ਹਲਵਾਰਾ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਹੋਣ ਨਾਲ ਇਲਾਕਾ ਵਪਾਰਕ ਹੱਬ ਵਜੋਂ ਵਿਕਸਤ ਹੋਵੇਗਾ : ਡਾ.ਅਮਰ ਸਿੰਘ/ ਰਵਨੀਤ ਬਿੱਟੂ

ਕਿਹਾ! ਸੂਬੇ ਵਿੱਚ ਪ੍ਰਵਾਸੀਆਂ ਪੰਜਾਬੀਆਂ ਵੱਲੋਂ ਨਿਵੇਸ਼ ਵਧੇਗਾ ਅਤੇ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ

-ਲੋਕ ਸਭਾ ਮੈਂਬਰਾਂ ਵੱਲੋਂ ਪਿੰਡ ਐਤੀਆਣਾ ਵਿਖੇ ਹਵਾਈ ਅੱਡੇ ਦੇ ਵਿਸਤਾਰ ਕਾਰਜ ਦਾ ਜਾਇਜ਼ਾ

ਰਾਏਕੋਟ (ਸਮਾਜ ਵੀਕਲੀ) (ਗੁਰਭਿੰਦਰ ਗੁਰੀ): ਹਲਵਾਰਾ ਹਵਾਈ ਅੱਡੇ ‘ਤੇ ਸ਼ੁਰੂ ਹੋਏ ਅੰਤਰਰਾਸ਼ਟਰੀ ਸਿਵਲ ਟਰਮੀਨਲ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਣ ਲਈ ਹਲਕਾ ਫਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ ਪਿੰਡ ਐਤੀਆਣਾ’ ਚ ਬਣ ਰਹੇ ਏਅਰਪੋਰਟ ਦਾ ਦੌਰਾ ਕਰ ਏਅਰਪੋਰਟ ਅਥਾਰਟੀ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਸੰਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਸੰਸਦ ਡਾ.ਅਮਰ ਸਿੰਘ ਤੇ ਸੰਸਦ ਰਵਨੀਤ ਸਿੰਘ ਬਿੱਟੂ ਨੇ ਦੱਸਿਆ ਕਿ ਅੰਤਰ-ਰਾਸ਼ਟਰੀ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਉਡਾਣਾਂ ਦਾ ਸੁਪਨਾ ਜਲਦ ਹੀ ਸੱਚ ਹੋਣ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਕਾਂਗਰਸ ਸਰਕਾਰ ਸਮੇਂ ਇਸ ਟਰਮੀਨਲ ਦੇ ਨਿਰਮਾਣ ਲਈ ਲੋੜੀਂਦੀ 161.2703 ਏਕੜ ਜ਼ਮੀਨ ਨੂੰ ਅਧਿਗ੍ਰਹਿਣ ਕਰ ਲਿਆ ਗਿਆ ਸੀ ਅਤੇ ਇਸ ਸੰਬੰਧੀ ਗਲਾਡਾ ਵੱਲੋਂ ਮੌਕੇ ਦਾ ਕਬਜ਼ਾ ਵੀ ਲੈ ਲਿਆ ਗਿਆ ਸੀ ਉਨ੍ਹਾਂ ਦੱਸਿਆ ਕਿ ਏਅਰਪੋਰਟ ਅਥਾਰਟੀ ਆਫ਼ ਇੰਡੀਆ ਅਤੇ ਪਿਛਲੀ ਸੂਬਾ ਕਾਂਗਰਸ ਸਰਕਾਰ ਦੇ ਸਾਂਝੇ ਉੱਦਮ ਨਾਲ ਪਿੰਡ ਐਤੀਆਣਾ ਤਹਿਸੀਲ ਰਾਏਕੋਟ ਦੀ ਜ਼ਮੀਨ ਵਿੱਚ ਅੰਤਰਰਾਸ਼ਟਰੀ ਸਿਵਲ ਅਤੇ ਕਾਰਗੋ ਟਰਮੀਨਲ ਵਿਕਸਤ ਕੀਤਾ ਗਿਆ ਸੀ। ਇਸ ਅੰਤਰਰਾਸ਼ਟਰੀ ਏਅਰਪੋਰਟ ਦਾ ਵਿਕਾਸ ਸੂਬੇ ਅਤੇ ਇਲਾਕੇ ਦੇ ਆਰਥਿਕ ਵਾਧੇ ਅਤੇ ਖੁਸ਼ਹਾਲੀ ਲਈ ਸਕਾਰਾਤਮਿਕ ਸੰਕੇਤ ਹੈ। ਜਿਸ ਨਾਲ ਸੂਬੇ ਵਿੱਚ ਨਿਗਮੀ ਅਤੇ ਵਪਾਰਕ ਕੰਪਨੀਆਂ ਨੂੰ ਆਰਥਿਕ ਗਤੀਵਿਧੀਆਂ ਚਲਾਉਣਾ ਦਾ ਮੌਕਾ ਮਿਲੇਗਾ। ਇਸ ਨਾਲ ਵੱਖ-ਵੱਖ ਖੇਤਰਾਂ ਵਿੱਚ ਖਾਸ ਤੌਰ ‘ਤੇ ਰੋਜ਼ਗਾਰ ਦੇ ਮੌਕੇ ਮਿਲਣਗੇ ਅਤੇ ਸੈਰ-ਸਪਾਟੇ ਨੂੰ ਵੀ ਹੁਲਾਰਾ ਮਿਲੇਗਾ। ਸੰਸਦ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਲੁਧਿਆਣਾ ਰਾਜ ਦੇ ਕੇਂਦਰੀ ਖੇਤਰ ਵਿੱਚ ਇਹ ਪ੍ਰੋਜੈਕਟ ਭੂਗੋਲਿਕ ਪੱਖੋਂ ਆਦਰਸ਼ਕ ਅਤੇ ਵਾਜ਼ਿਬ ਹੋਵੇਗਾ।

ਦੱਸਣਯੋਗ ਹੈ ਕਿ ਇਸ ਟਰਮੀਨਲ ਬਣਨ ਨਾਲ ਸੂਬੇ ਦੀ ਖਾਸ ਕਰਕੇ ਸਨਅਤੀ ਜ਼ਿਲ੍ਹਾ ਲੁਧਿਆਣਾ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਹੋਣ ਜਾ ਰਹੀ ਹੈ। ਇਸ ਪ੍ਰੋਜੈਕਟ ਦੇ ਪਹਿਲੇ ਪੜਾਅ ਦਾ ਕੰਮ ਜਿਸ ਵਿੱਚ 135.54 ਏਕੜ ਰਕਬੇ ਵਿੱਚ ਕੋਡ-4 ਸੀ ਤਰ੍ਹਾਂ ਦੇ ਜ਼ਹਾਜਾਂ ਦੇ ਓਪਰੇਸ਼ਨ ਲਈ ਪੂਰਨ ਰੂਪ ਵਿੱਚ ਨਵੇਂ ਅੰਤਰਰਾਸ਼ਟਰੀ ਸਿਵਲ ਏਅਰ ਟਰਮੀਨਲ ਦਾ ਨਿਰਮਾਣ ਕਰਨਾ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਇਹ ਪ੍ਰਾਜੈਕਟ ਇਕ ਜਾਇੰਟ ਵੈਂਚਰ ਕੰਪਨੀ (ਜੇ.ਵੀ.ਸੀ) ਦੇ ਰਾਹੀਂ ਲਾਗੂ ਕੀਤਾ ਜਾਵੇਗਾ ਜਿਸ ਵਿੱਚ ਬਹੁਮਤ ਹਿੱਸੇਦਾਰੀ 51 ਫੀਸਦੀ ਏ.ਏ.ਆਈ ਦੀ ਹੈ ਜਦਕਿ ਗ੍ਰੇਟਰ ਲੁਧਿਆਣਾ ਵਿਕਾਸ ਅਥਾਰਟੀ (ਗਲਾਡਾ) ਦੇ ਰਾਹੀਂ ਕਾਂਗਰਸ ਸਰਕਾਰ ਦੀ ਹਿੱਸੇਦਾਰੀ 49 ਫੀਸਦੀ ਹੈ। ਇਹ ਅੰਤਰਰਾਸ਼ਟਰੀ ਹਵਾਈ ਅੱਡਾ ਸਿਰਫ ਵਪਾਰਕ ਉਡਾਨਾਂ ਲਈ ਹੀ ਨਹੀਂ ਹੋਵੇਗਾ ਸਗੋਂ ਸੂਬੇ ਵਿੱਚ ਹਵਾਈ ਯਾਤਰੀਆਂ ਨੂੰ ਹਵਾਈ ਸੰਪਰਕ ਦੀਆਂ ਵਧੀਆ ਸਹੂਲਤਾਂ ਵੀ ਮੁਹੱਈਆ ਕਰਵਾਏਗਾ। ਇਸ ਦੇ ਨਾਲ ਸੂਬੇ ਦੇ ਉਦਯੋਗ ਨੂੰ ਵੀ ਲਾਭ ਪਹੁੰਚੇਗਾ।

ਉਨ੍ਹਾਂ ਕਿਹਾ ਕਿ ਇਸ ਏਅਰਪੋਰਟ ਲਈ ਜੋ ਜਮੀਨ ਦਿੱਤੀ ਗਈ ਹੈ ਉਸ ਲਈ ਪਿੰਡ ਐਤੀਆਣਾ ਦੀ ਵੱਡੀ ਦੇਣ ਹੈ ਜੋ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੂਨ 2023 ਦੇ ਅੰਤ ਤੱਕ ਤਿਆਰ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਉਹ ਹਲਵਾਰਾ ਹਵਾਈ ਅੱਡੇ ਨੂੰ ਜਲਦੀ ਅਤੇ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਸਬੰਧਤ ਕੇਂਦਰੀ ਮੰਤਰੀਆਂ ਅਤੇ ਅਧਿਕਾਰੀਆਂ ਕੋਲ ਲਗਾਤਾਰ ਮਾਮਲਾ ਉਠਾਉਂਦੇ ਆ ਰਹੇ ਹਨ। ਉਨ੍ਹਾਂ ਹਵਾਈ ਅੱਡੇ ਦੇ ਨਿਰਮਾਣ ਦੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਣ ਲਈ ਸਬੰਧਤ ਅਧਿਕਾਰੀਆਂ ਨਾਲ ਨਿੱਜੀ ਤੌਰ ਤੇ ਦੌਰੇ ਵੀ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਉਨ੍ਹਾਂ ਲਈ ਇੱਕ ‘ਡ੍ਰੀਮ ਪ੍ਰੋਜੈਕਟ’ ਹੈ ਕਿਉਂਕਿ ਇਹ ਨਾ ਸਿਰਫ਼ ਲੁਧਿਆਣਾ ਅਤੇ ਇਸ ਦੇ ਆਲੇ-ਦੁਆਲੇ ਸਗੋਂ ਪੂਰੇ ਸੂਬੇ ਵਿੱਚ ਵਪਾਰਕ ਅਤੇ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਵੇਗਾ।

ਇਸ ਮੌਕੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਲੁਧਿਆਣਾ, ਐੱਸਡੀਐੱਮ ਗੁਰਬੀਰ ਸਿੰਘ ਕੋਹਲੀ ਰਾਏਕੋਟ, ਹਲਕਾ ਇੰਚਾਰਜ ਕਾਮਿਲ ਬੋਪਾਰਾਏ, ਡੀਐੱਸਪੀ ਜਸਪਾਲ ਸਿੰਘ ਧਾਲੀਵਾਲ, ਵਿਨੋਦ ਜੈਨ (ਪੁਜਾਰੀ ਫੀਡ), ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ, ਬਲਜੀਤ ਹਲਵਾਰਾ, ਪ੍ਰਭਦੀਪ ਸਿੰਘ ਨਾਰੰਗਵਾਲ, ਨਰਾਇਣ ਦੱਤ ਕੋਸ਼ਿਕ, ਜਸਵੀਰ ਸਿੰਘ ਅੱਬੂਵਾਲ, ਚੀਫ ਇੰਜਨੀਅਰ ਪੀ. ਡਬਲਯੂ. ਡੀ. ਪਰਮਜਯੋਤੀ ਅਰੋੜਾ, ਲੋਕ ਨਿਰਮਾਣ ਵਿਭਾਗ ਤੋਂ ਹਰਿੰਦਰ ਸਿੰਘ ਢਿੱਲੋਂ, ਐਕਸੀਅਨ ਪ੍ਰਦੀਪ ਕੁਮਾਰ, ਸਰਪੰਚ ਸੁਖਦੇਵ ਸਿੰਘ ਸਿਵੀਆ ਵੀ ਹਾਜ਼ਰ ਸਨ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਹੈºਡੀਕੈਪਡ ਸੇਵਾ ਸੋਸਾਇਟੀ (ਰਜ਼ਿ.) ਸੰਸਥਾ ਨੇ ਕੀਤੀਆਂ ਵਿਚਾਰਾਂ
Next articleਏਹੁ ਹਮਾਰਾ ਜੀਵਣਾ ਹੈ -263