ਜਲੰਧਰ/ਦੁਬਈ/ਅੱਪਰਾ (ਸਮਾਜ ਵੀਕਲੀ) :- (ਜੱਸੀ)-ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਦੇ ਪੁੰਛ ਵਿਖੇ ਅੱਤਵਾਦੀਆਂ ਦੇ ਹਮਲੇ ਦੌਰਾਨ ਸ਼ਹੀਦ ਹੋਏ ਲਾਂਸ ਨਾਇਕ ਕੁਲਵੰਤ ਸਿੰਘ ਦੀ ਬੇਵਕਤੀ ਮੌਤ ‘ਤੇ ਦੁੱਖ ਪ੍ਰਗਟ ਕਰਨ ਲਈ ਮੋਗਾ ਦੇ ਪਿੰਡ ਚੜਿੱਕ ਦਾ ਦੌਰਾ ਕੀਤਾ ਅਤੇ ਹਮਲੇ ਵਿੱਚ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਦਾਨ ਕਰਨ ਦਾ ਐਲਾਨ ਕੀਤਾ। ਲਾਂਸ ਨਾਇਕ ਕੁਲਵੰਤ ਸਿੰਘ ਉਨ੍ਹਾਂ ਪੰਜ ਜਵਾਨਾਂ ਵਿੱਚ ਸ਼ਾਮਲ ਸਨ ਜੋ ਪੁੰਛ ਵਿਖੇ ਹੋਏ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਸਨ।
ਵੜਿੰਗ ਨੇ ਕਿਹਾ ਸਾਡੇ ਜਵਾਨਾਂ ਨੇ ਆਪਣੀ ਮਾਤ ਭੂਮੀ ਦੀ ਸੇਵਾ ਕਰਦਿਆਂ ਹਮੇਸ਼ਾ ਮਹਾਨ ਕੁਰਬਾਨੀਆਂ ਦਿੱਤੀਆਂ ਹਨ। ਸ਼ਹੀਦ ਕੁਲਵੰਤ ਸਿੰਘ ਦੇ ਪਿਤਾ ਨੇ ਵੀ ਕਾਰਗਿਲ ਯੁੱਧ ਦੌਰਾਨ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਇਹ ਕੁਲਵੰਤ ਸਿੰਘ ਦੀ ਦੇਸ਼ ਪ੍ਰਤੀ ਸਮਰਪਣ ਅਤੇ ਵਚਨਬੱਧਤਾ ਸੀ ਕਿ ਉਨ੍ਹਾਂ ਨੇ ਆਪਣੇ ਪਿਤਾ ਦੇ ਨਕਸ਼ੇ ਕਦਮਾਂ ‘ਤੇ ਚੱਲਦਿਆਂ ਦੇਸ਼ ਸੇਵਾ ਕਰਦਿਆਂ ਆਪਣੀ ਜਾਨ ਕੁਰਬਾਨ ਕਰ ਦਿੱਤੀ। ਕਾਂਗਰਸ ਸੂਬਾ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਦਾ ਘਾਟਾ ਤਾਂ ਕਦੇ ਪੂਰਾ ਨਹੀਂ ਕੀਤਾ ਜਾ ਸਕਦਾ, ਪਰ ਇਹ ਸਮਾਂ ਸ਼ਹੀਦਾਂ ਦੇ ਪਰਿਵਾਰਾਂ ਦੇ ਨਾਲ ਖੜ੍ਹੇ ਹੋਣ ਦਾ ਹੈ।
ਪ੍ਰਧਾਨ ਨੇ ਸੈਨਿਕਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇਣ ਦਾ ਫੈਸਲਾ ਉਨ੍ਹਾਂ ਬਹਾਦਰਾਂ ਨੂੰ ਸ਼ਰਧਾਂਜਲੀ ਦੇਣ ਦਾ ਇੱਕ ਸੰਕੇਤ ਹੈ, ਜਿਨ੍ਹਾਂ ਨੇ ਡਿਊਟੀ ਦੌਰਾਨ ਆਪਣੀਆਂ ਕੀਮਤੀ ਜਾਨਾਂ ਕੁਰਬਾਨ ਕੀਤੀਆਂ। ਕਾਂਗਰਸ ਪਾਰਟੀ ਦੁਖੀ ਪਰਿਵਾਰਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਲੋੜ ਪੈਣ ‘ਤੇ ਪੂਰਾ ਸਹਿਯੋਗ ਕਰੇਗੀ। ਸ਼ਹੀਦ ਕੁਲਵੰਤ ਸਿੰਘ ਹੀ ਪਰਿਵਾਰ ਦਾ ਇਕਲੌਤਾ ਰੋਟੀ ਕਮਾਉਣ ਵਾਲਾ ਸੀ, ਇਸ ਲਈ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਸ਼ਹੀਦ ਫੌਜੀ ਦੀ ਵਿਧਵਾ ਨਾਲ ਕੀਤਾ ਵਾਅਦਾ ਪੂਰਾ ਕੀਤਾ ਜਾਵੇ ਅਤੇ ਪਰਿਵਾਰ ਦੇ ਵਾਰਸਾਂ ਨੂੰ ਤੁਰੰਤ ਨੌਕਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਭਾਵੇਂ ਆਮ ਆਦਮੀ ਪਾਰਟੀ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਬੁਰੀ ਤਰ੍ਹਾਂ ਨਾਕਾਮ ਰਹੀ ਹੈ ਪਰ ਕਾਂਗਰਸ ਪਾਰਟੀ ਮੁੱਖ ਮੰਤਰੀ ਵੱਲੋਂ ਵਿਧਵਾਵਾਂ ਨਾਲ ਕੀਤੇ ਵਾਅਦੇ ਨੂੰ ਜਲਦੀ ਪੂਰਾ ਕਰਨ ਨੂੰ ਯਕੀਨੀ ਬਣਾਏਗੀ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly