ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਾਂ ਸਬੰਧੀ ਅਪਣਾਏ ਪਿੰਡ ਠੀਂਡਾ ਵਿਖੇ ਪਿੰਡ ਪੱਧਰੀ ਜਾਗਰੁਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦੀ ਸ਼ੁਰੂਆਤ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ), ਡਾ. ਮਨਿੰਦਰ ਸਿੰਘ ਬੌਂਸ ਨੇ ਹਾਜ਼ਰ ਕਿਸਾਨਾਂ ਨੂੰ ਜੀ ਆਇਆਂ ਕਿਹਾ ਅਤੇ ਇਸ ਗੱਲ ’ਤੇ ਜੋਰ ਦਿੱਤਾ ਕਿ ਕਿਸਾਨ ਝੋਨੇ ਦੀ ਪਰਾਲੀ ਨੂੰ ਨਾ ਸਾੜਣ ਅਤੇ ਉਪਲਬਧ ਮਸ਼ੀਨਰੀ ਤੇ ਤਕਨੀਕਾਂ ਰਾਂਹੀ ਇਸ ਦਾ ਯੋਗ ਪ੍ਰਬੰਧ ਕਰਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ। ਉਹਨਾਂ ਦੱਸਿਆ ਕਿ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਮੁਹਿੰਮ ਰੂਪ ਵਿੱਚ ਪਰਾਲੀ ਪ੍ਰਬੰਧਨ ਬਾਬਤ ਵੱਖ-ਵੱਖ ਗਤੀਵਿਧੀਆਂ ਕੀਤੀਆ ਜਾ ਰਹੀਆਂ ਹਨ। ਡਾ. ਬੌਂਸ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ ਅਤੇ ਸਮੂਹਿਕ ਰੂਪ ਵਿੱਚ ਇਸ ਮੁਹਿੰਮ ਨੂੰ ਸਫਲ਼ ਕਰਨ ਲਈ ਪੇ੍ਰਿਆ। ਉਹਨਾਂ ਦੱਸਿਆ ਕਿ ਬਲਾਕ ਵਿੱਚ ਪਰਾਲੀ ਪ੍ਰਬੰਧਨ ਸਬੰਧੀ ਮਸ਼ੀਨਰੀ ਬੈਕਾਂ ਦਾ ਗਠਨ ਕੀਤਾ ਗਿਆ ਹੈ ਅਤੇ ਕਿਸਾਨ ਪਰਾਲੀ ਪ੍ਰਬੰਧਨ ਸਬੰਧਤ ਮਸ਼ੀਨਰੀ ਦੀ ਵਰਤੋਂ ਸਾਂਝੇ ਤੌਰ ’ਤੇ ਕਰਨ ਤਾਂ ਜੋ ਇਸ ਦਾ ਪੂਰਾ ਫਾਇਦਾ ਲਿਆ ਜਾ ਸਕੇ। ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਿਰਾਂ- ਡਾ. ਅਜੈਬ ਸਿੰਘ, ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜੀਨਿਅਰਿੰਗ) ਅਤੇ ਡਾ. ਪਰਮਿੰਦਰ ਸਿੰਘ, ਸਹਿਯੋਗੀ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਪਰਾਲੀ ਵਿੱਚ ਮੌਜੂਦ ਵੱਖ-ਵੱਖ ਤੱਤਾਂ ਦੀ ਮਹਤੱਤਾ, ਖੇਤੀ ਮਸ਼ੀਨਰੀ ਰਾਹੀਂ ਝੋਨੇ ਦੀ ਪਰਾਲੀ ਪ੍ਰਬੰਧਨ, ਝੋਨੇ ਦੀ ਪਰਾਲੀ ਦੀ ਖੁੰਬ ਉਤਪਾਦਨ, ਊਰਜਾ, ਮਲਚ ਤੇ ਗੋਬਰ ਗੈਸ ਪਲਾਂਟ ਵਿੱਚ ਵਰਤੋਂ, ਪਸ਼ੂ ਖੁਰਾਕ ਵਜੋਂ ਵਰਤੋਂ, ਦੁਧਾਰੂ ਪਸ਼ੂਆਂ ਦੀ ਸੰਭਾਲ ਤੇ ਮਿੱਟੀ ਪਰਖ ਬਾਰੇ ਵਿਸਥਾਰ ਨਾਲ ਤਕਨੀਕੀ ਜਾਣਕਾਰੀ ਸਾਂਝੀ ਕੀਤੀ। ਇਸ ਜਾਗਰੁਕਤਾ ਕੈਂਪ ਵਿੱਚ ਅਗਾਂਹਵਧੂ ਕਿਸਾਨ ਉਂਕਾਰ ਸਿੰਘ, ਮੇਵਾ ਸਿੰਘ, ਗੁਰਪਾਲ ਸਿੰਘ, ਸਰਵਿੰਦਰ ਸਿੰਘ, ਜਗਜੀਤ ਸਿੰਘ, ਮਾਸਟਰ ਗੁਰਪਾਲ ਸਿੰਘ, ਮਨਜੀਤ ਸਿੰਘ, ਮਨਦੀਪ ਸਿੰਘ, ਬਲਜੀਤ ਸਿੰਘ, ਇੰਦਰਪਾਲ ਸਿੰਘ, ਮਹਿੰਦਰ ਸਿੰਘ ਨਾਗਰਾ ਆਦਿ ਮੌਜੂਦ ਸਨ। ਹਾਜ਼ਰ ਕਿਸਾਨਾਂ ਦੀ ਸਹੂਲਤ ਲਈ ਸਰਦੀ ਦੀਆਂ ਸਬਜੀਆ ਦੀਆਂ ਕਿੱਟਾਂ, ਤੋਰੀਏ ਦਾ ਬੀਜ, ਪਸ਼ੂਆਂ ਲਈ ਧਾਤਾਂ ਦਾ ਚੂਰਾ, ਪਸ਼ੂ ਚਾਟ ਇੱਟ ਅਤੇ ਖੇਤੀ ਸਾਹਿਤ ਵੀ ਉਪਲਬਧ ਕਰਵਾਇਆ ਗਿਆ। ਅੰਤ ਵਿੱਚ ਪਿੰਡ ਠੀਂਡਾ ਦੇ ਸਰਪੰਚ ਕੁਲਵੀਰ ਸਿੰਘ ਵੱਲੋਂ ਆਏ ਮਾਹਿਰਾਂ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਪਰਾਲੀ ਪ੍ਰਬੰਧਨ ਦੇ ਸੁਨੇਹੇ ਨੂੰ ਹੋਰ ਕਿਸਾਨਾਂ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ ਗਿਆ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly