ਅੰਮ੍ਰਿਤਸਰ (ਸਮਾਜ ਵੀਕਲੀ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਦਸਹਿਰੇ ਮੌਕੇ ਐਲਾਨ ਕੀਤਾ ਕਿ ਸੂਬੇ ਵਿਚ ਮੁੜ ਅਕਾਲੀ ਸਰਕਾਰ ਆਉਣ ’ਤੇ ਅਮਨ ਸ਼ਾਂਤੀ ਨੂੰ ਕਾਇਮ ਰੱਖਿਆ ਜਾਵੇਗਾ ਤੇ ਅੰਮ੍ਰਿਤਸਰ ਸ਼ਹਿਰ ਨੂੰ ਵਿਸ਼ਵ ਦਾ ਵੱਡਾ ਸੈਰ ਸਪਾਟੇ ਵਾਲਾ ਸ਼ਹਿਰ ਬਣਾਇਆ ਜਾਵੇਗਾ। ਉਹ ਅੱਜ ਸ਼ਾਮ ਇਥੇ ਸਾਬਕਾ ਮੰਤਰੀ ਅਨਿਲ ਜੋਸ਼ੀ ਵਲੋਂ ਕਰਵਾਏ ਦਸਹਿਰਾ ਸਮਾਗਮ ਵਿਚ ਸ਼ਾਮਲ ਹੋਣ ਪੁੱਜੇ ਸਨ।
ਰਣਜੀਤ ਐਵੀਨਿਊ ਦੇ ਮੈਦਾਨ ਵਿਚ ਲੋਕਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਬਾਦਲ ਨੇ ਪੰਜਾਬ ਵਾਸੀਆਂ ਨਾਲ ਦੋ ਵਾਅਦੇ ਕੀਤੇ। ਉਨ੍ਹਾਂ ਕਿਹਾ ਕਿ ਜੇ ਅਕਾਲੀ ਸਰਕਾਰ ਸੱਤਾ ਵਿਚ ਆਉਂਦੀ ਹੈ ਤਾਂ ਸਰਕਾਰ ਦਾ ਤਰਜੀਹੀ ਕੰਮ ਸੂਬੇ ਵਿਚ ਆਪਸੀ ਭਾਈਚਾਰਕ ਸਾਂਝ ਅਤੇ ਅਮਨ ਸ਼ਾਂਤੀ ਨੂੰ ਕਾਇਮ ਰੱਖਣਾ ਹੋਵੇਗਾ। ਉਹ ਕਿਸੇ ਵੀ ਸੂਰਤ ਵਿਚ ਆਪਸੀ ਭਾਈਚਾਰਕ ਸਾਂਝ ਨੂੰ ਟੁੱਟਣ ਨਹੀਂ ਦੇਣਗੇ ਅਤੇ ਇਸ ਦੀ ਕਾਇਮੀ ਲਈ ਹਰ ਕੁਰਬਾਨੀ ਦੇਣ ਨੂੰ ਤਿਆਰ ਹਨ। ਉਨ੍ਹਾਂ ਐਲਾਨ ਕੀਤਾ ਕਿ ਅਕਾਲੀ ਸਰਕਾਰ ਆਉਣ ’ਤੇ ਅੰਮ੍ਰਿਤਸਰ ਸ਼ਹਿਰ ਨੂੰ ਵਿਸ਼ਵ ਦਾ ਨੰਬਰ ਇਕ ਸੈਰ ਸਪਾਟਾ ਸਥਾਨ ਬਣਾਇਆ ਜਾਵੇਗਾ ਜਿਥੇ ਪੁਰਾਤਨ ਚਾਰਦੀਵਾਰੀ ਵਾਲੇ ਸ਼ਹਿਰ ਨੂੰ ਹੈਰੀਟੇਜ ਸਟਰੀਟ ਵਾਂਗ ਨਵਾਂ ਰੂਪ ਦਿੱਤਾ ਜਾਵੇਗਾ। ਉਨ੍ਹਾਂ ਆਖਿਆ ਕਿ ਪਿਛਲੀ ਅਕਾਲੀ ਸਰਕਾਰ ਵੇਲੇ ਇਥੇ ਸ਼ਹਿਰ ਦਾ ਵੱਡਾ ਵਿਕਾਸ ਕੀਤਾ ਗਿਆ ਸੀ ਪਰ ਕਾਂਗਰਸ ਸਰਕਾਰ ਵੇਲੇ ਸ਼ਹਿਰ ਦੇ ਵਿਕਾਸ ਲਈ ਕੁਝ ਨਹੀਂ ਕੀਤਾ ਗਿਆ ਸਗੋਂ ਜੋ ਕੰਮ ਕਰਵਾਏ ਗਏ ਸਨ, ਉਨ੍ਹਾਂ ਦੀ ਵੀ ਸਾਂਭ ਸੰਭਾਲ ਨਹੀਂ ਕੀਤੀ ਗਈ।
ਇਸ ਤੋਂ ਪਹਿਲਾਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਦਸਹਿਰਾ ਰੇਲ ਹਾਦਸੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਸ ਵੇਲੇ ਵੀ ਜੇਕਰ ਅੱਜ ਵਾਂਗ ਠੀਕ ਪ੍ਰਬੰਧ ਕੀਤੇ ਹੁੰਦੇ ਤਾਂ ਹਾਦਸਾ ਟਲ ਸਕਦਾ ਸੀ। ਅਨਿਲ ਜੋਸ਼ੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਹੱਥ ਵਿਚ ਲੈ ਕੇ ਅਤੇ ਗੁਰਦੁਆਰੇ ਵੱਲ ਮੂੰਹ ਕਰਕੇ ਲੋਕਾਂ ਨਾਲ ਕਈ ਵਾਅਦੇ ਕੀਤੇ ਸਨ ਜੋ ਉਹ ਪੂਰੇ ਕਰਨੇ ਭੁੱਲ ਗਏ ਹਨ। ਉਨ੍ਹਾਂ ਕਿਹਾ ਕਿ ਜੇ ਸੂਬੇ ਵਿਚ ਅਕਾਲੀ ਸਰਕਾਰ ਆਈ ਤਾਂ ਲੋਕਾਂ ਨਾਲ ਕੀਤੇ ਵਾਅਦੇ ਪਹਿਲਾਂ ਵਾਂਗ ਹੀ ਪੂਰੇ ਕੀਤੇ ਜਾਣਗੇ। ਇਸ ਮੌਕੇ ਉਨ੍ਹਾਂ ਦੁਸਹਿਰੇ ਦੇ ਇਤਿਹਾਸ ’ਤੇ ਵੀ ਚਾਨਣਾ ਪਾਇਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਅਤੇ ਵੱਡੀ ਗਿਣਤੀ ਵਿਚ ਜੋਸ਼ੀ ਸਮਰਥਕ ਹਾਜ਼ਰ ਸਨ। ਸ੍ਰੀ ਬਾਦਲ ਨੇ ਬਟਨ ਦਬਾ ਕੇ ਰਾਵਣ, ਮੇਘਨਾਦ ਤੇ ਕੁੰਭਕਰਨ ਦੇ ਪੁਤਲੇ ਸਾੜੇ। ਸ੍ਰੀ ਬਾਦਲ ਅਤੇ ਮਜੀਠੀਆ ਸਮੇਤ ਹੋਰਨਾਂ ਨੇ ਜੈ ਸ੍ਰੀ ਰਾਮ ਦੇ ਨਾਅਰੇ ਵੀ ਲਾਏ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly