ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੀ ਅਗਵਾਈ ਹੇਠ ਮਲਟੀਪਰਪਜ ਹੈਲਥ ਵਰਕਰ (ਫੀਮੇਲ) ਟ੍ਰੇਨਿੰਗ ਸਕੂਲ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਅੰਤਰਰਾਸ਼ਟਰੀ ਨਰਸਿੰਗ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਦਾ ਉਦੇਸ਼ ਨਰਸਿੰਗ ਪੇਸ਼ੇ ਨਾਲ ਜੁੜੇ ਸਿਹਤ ਕਰਮਚਾਰੀਆਂ ਦੀ ਨਿਸ਼ਕਾਮ ਸੇਵਾ, ਸਮਰਪਣ ਅਤੇ ਮਨੁੱਖਤਾ ਪ੍ਰਤੀ ਯੋਗਦਾਨ ਨੂੰ ਸਨਮਾਨਿਤ ਕਰਨਾ ਸੀ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਮਨਦੀਪ ਕਮਲ ਨੇ ਕਿਹਾ ਕਿ ਨਰਸਿੰਗ ਪੇਸ਼ਾ ਸਿਰਫ਼ ਇੱਕ ਨੌਕਰੀ ਨਹੀਂ, ਸਗੋਂ ਮਨੁੱਖਤਾ ਦੀ ਸੇਵਾ ਦਾ ਸਭ ਤੋਂ ਉੱਚਾ ਮਾਧਿਅਮ ਹੈ। ਉਨ੍ਹਾਂ ਕਿਹਾ ਕਿ ਨਰਸਾਂ ਸਿਹਤ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ, ਜੋ ਦਿਨ-ਰਾਤ ਮਰੀਜ਼ਾਂ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਉਂਦੀਆਂ ਹਨ। ਉਨ੍ਹਾਂ ਨੇ ਨਰਸਿੰਗ ਵਿਦਿਆਰਥਣਾਂ ਨੂੰ ਆਪਣੇ ਪੇਸ਼ੇ ਪ੍ਰਤੀ ਇਮਾਨਦਾਰੀ, ਸੇਵਾ ਭਾਵਨਾ ਅਤੇ ਸੰਵੇਦਨਸ਼ੀਲਤਾ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਅੱਗੇ ਕਿਹਾ ਕਿ ਸਿਹਤ ਵਿਭਾਗ ਪੰਜਾਬ ਵੱਲੋਂ ਨਰਸਿੰਗ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਵਿਦਿਆਰਥੀਆਂ ਨੂੰ ਗੁਣਵੱਤਾਪੂਰਨ ਸਿਖਲਾਈ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਨਰਸਿੰਗ ਸਟਾਫ਼ ਅਤੇ ਵਿਦਿਆਰਥਣਾਂ ਦੀ ਕੋਵਿਡ ਮਹਾਂਮਾਰੀ ਸਮੇਤ ਵੱਖ-ਵੱਖ ਸਿਹਤ ਮੁਹਿੰਮਾਂ ਵਿੱਚ ਦਿੱਤੀਆਂ ਗਈਆਂ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਏ.ਐੱਨ.ਐੱਮ. ਟ੍ਰੇਨਿੰਗ ਸੈਂਟਰ ਦੀ ਪ੍ਰਿੰਸੀਪਲ ਸੁਖਵਿੰਦਰ ਕੌਰ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਨਰਸਿੰਗ ਪੇਸ਼ਾ ਮਨੁੱਖਤਾ ਦੀ ਸੇਵਾ ਦਾ ਸਭ ਤੋਂ ਉੱਚਾ ਅਤੇ ਸਤਿਕਾਰਯੋਗ ਪੇਸ਼ਾ ਹੈ। ਉਨ੍ਹਾਂ ਕਿਹਾ ਕਿ ਨਰਸਾਂ ਮਰੀਜ਼ਾਂ ਦੀ ਸੇਵਾ, ਦੇਖਭਾਲ ਅਤੇ ਹੌਸਲਾ ਵਧਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨੇ ਨਰਸਿੰਗ ਵਿਦਿਆਰਥਣਾਂ ਨੂੰ ਆਪਣੇ ਫਰਜ਼ਾਂ ਨੂੰ ਇਮਾਨਦਾਰੀ, ਸਮਰਪਣ ਅਤੇ ਸੇਵਾ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।ਵਿਦਿਆਰਥਣਾਂ ਵੱਲੋਂ ਪੇਸ਼ ਕੀਤੇ ਗਏ ਭਾਸ਼ਨਾਂ, ਕਵਿਤਾਵਾਂ ਵਿੱਚ ਨਰਸਾਂ ਦੀ ਸਿਹਤ ਸੰਭਾਲ ਵਿੱਚ ਭੂਮਿਕਾ, ਮਰੀਜ਼ਾਂ ਪ੍ਰਤੀ ਸੇਵਾ ਭਾਵਨਾ ਅਤੇ ਐਮਰਜੈਂਸੀ ਹਾਲਾਤਾਂ ਵਿੱਚ ਉਨ੍ਹਾਂ ਦੀ ਮਹੱਤਤਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ। ਪ੍ਰੋਗਰਾਮ ਦੌਰਾਨ ਹਾਜ਼ਰ ਸਟਾਫ਼ ਅਤੇ ਮਹਿਮਾਨਾਂ ਨੇ ਵਿਦਿਆਰਥਣਾਂ ਦੀਆਂ ਪੇਸ਼ਕਾਰੀਆਂ ਦੀ ਭਰਪੂਰ ਪ੍ਰਸ਼ੰਸਾ ਕੀਤੀ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



