ਨਵੀਂ ਦਿੱਲੀ (ਸਮਾਜ ਵੀਕਲੀ): ਕਾਂਗਰਸ ਦੀ ਅੰਤਰਿਮ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੇ ਅੱਜ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨਾਲ ਮੁਲਾਕਾਤ ਕਰ ਕੇ ਪੰਜਾਬ ਕਾਂਗਰਸ ਦੇ ਮੌਜੂਦਾ ਹਾਲਾਤ ਬਾਰੇ ਚਰਚਾ ਕੀਤੀ। ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਦਿੱਤੇ ਅਸਤੀਫ਼ੇ ਮਗਰੋਂ ਹੋਈ ਇਹ ਮੀਟਿੰਗ ਦੀ ਅਹਿਮੀਅਤ ਹੋਰ ਵੀ ਵਧ ਗਈ ਹੈ। ਸ੍ਰੀਮਤੀ ਗਾਂਧੀ ਨੇ ਬੀਤੇ ਦਿਨ ਪੰਜਾਬ ਸਣੇ ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ ਤੇ ਮਨੀਪੁਰ ਦੇ ਸੂਬਾ ਕਾਂਗਰਸ ਪ੍ਰਧਾਨਾਂ ਤੋਂ ਵੀ ਅਸਤੀਫ਼ੇ ਮੰਗ ਲਏ ਸਨ। ਇਨ੍ਹਾਂ ਰਾਜਾਂ ਵਿੱਚ ਨਮੋਸ਼ੀਜਨਕ ਹਾਰ ਮਗਰੋਂ ਪਾਰਟੀ ਵਿੱਚ ਕੌਮੀ ਪੱਧਰ ’ਤੇ ਉੱਥਲ-ਪੁਥਲ ਮੱਚ ਗਈ ਹੈ।
ਸੂਤਰਾਂ ਮੁਤਾਬਕ ਕਾਂਗਰਸ ਪ੍ਰਧਾਨ ਨਾਲ ਮੀਟਿੰਗ ਦੌਰਾਨ ਕੁਝ ਸੰਸਦ ਮੈਂਬਰਾਂ ਨੇ ਨਵਜੋਤ ਸਿੰਘ ਸਿੱਧੂ ਤੇ ਸੁਨੀਲ ਜਾਖੜ ਦੀ ਭੂਮਿਕਾ ਉਪਰ ਵੀ ਉਂਗਲ ਉਠਾਈ। ਮੀਟਿੰਗ ਵਿੱਚ ਗੁਰਜੀਤ ਸਿੰਘ ਔਜਲਾ, ਚੌਧਰੀ ਸੰਤੋਖ ਸਿੰਘ, ਰਵਨੀਤ ਸਿੰਘ ਬਿੱਟੂ ਤੇ ਜਸਵੀਰ ਸਿੰਘ ਡਿੰਪਾ ਸ਼ਾਮਲ ਹੋਏ। ਸੂਤਰਾਂ ਮੁਤਾਬਕ ਸ੍ਰੀਮਤੀ ਗਾਂਧੀ ਨੇ ਇਸ ਬੈਠਕ ਵਿੱਚ ਸ਼ਾਮਲ ਸੰਸਦ ਮੈਂਬਰਾਂ ਤੋਂ ਉਨ੍ਹਾਂ ਦੇ ਲੋਕ ਸਭਾ ਖੇਤਰਾਂ ਦੀ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ। ਸੂਤਰਾਂ ਨੇ ਦੱਸਿਆ ਕਿ ਸੰਸਦ ਮੈਂਬਰਾਂ ਨੇ ਟਿਕਟਾਂ ਦੀ ਵੰਡ ਨੂੰ ਲੈ ਕੇ ਦਿੱਲੀ ਦੇ ਕਾਂਗਰਸੀ ਆਗੂ ਅਜੈ ਮਾਕਨ ਖ਼ਿਲਾਫ਼ ਖਾਸੀ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਕੁਝ ਨੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੂੰ ਵੀ ਨਿਸ਼ਾਨੇ ’ਤੇ ਲਿਆ। ਟਿਕਟਾਂ ਦੀ ਵੰਡ ਸਮੇਂ ਪੈਸੇ ਲੈਣ ਦੀ ਗੱਲ ਵੀ ਬਾਹਰ ਆਈ ਹੈ। ਇਹ ਬੈਠਕ ਕਰੀਬ 50 ਮਿੰਟ ਤੱਕ ਚੱਲੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly