• ਜ਼ਿਲ੍ਹੇ ਵਿੱਚ ਸਟੋਪ ਡਾਇਰੀਆ ਮੁਹਿੰਮ ਦੀ ਸ਼ੁਰੂਆਤ
• ਸਿਵਲ ਸਰਜਨ ਵੱਲੋਂ ਮੁਹਿੰਮ ਨੂੰ ਸਫਲ ਬਣਾਉਣ ਲਈ ਪ੍ਰਬੰਧਾਂ ’ਤੇ ਕੀਤੀ ਵਿਚਾਰ-ਚਰਚਾ
ਨਵਾਂਸ਼ਹਿਰ (ਸਮਾਜ ਵੀਕਲੀ) (ਮਨੋਰੰਜਨ ਕਾਲੀਆ):- ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ, ਇਹ ਭਵਿੱਖ ਤਾਂ ਹੀ ਉੱਜਵਲ ਹੋਵੇਗਾ ਜੇਕਰ ਉਹ ਤੰਦਰੁਸਤ ਹੋਣਗੇ, ਇਸ ਟੀਚੇ ਨੂੰ ਮੁੱਖ ਰੱਖਦਿਆ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਵਿਸ਼ੇਸ਼ ਯਤਨਾਂ ਨਾਲ 16 ਜੂਨ ਤੋਂ 31 ਜੁਲਾਈ, 2026 ਤੱਕ ‘ਸਟਾਪ ਡਾਇਰੀਆ ਮੁਹਿੰਮ’ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦਾ ਮੁੱਖ ਮੰਤਵ ਪੰਜ ਸਾਲ ਤੱਕ ਦੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣਾ ਹੈ ਅਤੇ ਡਾਇਰੀਆ ਨਾਲ ਹੋਣ ਵਾਲੀਆਂ ਮੌਤਾ ਦੀ ਗਿਣਤੀ ਨੂੰ ਜ਼ੀਰੋ ‘ਤੇ ਲਿਆਉਣਾ ਹੈ। ਇਸ ਸਟਾਪ ਡਾਇਰੀਆ ਮੁਹਿੰਮ ਦਾ ਸਲੋਗਨ “ਸਟਾਪ ਡਾਇਰੀਆ – ਜ਼ਿੰਦਗੀਆਂ ਬਚਾਓ ” ਹੈ ਜੋ ਰੋਕਥਾਮ, ਬਚਾਅ ਅਤੇ ਇਲਾਜ ਦੀ ਰਣਨੀਤੀ ‘ਤੇ ਆਧਾਰਿਤ ਹੈ। ਇਸ ਸਬੰਧੀ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਸਿਵਲ ਸਰਜਨ ਦਫਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਅੱਜ ਜ਼ਿਲ੍ਹਾ ਟੀਕਾਕਰਨ ਅਫਸਰ-ਕਮ-ਜ਼ਿਲ੍ਹਾ ਨੋਡਲ ਅਫਸਰ ਡਾ. ਹਰਪਿੰਦਰ ਸਿੰਘ ਸਮੇਤ ਜ਼ਿਲ੍ਹੇ ਦੇ ਸਮੂਹ ਸਿਹਤ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਨੇ ਜ਼ਿਲ੍ਹੇ ਵਿੱਚ ਪੰਜ ਸਾਲ ਤੱਕ ਦੇ ਬੱਚਿਆਂ ਵਿੱਚ ਡਾਇਰੀਆ ਰੋਗ ਕਾਰਨ ਹੋਣ ਵਾਲੀਆਂ ਮੌਤਾਂ ‘ਤੇ ਕਾਬੂ ਪਾਉਣ ਲਈ ਸਟਾਪ ਡਾਇਰੀਆ ਮੁਹਿੰਮ ਲਈ ਸਾਰੇ ਲੋੜੀਂਦੇ ਪ੍ਰਬੰਧਾਂ ’ਤੇ ਵਿਚਾਰ-ਚਰਚਾ ਕੀਤੀ। ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਮੀਟਿੰਗ ਵਿੱਚ ਹਦਾਇਤਾਂ ਜਾਰੀ ਕਰਦਿਆਂ ਦੱਸਿਆ ਕਿ ਡਾਇਰੀਆ ਦੇਸ਼ ਵਿੱਚ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਅਤੇ ਹਾਈਰਿਸਕ ਆਬਾਦੀ ਦੀ ਸਿਹਤ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਇਹ ਵੀ ਵੇਖਿਆ ਗਿਆ ਹੈ ਕਿ 5 ਸਾਲ ਤੋਂ ਘੱਟ ਉਮਰ ਦੇ ਹਰ ਬੱਚੇ ਨੂੰ ਸਾਲ ਵਿਚ ਘੱਟੋ ਘੱਟ 2-3 ਵਾਰ ਡਾਇਰੀਆ ਤੋਂ ਪੀੜਤ ਦੀ ਸੰਭਾਵਨਾ ਹੁੰਦੀ ਹੈ। ਇਸ ਲਈ ਅਸੀਂ ਸਟਾਪ ਡਾਇਰੀਆ ਮੁਹਿੰਮ ਤਹਿਤ ਜਾਗਰੂਕਤਾ ਫੈਲਾ ਕੇ ਡਾਇਰੀਆ ਕਾਰਨ ਹੋਣ ਵਾਲੀਆਂ ਬੱਚਿਆਂ ਦੀਆਂ ਮੌਤਾਂ ਨੂੰ ਘਟਾ ਸਕਦੇ ਹਾਂ। ਉਨ੍ਹਾਂ ਕਿਹਾ ਕਿ ਡਾਇਰੀਆ ਦੀ ਰੋਕਥਾਮ ਲਈ ਜਾਗਰੂਕਤਾ ਅਹਿਮ ਕੁੰਜੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੇ ਹਿੱਸੇ ਵਜੋਂ ਜਾਗਰੂਕਤਾ ਗਤੀਵਿਧੀਆਂ ਦੌਰਾਨ ਡਾਇਰੀਆ ਦੀ ਰੋਕਥਾਮ ਲਈ ਆਮ ਲੋਕਾਂ ਨੂੰ ਪੀਣ ਵਾਲੇ ਸਾਫ ਪਾਣੀ ਦੀ ਵਰਤੋਂ ਕਰਨ, ਸਾਬਣ ਨਾਲ ਚੰਗੀ ਤਰ੍ਹਾਂ ਨਾਲ ਹੱਥ ਧੋਣ, ਛੋਟੇ ਬੱਚਿਆਂ ਨੂੰ ਘੱਟੋ-ਘੱਟ ਦੋ ਸਾਲ ਤੱਕ ਮਾਂ ਦਾ ਦੁੱਧ ਪਿਲਾਉਣ ਅਤੇ ਪੂਰਕ ਖੁਰਾਕ ਦੇਣ, ਨਿੱਜੀ ਸਵੱਛਤਾ ’ਤੇ ਧਿਆਨ ਕੇਂਦਰਿਤ ਕਰਨ, ਸੰਕਰਮਣ ਦੀ ਰੋਕਥਾਮ ਬਾਰੇ ਸਿਹਤ ਸਿੱਖਿਆ ਦੇਣ ਅਤੇ ਟੀਕਾਕਰਨ ਦੀ ਮਹੱਤਤਾ ਸਮੇਤ ਲੋੜੀਂਦਾ ਪੌਸ਼ਟਿਕ ਆਹਾਰ ਲੈਣ ਬਾਰੇ ਜਾਗਰੂਕ ਕੀਤਾ ਜਾਵੇ। ਸਿਵਲ ਸਰਜਨ ਨੇ ਅੱਗੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਆਸ਼ਾ ਵਰਕਰਾਂ ਵੱਲੋਂ ਘਰ-ਘਰ ਜਾ ਕੇ 0 ਤੋਂ ਲੈ ਕੇ 5 ਸਾਲ ਤੱਕ ਦੀ ਉਮਰ ਦੇ ਸਾਰੇ ਬੱਚਿਆਂ ਵਾਲੇ ਘਰਾਂ ਵਿੱਚ ਓ.ਆਰ.ਐਸ. ਦੇ ਪੈਕਟ ਵੰਡੇ ਜਾਣਗੇ, ਤਾਂ ਜੋ ਲੋੜ ਪੈਣ ‘ਤੇ ਬੱਚੇ ਨੂੰ ਘਰ ਵਿੱਚ ਹੀ ਜੀਵਨ ਰੱਖਿਅਕ ਘੋਲ ਤਿਆਰ ਕਰਕੇ ਦਿੱਤਾ ਜਾ ਸਕੇ। ਇਸ ਦੇ ਨਾਲ ਹੀ ਵਿਦਿਅਕ ਸੰਸਥਾਵਾਂ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਨੂੰ ਬਰਸਾਤੀ ਮੌਸਮ ਵਿੱਚ ਪਾਣੀ ਨੂੰ ਉਬਾਲ ਕੇ ਪੀਣ ਅਤੇ ਹੱਥਾਂ ਨੂੰ ਹਮੇਸ਼ਾ ਸਾਫ ਰੱਖਣ ਬਾਰੇ ਜਾਗਰੂਕਤਾ ਫੈਲਾਈ ਜਾਵੇਗੀ। ਜੇਕਰ ਬੱਚਾ ਇੱਕ ਦਿਨ ਵਿੱਚ 3 ਵਾਰ ਤੋਂ ਜ਼ਿਆਦਾ ਪਤਲਾ ਦਸਤ ਕਰੇ ਤਾਂ ਡਾਕਟਰੀ ਸਹਾਇਤਾ ਮਿਲਣ ਤੋਂ ਪਹਿਲਾਂ ਬੱਚੇ ਨੂੰ ਤੁਰੰਤ ਓ.ਆਰ.ਐਸ ਦਾ ਘੋਲ ਦੇਣ ਦੀ ਮਹੱਤਤਾ ਬਾਰੇ ਦੱਸਿਆ ਜਾਵੇ। ਇਸ ਦੌਰਾਨ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਹਰਪਿੰਦਰ ਸਿੰਘ ਨੇ ਦੱਸਿਆ ਕਿ ਗਰਮੀ ਅਤੇ ਬਰਸਾਤੀ ਮੌਸਮ ਵਿੱਚ ਡਾਇਰੀਆ ਦਾ ਖਤਰਾ ਵਧ ਸਕਦਾ ਹੈ, ਜਿਸ ਨਾਲ ਛੋਟੇ ਬੱਚਿਆਂ ਵਿੱਚ ਪਾਣੀ ਦੀ ਕਮੀ ਹੋਣ ਕਾਰਨ ਗੰਭੀਰ ਸਿਹਤ ਸਥਿਤੀ ਬਣ ਸਕਦੀ ਹੈ। ਡਾਇਰੀਆ ਕਾਰਨ ਸਰੀਰ ਵਿੱਚ ਹੋਈ ਪਾਣੀ ਦੀ ਕਮੀ ਨੂੰ ਪੂਰਾ ਕਰਨਾ ਬਹੁਤ ਜ਼ਰੂਰੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਸ ਮੌਸਮ ਵਿੱਚ ਖਾਣ ਪੀਣ ਦੀਆਂ ਸ਼ਾਫ ਸੁਥਰੀਆਂ ਅਤੇ ਤਾਜ਼ੀਆਂ ਚੀਜਾਂ ਦਾ ਹੀ ਇਸਤੇਮਾਲ ਕੀਤਾ ਜਾਵੇ ਅਤੇ ਪਾਣੀ ਨੂੰ ਉਬਾਲ ਕੇ ਠੰਡਾ ਕਰ ਕੇ ਇਸਤੇਮਾਲ ਕੀਤਾ ਜਾਵੇ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਟੀਚਾ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਵਿੱਚ ਡਾਇਰੀਆ ਕਾਰਨ ਹੋਣ ਵਾਲੀਆਂ ਮੌਤਾਂ ਦੀ ਮੁਕੰਮਲ ਰੋਕਥਾਮ ਹੈ। ਇਸ ਲਈ ਪਹਿਲੇ 6 ਮਹੀਨਿਆਂ ਤੱਕ ਬੱਚੇ ਨੂੰ ਮਾਂ ਦਾ ਦੁੱਧ ਪਿਲਾਉਣਾ ਚਾਹੀਦਾ ਹੈ ਤੇ ਦਸਤ ਵਿੱਚ ਵੀ ਦੁੱਧ ਦੇਣਾ ਬੰਦ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਦਸਤ ਹੋਣ ‘ਤੇ ਅਕਸਰ ਬੱਚੇ ਨੂੰ ਕਾਰਬੋਨੇਟਿਡ ਡਰਿੰਕਸ (ਸਾਫਟਡ੍ਰਿੰਕਸ) ਦਿੱਤਾ ਜਾਂਦਾ ਹੈ ਜੋ ਕਿ ਸਹੀ ਨਹੀਂ ਹੈ। ਉਨ੍ਹਾਂ ਨੇ ਦੱਸਿਆ ਕਿ ਦਸਤ ਵਿੱਚ ਖੂਨ ਆਉਣ, ਪੇਟ ਦੀ ਚਮੜੀ ਢਿੱਲੀ ਪੈ ਜਾਣ, ਬੱਚਾ ਸੁਸਤ ਤੇ ਨਿਢਾਲ ਹੋ ਜਾਣ ‘ਤੇ ਤੁਰੰਤ ਹੀ ਉਸ ਨੂੰ ਨੇੜੇ ਦੇ ਸਰਕਾਰੀ ਸਿਹਤ ਕੇਂਦਰ ਲੈ ਕੇ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਛੋਟੇ ਬੱਚਿਆਂ ਵਿੱਚ ਦਸਤ ਹੋਣ ’ਤੇ ਜੇ ਸਮੇਂ ਸਿਰ ਇਸ ਦਾ ਇਲਾਜ ਨਾ ਹੋ ਪਾਏ ਤਾਂ ਸਰੀਰ ਵਿੱਚ ਪਾਣੀ ਦੀ ਘਾਟ ਨਾਲ ਬੱਚੇ ਦੀ ਜ਼ਿੰਦਗੀ ਨੂੰ ਖਤਰਾ ਖੜ੍ਹਾ ਹੋ ਸਕਦਾ ਹੈ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly

