ਸੋਨੀ ਵੱਲੋਂ ਗੁਰਦੁਆਰੇ ਦੀ ਮੁਰੰਮਤ ਲਈ 10 ਲੱਖ ਦੇਣ ਦਾ ਐਲਾਨ

ਅੰਮ੍ਰਿਤਸਰ (ਸਮਾਜ ਵੀਕਲੀ):  ਇੱਥੇ ਟੈਲੀਫੋਨ ਐਕਸਚੇਂਜ ਨੇੜੇ ਸਥਿਤ ਗੁਰਦੁਆਰਾ ਹਵੇਲੀ ਅਰੂੜ ਸਿੰਘ ਵਿਖੇ ਬੀਤੇ ਦਿਨੀਂ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ ਅੱਗ ਕਰ ਕੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਅੱਜ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਗੁਰਦੁਆਰੇ ਪੁੱਜੇ। ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਗੁਰਦੁਆਰੇ ਵਿਚ ਅੱਗ ਲੱਗਣ ਦੀ ਘਟਨਾ ਬੜੀ ਮੰਦਭਾਗੀ ਹੈ ਪਰ ਗੁਰੂ ਕਿਰਪਾ ਨਾਲ ਸੰਗਤ ਨੇ ਅੱਗ ਦੇ ਬਾਵਜੂਦ ਪਾਵਨ ਸਰੂਪਾਂ ਨੂੰ ਬਾਹਰ ਕੱਢ ਕੇ ਸੁਰੱਖਿਅਤ ਥਾਂ ’ਤੇ ਪੁਹੰੰਚਾ ਦਿੱਤਾ। ਉਨ੍ਹਾਂ ਅੱਗ ਕਾਰਨ ਗੁਰਦੁਆਰੇ ਵਿਖੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਇਮਾਰਤ ਦੀ ਮੁਰੰਮਤ ਲਈ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਹੋਰ ਫੰਡਾਂ ਦੀ ਜ਼ਰੂਰਤ ਪਈ ਤਾਂ ਉਹ ਵੀ ਦਿੱਤੇ ਜਾਣਗੇ। ਉਨ੍ਹਾਂ ਦੁੱਖ ਜ਼ਾਹਿਰ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਰੋਕਣ ਲਈ ਮੁਕੰਮਲ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਗੁਰਦੁਆਰਾ ਕਮੇਟੀ ਦੇ ਮੈਂਬਰਾਂ ਨੇ ਸ੍ਰੀ ਸੋਨੀ ਦਾ ਧੰਨਵਾਦ ਕੀਤਾ। ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਰਾਜਬੀਰ ਕੌਰ, ਕੁਲਵੰਤ ਸਿੰਘ, ਦਰਸ਼ਨ ਸਿੰਘ, ਸੋਨੂੰ ਤੇ ਨਗੀਨਾ ਪਹਿਲਵਾਨ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ।

ਇਸੇ ਦੌਰਾਨ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਵਾਰਡ ਨੰਬਰ 55 ਅਧੀਨ ਇਲਾਕਾ ਕਿਸ਼ਨ ਕੋਟ ਇਸਲਾਮਾਬਾਦ ਵਿੱਚ ਸਮਾਰਟ ਸਿਟੀ ਤਹਿਤ 35 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਪਾਰਕ ਦਾ ਉਦਘਾਟਨ ਕੀਤਾ। ਲੋਕਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਕਰੋਨਾ ਦਾ ਨਵਾਂ ਸਰੂਪ ਓਮੀਕਰੋਨ ਬੜੀ ਤੇਜ਼ੀ ਨਾਲ ਫੈਲ ਰਿਹਾ ਹੈ, ਇਸ ਵਾਸਤੇ ਇਸ ਤੋਂ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਓਮੀਕਰੋਨ ਨਾਲ ਨਿਪਟਣ ਲਈ ਪੂਰੀ ਤਿਆਰੀ ਕਰ ਲਈ ਹੈ ਅਤੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਲੋਕਾਂ ਨੂੰ ਇਸ ਬਿਮਾਰੀ ਤੋ ਬਚਣ ਲਈ ਮਾਸਕ ਦੀ ਵਰਤੋਂ ਯਕੀਨੀ ਬਣਾਉਣ ਅਤੇ ਭੀੜ ਵਾਲੀਆਂ ਥਾਵਾਂ ’ਤੇ ਜਾਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਕਰੋਨਾ ਵਿਰੋਧੀ ਟੀਕੇ ਦੀਆਂ ਦੋਵੇਂ ਡੋਜ਼ਾਂ ਲਗਵਾਉਣ ਲਈ ਵੀ ਪ੍ਰੇਰਿਆ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਅਰੁਣ ਪੱਪਲ, ਕੌਂਸਲਰ ਵਿਕਾਸ ਸੋਨੀ, ਕੌਂਸਲਰ ਸੁਦੇਸ਼ ਕੁਮਾਰੀ, ਸੁਰਿੰਦਰ ਕੁਮਾਰ ਆਦਿ ਹਾਜ਼ਰ ਸਨ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਸਿੱਧੂ ਦੇ ਘਰ ਦੇ ਬਾਹਰ ਪ੍ਰਦਰਸ਼ਨ
Next articleਮੋਦੀ ਜੀ ਕੀ ਇਹ ਸੱਚ ਹੈ: ਖੜਗੇ