ਪਟਿਆਲਾ, (ਸਮਾਜ ਵੀਕਲੀ): ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁਲਾਕਾਤ ਕੀਤੀ। ਰਿਸ਼ਤੇ ਵਿੱਚ ਜੀਜਾ-ਸਾਲਾ ਲੱਗਦੇੇ ਇਨ੍ਹਾਂ ਚੋਟੀ ਦੇ ਅਕਾਲੀ ਆਗੂਆਂ ਨੇ ਜੇਲ੍ਹ ਸੁਪਰਡੈਂਟ ਦੇ ਦਫ਼ਤਰੀ ਕਮਰੇ ਵਿੱਚ ਪੌਣਾ ਘੰਟਾ ਗੱਲਬਾਤ ਕੀਤੀ। ਗੌਰਤਲਬ ਹੈ ਕਿ ਸ੍ਰੀ ਮਜੀਠੀਆ ਨਸ਼ਾ ਤਸਕਰੀ ਦੇ ਦੋਸ਼ਾਂ ਹੇਠ ਦਰਜ ਕੇਸ ਤਹਿਤ ਨਿਆਂਇਕ ਹਿਰਾਸਤ ਵਿੱਚ ਹਨ। ਇਸ ਤੋਂ ਪਹਿਲਾਂ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਨੇ ਫਰਵਰੀ ਵਿੱਚ ਮਜੀਠੀਆ ਨਾਲ ਮੁਲਾਕਾਤ ਕੀਤੀ ਸੀ ਅਤੇ ਅੱਜ ਉਨ੍ਹਾਂ ਦੀ ਇਹ ਦੂਜੀ ਮੁਲਾਕਾਤ ਸੀ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨਾਲ ਪਟਿਆਲਾ ਜੇਲ੍ਹ ਵਿੱਚ ਅਣਮਨੁੱਖੀ ਵਿਵਹਾਰ ਹੋ ਰਿਹਾ ਹੈ, ਇਸ ਲਈ ਪੂਰੀ ਤਰ੍ਹਾਂ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਇਹ ਗੱਲਾਂ ਜੇਲ੍ਹ ਦੇ ਬਾਹਰ ਪਾਰਟੀ ਆਗੂ ਸੁਰਜੀਤ ਸਿੰਘ ਰੱਖੜਾ, ਰਾਜੂ ਖੰਨਾ ਤੇ ਬਿੱਟੂ ਚੱਠਾ ਕੋਲ ਕਹੀਆਂ। ਪੱਤਰਕਾਰਾਂ ਦੇ ਸਵਾਲਾਂ ਤੋਂ ਬਚਦੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੇਕਰ ਪਟਿਆਲਾ ਜੇਲ੍ਹ ਵਿੱਚ ਮਜੀਠੀਆ ਨੂੰ ਕੁਝ ਵੀ ਹੁੰਦਾ ਹੈ ਤਾਂ ਉਸ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ। ਉਨ੍ਹਾਂ ਕਿਹਾ ਕਿ ਪਟਿਆਲਾ ਜੇਲ੍ਹ ਵਿੱਚ ਮਜੀਠੀਆ ਨੂੰ ਛੋਟੀ ਜਿਹੀ ਕੋਠੜੀ (8 ਗੁਣਾ 8) ਵਿਚ ਰੱਖਿਆ ਹੋਇਆ ਹੈ, ਜਿਸ ਵਿੱਚ ਸਖ਼ਤ ਅਪਰਾਧੀਆਂ ਨੂੰ ਰੱਖਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ਨੇਮਾਂ ਅਨੁਸਾਰ ਗਰੈਜੂਏਟ ਵਿਅਕਤੀ ਨੂੰ ਬੀ ਕਲਾਸ ਵਿੱਚ ਰੱਖਣਾ ਬਣਦਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਬਿਕਰਮ ਸਿੰਘ ਮਜੀਠੀਆ ’ਤੇ ਜ਼ੁਲਮ ਕਰਕੇ ਉਸ ਨੂੰ ਤੋੜਨਾ ਚਾਹੁੰਦੀ ਹੈ ਅਤੇ ਇਹ ਵਤੀਰਾ ਅਣਮਨੁੱਖੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly