ਚੰਡੀਗੜ੍ਹ (ਸਮਾਜ ਵੀਕਲੀ) ਪੰਜਾਬ ਕਾਂਗਰਸ ਤੋਂ ਬਾਅਦ ਹੁਣ ਸੂਬੇ ਦੀ ਰਾਜਧਾਨੀ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਕਾਂਗਰਸ ਵਿੱਚ ਪੈਦਾ ਹੋਇਆ ਕਾਟੋ-ਕਲੈਸ਼ ਲਗਾਤਾਰ ਵਧਦਾ ਜਾ ਰਿਹਾ ਹੈ। ਇਕ ਪਾਸੇ ਜਿੱਥੇ ਸਾਬਕਾ ਪ੍ਰਧਾਨ ਅਤੇ ਕਾਰਜਕਾਰਨੀ ਦੇ ਮੈਂਬਰ ਪ੍ਰਦੀਪ ਛਾਬੜਾ ਵੱਲੋਂ ਪਾਰਟੀ ਪ੍ਰਧਾਨ ਸੁਭਾਸ਼ ਚਾਵਲਾ ਅਤੇ ਸੀਨੀਅਰ ਆਗੂ ਪਵਨ ਕੁਮਾਰ ਬਾਂਸਲ ਬਾਰੇ ਸਵਾਲ ਉਠਾਏ ਜਾ ਰਹੇ ਹਨ। ਇਸੇ ਦੌਰਾਨ ਅੱਜ ਕਾਂਗਰਸ ਦੇ ਛੇ ਸੀਨੀਅਰ ਆਗੂਆਂ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅਸਤੀਫ਼ਾ ਦੇਣ ਵਾਲਿਆਂ ਵਿੱਚ ਜਗਤਾਰ ਸਿੰਘ, ਰਜਵੀਸ਼ ਭਾਰਦਵਾਜ, ਬੇਅੰਤ ਸਿੰਘ, ਵਰਿੰਦਰ ਸਿੰਘ, ਦਿਨੇਸ਼ ਸ਼ਰਮਾ ਅਤੇ ਚਰਨਜੀਤ ਸ਼ਰਮਾ ਸ਼ਾਮਲ ਹਨ।
ਇਨ੍ਹਾਂ ਆਗੂਆਂ ਨੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਨਾਮ ਈ-ਮੇਲ ਰਾਹੀ ਅਸਤੀਫ਼ਾ ਭੇਜਿਆ ਹੈ। ਇਸ ਬਾਰੇ ਸਾਬਕਾ ਪ੍ਰਧਾਨ ਪ੍ਰਦੀਪ ਛਾਬੜਾ ਨੇ ਦੱਸਿਆ ਕਿ ਪਾਰਟੀ ਤੋਂ ਅਸਤੀਫ਼ਾ ਦੇਣ ਵਾਲੇ ਵਿਅਕਤੀ ਪੁਰਾਣੇ ਸਮੇਂ ਵਿੱਚ ਪਾਰਟੀ ਦੇ ਵੱਖ-ਵੱਖ ਅਹੁਦਿਆਂ ’ਤੇ ਕੰਮ ਕਰ ਚੁੱਕੇ ਹਨ। ਅੱਜ ਪਾਰਟੀ ਹਾਈਕਮਾਨ ਵੱਲੋਂ ਸੀਨੀਅਰ ਆਗੂਆਂ ਨੂੰ ਨਜ਼ਰਅੰਦਾਜ ਕੀਤਾ ਜਾ ਰਿਹਾ ਹੈ ਜਿਸ ਦੇ ਰੋਸ ਵੱਜੋਂ ਉਨ੍ਹਾਂ ਵੱਲੋਂ ਪਾਰਟੀ ਤੋਂ ਅਸਤੀਫ਼ਾ ਦਿੱਤਾ ਗਿਆ ਹੈ। ਕਾਂਗਰਸੀ ਵਰਕਰਾਂ ਨੇ ਅਸਤੀਫ਼ੇ ਵਿੱਚ ਕਿਹਾ ਹੈ ਕਿ ਕੁਝ ਲੋਕ ਪਾਰਟੀ ਨੂੰ ਕੰਪਨੀ ਦੀ ਤਰ੍ਹਾਂ ਚਲਾਉਣਾ ਚਾਹੁੰਦੇ ਹਨ, ਜਿੱਥੇ ਵਿਰੋਧ ਕਰਨ ਵਾਲਿਆਂ ਨੂੰ ਪਿੱਛੇ ਹਟਾ ਦਿੱਤਾ ਜਾਂਦਾ ਹੈ।
ਦੂਜੇ ਪਾਸੇ ਚੰਡੀਗੜ੍ਹ ਕਾਂਗਰਸ ਵੱਲੋਂ ਵੀਰਵਾਰ ਨੂੰ ਨਵੀਂ ਕਾਰਜਕਾਰਨੀ ਦੀ ਮੀਟਿੰਗ ਰੱਖੀ ਗਈ ਹੈ ਜਿਸ ਵਿੱਚ ਨਵੀਂ ਟੀਮ ਦੇ ਸਾਰੇ ਮੈਂਬਰਾਂ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਇਸ ਬਾਰੇ ਸ੍ਰੀ ਛਾਬੜਾ ਨੇ ਕਿਹਾ ਕਿ ਉਨ੍ਹਾਂ ਨੂੰ ਪ੍ਰਧਾਨ ਸੁਭਾਸ਼ ਚਾਵਲਾ ਨੇ ਫੋਨ ਕਰ ਕੇ ਸੂਚਿਤ ਨਹੀਂ ਕੀਤਾ ਹੈ। ਪਾਰਟੀ ਦੇ ਸੀਨੀਅਰ ਆਗੂ ਹੋਣ ਕਾਰਨ ਪ੍ਰਧਾਨ ਨੂੰ ਉਨ੍ਹਾਂ ਨੂੰ ਫੋਨ ਕਰ ਕੇ ਸੱਦਾ ਦੇਣਾ ਚਾਹੀਦਾ ਹੈ। ਜਦੋਂ ਤੱਕ ਪ੍ਰਧਾਨ ਫੋਨ ਰਾਹੀਂ ਸੱਦਾ ਨਹੀਂ ਦੇਣਗੇ ਉਹ ਕਾਰਜਕਾਰਨੀ ਦੀ ਮੀਟਿੰਗ ਵਿੱਚ ਨਹੀਂ ਜਾਣਗੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly