ਨਸ਼ਿਆਂ ਦੇ ਖ਼ਾਤਮੇ ਲਈ ਸਮਾਜ ਦੇ ਸਾਰੇ ਵਰਗਾਂ ਦੀ ਸਰਗਰਮ ਭੂਮਿਕਾ ਦੀ ਲੋੜ – ਰਾਜੀਵ ਵਰਮਾ

ਐਨਕਾਰਡ’ ਦੀ ਮੀਟਿੰਗ ‘ਚ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਅਹਿਮ ਵਿਚਾਰਾਂ

ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਜ਼ਿਲ੍ਹੇ ਵਿਚ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੀ ਸਮੀਖਿਆ ਅਤੇ ਅਗੇਤੀ ਕਾਰਜ ਯੋਜਨਾ ’ਤੇ ਚਰਚਾ ਲਈ ਅੱਜ ਨਾਰਕੋ ਕੋ-ਆਰਡੀਨੇਸ਼ਨ ਸੈਂਟਰ (ਐਨਕਾਰਡ) ਮਕੈਨਿਜ਼ਮ ਤਹਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਮਹੱਤਵਪੂਰਨ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜਾ) ਰਾਜੀਵ ਵਰਮਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਪੁਲਿਸ, ਸਿਹਤ ਅਤੇ ਸਕੂਲ ਸਿੱਖਿਆ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਖਿਲਾਫ਼ ਲੜਾਈ ਵਿਚ ਸਿਰਫ ਪ੍ਰਸ਼ਾਸਨ ਦੀ ਹੀ ਨਹੀ, ਬਲਕਿ ਸਮਾਜ ਦੇ ਸਾਰੇ ਵਰਗਾਂ ਦੀ ਸਰਗਰਮ ਭੂਮਿਕਾ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਾਨੂੰ ਮਿਲ ਕੇ ਇਸ ਤਰ੍ਹਾਂ ਦੇ ਕਦਮ ਚੁੱਕਣੇ ਹੋਣਗੇ, ਜੋ ਨਾ ਕੇਵਲ ਨਸ਼ੇ ਦੀ ਰੋਕਥਾਮ ਕਰਨ, ਬਲਕਿ ਇਸ ਦੇ ਖ਼ਿਲਾਫ਼ ਲੋਕ ਜਾਗਰੂਕਤਾ ਵੀ ਪੈਦਾ ਕਰਨ। ਉਨ੍ਹਾਂ ਮੌਜੂਦ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ-ਆਪਣੇ ਵਿਭਾਗਾਂ ਵਿਚ ਨਸ਼ਿਆਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਦੀ ਪ੍ਰਗਤੀ ਦੀ ਲਗਾਤਾਰ ਸਮੀਖਿਆ ਕਰਨ ਅਤੇ ਇਸ ਦਿਸ਼ਾ ਵਿਚ ਹੋਰ ਵੀ ਠੋਸ ਕਦਮ ਚੁੱਕਣ। ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਹਦਾਇਤ ਕੀਤੀ। ਪੁਲਿਸ ਵਿਭਾਗ ਦੇ ਅਧਿਕਾਰੀਆਂ ਨੇ ਮੀਟਿੰਗ ਦੌਰਾਨ ਨਸ਼ਿਆਂ ਖ਼ਿਲਾਫ਼ ਪੁਲਿਸ ਵਿਭਾਗ ਦੀ ਹੁਣ ਤੱਕ ਕੀਤੀ ਕਾਰਗੁਜਾਰੀ ’ਤੇ ਚਾਨ੍ਹਣਾ ਪਾਇਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਨੇ ਨਸ਼ਾ ਤਸਕਰਾਂ ’ਤੇ ਸਖ਼ਤੀ ਨਾਲ ਸ਼ਿਕੰਜਾ ਕੱਸਣ ਲਈ ਲਗਾਤਾਰ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਨਸ਼ੇ ਦੇ ਨੈੱਟਵਰਕ ਨੂੰ ਤੋੜਨ ਲਹੀ ਹਰ ਸੰਭਵ ਯਤਨ ਕਰ ਰਿਹਾ ਹੈ ਅਤੇ ਇਸ ਵਿਚ ਜਨਤਾ ਦਾ ਸਹਿਯੋਗ ਵੀ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਥਾਣਿਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਨਸ਼ੇ ਦੇ ਖਿਲਾਫ ਲੋਕ ਜਾਗਰੂਕਤਾ ਮੁਹਿੰਮ ਚਲਾਉਣ ਅਤੇ ਸਮਾਜ ਦੇ ਹਰ ਵਰਗ ਨੂੰ ਇਸ ਵਿਚ ਸ਼ਾਮਿਲ ਕਰਨ। ਇਸ ਤੋਂ ਇਲਾਵਾ ਸਿਹਤ ਵਿਭਾਗ ਨੇ ਨਸ਼ਾ ਮੁਕਤ ਕੇਂਦਰਾਂ ਦੀ ਸਥਿਤੀ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ਦੀ ਜਾਣਕਾਰੀ ਦਿੱਤੀ। ਇਸੇ ਤਰ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਨਸ਼ੇ ਖ਼ਿਲਾਫ਼ ਉਨ੍ਹਾਂ ਵੱਲੋਂ ਚੁੱਕੇ ਗਏ ਕਦਮਾਂ ਦੀ ਜਾਣਕਾਰੀ ਦਿੱਤੀ। ਇਸ ਮੌਕੇ ਐਸ.ਡੀ.ਐਮ ਬਲਾਚੌਰ ਪ੍ਰੀਤਇੰਦਰ ਸਿੰਘ ਬੈਂਸ, ਡੀ. ਐਸ. ਪੀ ਲਖਵੀਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

 

Previous articleਡਾਕਟਰ ਅੰਬੇਡਕਰ ਦੀ ਸ਼ਾਨ ਖਿਲਾਫ ਬੋਲਣ ਤੇ ਅਮਿਤ ਸ਼ਾਹ ਦਾ ਪੁਤਲਾ ਫੂਕ ਕੇ ਵਿਰੋਧ ਜਤਾਇਆ
Next articleਅਲਸਹੇਬ ਕੈਂਪ ਦੇ ਕਿਰਤੀਆਂ ਨੇ ਸਾਹਿਬਜਾਦਿਆ ਦੀ ਸ਼ਹਾਦਤ ਨੂੰ ਸਮਰਪਿਤ ਦੁੱਧ ਦਾ ਲੰਗਰ ਲਗਾਇਆ