ 80 ਫ਼ੀਸਦੀ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ। ਇਸੇ ਦੌਰਾਨ ਉਨ੍ਹਾਂ ਪ੍ਰਧਾਨ ਮੰਤਰੀ ਤੋਂ ਵੀ ਮੰਗ ਕੀਤੀ ਹੈ ਕਿ ਉਹ ਅਜਿਹੇ ਮਾਮਲਿਆਂ ਵਿਚ ਦਖ਼ਲ ਦੇਣ ਅਤੇ ਹਰ ਸੂਬੇ ਨੂੰ ਲੋਕਾਂ ਦੀ ਧਾਰਮਿਕ ਆਜ਼ਾਦੀ ਬਰਕਰਾਰ ਰੱਖਣ ਦੀਆਂ ਹਦਾਇਤਾਂ ਜਾਰੀ ਕਰਨ।
ਹਵਾਰਾ ਕਮੇਟੀ ਨੇ ਆਖਿਆ ਕਿ ਵਿੱਦਿਅਕ ਅਦਾਰੇ ਦੇ ਇਸ ਫ਼ੈਸਲੇ ਕਾਰਨ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਕਮੇਟੀ ਆਗੂ ਪ੍ਰੋ. ਬਲਜਿੰਦਰ ਸਿੰਘ ਨੇ ਦੱਸਿਆ ਕਿ ਵਿਦਿਆਰਥਣ ਦੇ ਪਿਤਾ ਗੁਰਚਰਨ ਸਿੰਘ ਨੇ ਇਸ ਸਬੰਧੀ ਬੰਗਲੂਰੂ ਦੇ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਨੂੰ ਪੱਤਰ ਭੇਜ ਕੇ ਜਾਣੂ ਕਰਵਾਇਆ ਹੈ। ਵਿਦਿਆਰਥਣ ਪ੍ਰੀ-ਯੂਨੀਵਰਸਿਟੀ ਦੇ ਪਹਿਲੇ ਸਾਲ ਦੀ ਵਿਦਿਆਰਥਣ ਹੈ ਅਤੇ ਕਾਲਜ ਪ੍ਰਬੰਧਕਾਂ ਨੇ ਉਸ ਨੂੰ ਦਫ਼ਤਰ ਬੁਲਾ ਕੇ ਦਸਤਾਰ ਉਤਾਰਨ ਲਈ ਕਿਹਾ, ਜਿਸ ’ਤੇ ਉਸ ਨੇ ਮਨ੍ਹਾਂ ਕਰ ਦਿੱਤਾ।
ਨਿਹੰਗ ਜਥੇਬੰਦੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਇਸ ਨੂੰ ਨਿੰਦਣਯੋਗ ਫ਼ੈਸਲਾ ਆਖਿਆ ਹੈ। ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਜਾਗੋ ਪਾਰਟੀ ਦੇ ਮੁਖੀ ਮਨਜੀਤ ਸਿੰਘ ਜੀਕੇ ਨੇ ਇਸ ਦਾ ਸਖ਼ਤ ਵਿਰੋਧ ਕਰਦਿਆਂ ਕਿਹਾ ਕਿ ਇਸ ਫ਼ੈਸਲੇ ਨੂੰ ਕਰਨਾਟਕ ਹਾਈ ਕੋਰਟ ਅਤੇ ਸੁਪਰੀਮ ਕੋਰਟ ਤੋਂ ਇਲਾਵਾ ਕੌਮੀ ਘੱਟ ਗਿਣਤੀ ਕਮਿਸ਼ਨ ਕੋਲ ਵੀ ਲਿਜਾਇਆ ਜਾਵੇਗਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly