ਨਵੀਂ ਦਿੱਲੀ (ਸਮਾਜ ਵੀਕਲੀ): ਯੂਪੀ, ਉੱਤਰਾਖੰਡ, ਮਨੀਪੁਰ, ਗੋਆ ਅਤੇ ਪੰਜਾਬ ਵਿੱਚ ਕਾਂਗਰਸ ਦੀ ਚੋਣ ਹਾਰ ਦੇ ਕਾਰਨਾਂ ਦੀ ਪੜਚੋਲ ਕਰਨ ਲਈ ਕਾਂਗਰਸ ਵਰਕਿੰਗ ਕਮੇਟੀ (ਸੀਡਬਲਿਊਸੀ) ਦੀ ਮੀਟਿੰਗ ਸਮਾਪਤ ਹੋ ਗਈ ਹੈ। ਇਹ ਜਾਣਕਾਰੀ ਮਿਲੀ ਹੈ ਕਿ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਵਿਚ ਅੰਤਿਮ ਫੈਸਲਾ ਹੋਇਆ ਕਿ ਸੋਨੀਆ ਗਾਂਧੀ ਦੀ ਅਗਵਾਈ ਹੇਠ ਹੀ ਅੱਗੇ ਵਧਿਆ ਜਾਵੇਗਾ।ਦੂਜੇ ਪਾਸੇ ਸੋਨੀਆ ਗਾਂਧੀ ਨੇ ਕਿਹਾ ਕਿ ਜੇ ਗਾਂਧੀ ਪਰਿਵਾਰ ਕਾਰਨ ਕਾਂਗਰਸ ਕਮਜ਼ੋਰ ਹੋ ਰਹੀ ਹੈ ਤਾਂ ਉਹ ਹਰ ਤਿਆਗ ਕਰਨ ਲਈ ਤਿਆਰ ਹਨ। ਮੀਟਿੰਗ ਤੋਂ ਬਾਅਦ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਪਾਰਟੀ ਦਾ ਹਰ ਵਰਕਰ ਚਾਹੁੰਦਾ ਹੈ ਕਿ ਰਾਹੁਲ ਗਾਂਧੀ ਪਾਰਟੀ ਦੀ ਅਗਵਾਈ ਕਰੇ ਪਰ ਕਾਂਗਰਸ ਮੁਖੀ ਦਾ ਫੈਸਲਾ 20 ਅਗਸਤ ਨੂੰ ਹੋਣ ਵਾਲੀ ਮੀਟਿੰਗ ਵਿਚ ਕੀਤਾ ਜਾਵੇਗਾ। ਕਾਂਗਰਸੀ ਆਗੂ ਅਧੀਰ ਰੰਜਨ ਚੌਧਰੀ ਨੇ ਦੱਸਿਆ ਕਿ ਸੀਡਬਲਿਊਸੀ ਦੀ ਮੀਟੰਗ ਗਿਚ ਪਾਰਟੀ ਦੀ ਅੰਤਰਿਮ ਮੁਖੀ ਸੋਨੀਆ ਗਾਂਧੀ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਸਣੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇਣ ਲਈ ਤਿਆਰ ਸੀ ਪਰ ਮੀਟਿੰਗ ਵਿਚ ਮੌਜੂਦ ਸਾਰੇ ਆਗੂਆਂ ਨੇ ਇਨਕਾਰ ਕਰ ਦਿੱਤਾ ਤੇ ਸੋਨੀਆ ਗਾਂਧੀ ਦੀ ਅਗਵਾਈ ਹੀ ਕਬੂਲਣ ਲਈ ਸਹਿਮਤੀ ਬਣੀ।
ਮੀਟਿੰਗ ਵਿਚ ਇਸ ਤੋਂ ਪਹਿਲਾਂ ਪਾਰਟੀ ਆਗੂਆਂ ਨੇ ਰਾਹੁਲ ਗਾਂਧੀ ਨੂੰ ਪ੍ਰਧਾਨ ਬਣਾਉਣ ਦੀ ਪੈਰਵੀ ਕੀਤੀ ਸੀ। ਇਸ ਬੈਠਕ ਦੀ ਪ੍ਰਧਾਨਗੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕੀਤੀ ਜਿਸ ‘ਚ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਵਾਡਰਾ ਤੋਂ ਇਲਾਵਾ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਜੀ 23 ਮੈਂਬਰ ਗ਼ਲਾਮ ਨਬੀ ਆਜ਼ਾਦ ਅਤੇ ਆਨੰਦ ਸ਼ਰਮਾ ਮੌਜੂਦ ਸਨ। ਇਸ ਤੋਂ ਪਹਿਲਾਂ ਕਾਂਗਰਸ ਦੇ ਸੀਨੀਅਰ ਆਗੂਆਂ ਨੇ ਸੋਮਵਾਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਬਜਟ ਸੈਸ਼ਨ ਲਈ ਪਾਰਟੀ ਦੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ ਜਨਹਿੱਤ ਦੇ ਅਹਿਮ ਮੁੱਦਿਆਂ ਨੂੰ ਹੋਰ ਪਾਰਟੀਆਂ ਨਾਲ ਉਠਾਉਣ ਦਾ ਫੈਸਲਾ ਕੀਤਾ। ਕਾਂਗਰਸ ਦੇ ਸੰਸਦੀ ਰਣਨੀਤੀ ਗਰੁੱਪ ਦੀ ਮੀਟਿੰਗ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਦੀ ਰਿਹਾਇਸ਼ ‘ਤੇ ਹੋਈ। ਰਾਜ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਨੇ ਬੈਠਕ ਤੋਂ ਬਾਅਦ ਪੱਤਰਕਾਰਾਂ ਨੂੰ ਕਿਹਾ, ‘’ਅਸੀਂ ਸੋਮਵਾਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਬਜਟ ਸੈਸ਼ਨ ‘ਚ ਉਠਾਏ ਜਾਣ ਵਾਲੇ ਮੁੱਦਿਆਂ ‘ਤੇ ਚਰਚਾ ਕੀਤੀ।’
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly