ਤਕਨੀਸ਼ੀਅਨ ਦੀ ਗ੍ਰਿਫ਼ਤਾਰੀ ਨਾ ਹੋਣ ’ਤੇ ਵਿਦਿਆਰਥੀ ਭੜਕੇ

ਚੰਡੀਗੜ੍ਹ (ਸਮਾਜ ਵੀਕਲੀ): ਚੰਡੀਗੜ੍ਹ ਦੇ ਸੈਕਟਰ-32 ਮੈਡੀਕਲ ਕਾਲਜ ਵਿੱਚ ਇੱਕ ਵਿਦਿਆਰਥਣ ਨਾਲ ਕਥਿਤ ਛੇੜਛਾੜ ਦੇ ਮਾਮਲੇ ਵਿੱਚ ਕੋਈ ਗ੍ਰਿਫ਼ਤਾਰੀ ਨਾ ਹੋਣ ਦੇ ਵਿਰੋਧ ਵਿੱਚ ਵਿਦਿਆਰਥੀਆਂ ਨੇ ਹਸਪਤਾਲ ਕੈਂਪਸ ਵਿੱਚ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ।

ਇਸ ਮੌਕੇ ਉਨ੍ਹਾਂ ਦੋਸ਼ ਲਾਇਆ ਕਿ ਹਸਪਤਾਲ ਦੇ ਤਕਨੀਸ਼ੀਅਨ ਵੱਲੋਂ ਵਿਦਿਆਰਥਣ ਨਾਲ ਛੇੜਛਾੜ ਕੀਤੀ ਗਈ ਸੀ ਤੇ ਇਸ ਮਾਮਲੇ ਵਿੱਚ ਪੁਲੀਸ ਕੋਈ ਵੀ ਕਾਰਵਾਈ ਨਹੀਂ ਕਰ ਰਹੀ ਹੈ। ਥਾਣਾ ਸੈਕਟਰ-34 ਦੇ ਮੁਖੀ ਰਾਜੀਵ ਕੁਮਾਰ ਨੇ ਹਸਪਤਾਲ ਵਿੱਚ ਪਹੁੰਚ ਕੇ ਵਿਦਿਆਰਥੀਆਂ ਨੂੰ ਕਾਰਵਾਈ ਦਾ ਭਰੋਸਾ ਦਿਵਾਇਆ ਜਿਸ ਤੋਂ ਬਾਅਦ ਉਨ੍ਹਾਂ ਧਰਨਾ ਖਤਮ ਕੀਤਾ।

ਜਾਣਕਾਰੀ ਮੁਤਾਬਕ ਅੱਜ ਮੈਡੀਕਲ ਕਾਲਜ ਦੇ ਨਾਰਾਜ਼ ਵਿਦਿਆਰਥੀਆਂ ਨੇ ਮੁਲਜ਼ਮ ਦੀ ਗ੍ਰਿਫ਼ਤਾਰੀ ਦੀ ਮੰਗ ਲਈ ਹਸਪਤਾਲ ਵਿੱਚ ਰੋਸ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ ਇਹ ਸਾਰਾ ਮਾਮਲਾ ਐੱਸਐੱਸਪੀ ਦੇ ਧਿਆਨ ਵਿੱਚ ਆਉਣ ਤੋਂ ਬਾਅਦ ਬੀਤੀ 28 ਜੂਨ ਨੂੰ ਪੁਲੀਸ ਵੱਲੋਂ ਇਸ ਸਬੰਧ ਵਿੱਚ ਕੇਸ ਦਰਜ ਕਰ ਲਿਆ ਗਿਆ ਸੀ। ਐੱਸਐੱਸਪੀ ਦੇ ਆਦੇਸ਼ਾਂ ’ਤੇ ਥਾਣਾ ਸੈਕਟਰ-34 ਦੀ ਪੁਲੀਸ ਨੇ ਉਕਤ ਮਾਮਲੇ ਸਬੰਧੀ ਓਟੀ ਤਕਨੀਸ਼ੀਅਨ ਖ਼ਿਲਾਫ਼ ਕੇਸ ਦਰਜ ਕਰ ਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ ਪਰ ਚਾਰ ਦਿਨ ਬੀਤਣ ਦੇ ਬਾਵਜੂਦ ਕੋਈ ਗ੍ਰਿਫ਼ਤਾਰੀ ਨਹੀਂ ਹੋ ਸਕੀ। ਦੂਜੇ ਪਾਸੇ ਪੁਲੀਸ ਦਾ ਕਹਿਣਾ ਹੈ ਕਿ ਉਹ ਜਲਦ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਬਣਦੀ ਕਾਰਵਾਈ ਕਰੇਗੀ।.

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleNepal inaugurates largest power project
Next articleਨਗਰ ਨਿਗਮ ਨੇ ਲਈ ਐੱਨ- ਚੋਅ ਦੀ ਸਾਰ