ਸਮਾਰਟ ਸਿਟੀ ਪ੍ਰਾਜੈਕਟ ਤਹਿਤ ਸੁਲਤਾਨਪੁਰ ਲੋਧੀ ਨੂੰ ਧਾਰਮਿਕ ਯਾਤਰਾ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਿਤ

ਡਿਪਟੀ ਕਮਿਸ਼ਨਰ ਵਲੋਂ ਸਮਾਰਟ ਸਿਟੀ ਦੇ ਕੰਮਾਂ ਨੂੰ ਜੰਗੀ ਪੱਧਰੀ ’ਤੇ ਪੂਰਾ ਕਰਨ ਦੇ ਆਦੇਸ਼

ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਕੰਮ ਜੂਨ 2023 ਤੱਕ ਮੁਕੰਮਲ ਕਰਨ ਦੇ ਹੁਕਮ

ਕਪੂਰਥਲਾ/ਸੁਲਤਾਨਪੁਰ ਲੋਧੀ  (ਸਮਾਜ ਵੀਕਲੀ) ( ਕੌੜਾ )- ਡਿਪਟੀ ਕਮਿਸ਼ਨਰ, ਕਪੂਰਥਲਾ ਵਿਸ਼ੇਸ਼ ਸਾਰੰਗਲ ਨੇ ਕਿਹਾ ਹੈ ਕਿ ਸਮਾਰਟ ਸਿਟੀ ਪ੍ਰਾਜੈੱਕਟਾਂ ਤਹਿਤ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ ਧਾਰਮਿਕ ਸੈਰ ਸਪਾਟੇ ਦੇ ਮੁੱਖ ਕੇਂਦਰ ਵਜੋਂ ਵਿਕਸਿਤ ਕੀਤਾ ਜਾਵੇਗਾ।

ਉਨ੍ਹਾਂ ਅੱਜ ਇੱਥੇ ਸਮਾਰਟ ਸਿਟੀ ਪ੍ਰਾਜੈਕਟ ਅਧੀਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੁਲਤਾਨਪੁਰ ਲੋਧੀ ਵਿਖੇ ਸਮਾਰਟ ਸਿਟੀ ਤਹਿਤ ਚੱਲ ਰਹੇ ਵਿਕਾਸ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਨਿੱਜੀ ਦਿਲਚਸਪੀ ਨਾਲ ਕੰਮ ਕਰਨ।

ਡਿਪਟੀ ਕਮਿਸ਼ਨਰ ਵਲੋਂ ਸੁਲਤਾਨਪੁਰ ਲੋਧੀ ਨੂੰ ਚਾਰ ਮਾਰਗੀ ਸੜਕਾਂ ਨਾਲ ਜੋੜੇ ਜਾਣ ਦੇ ਚੱਲ ਰਹੇ ਕੰਮ ਬਾਰੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਕੰਮ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦੇਣ।

ਉਨ੍ਹਾਂ ਦੱਸਿਆ ਕਿ ਮੰਡੀ ਮੋੜ ਤੋਂ ਸੁਲਤਾਨਪੁਰ ਲੋਧੀ ਤੱਕ 17.40 ਕਿਲੋਮੀਟਰ ਅਤੇ ਡਡਵਿੰਡੀ ਤੋਂ ਸੁਲਤਾਨਪੁਰ ਲੋਧੀ ਤੱਕ ਸੜਕ ਨੂੰ ਚਾਰ ਮਾਰਗੀ ਕਰਨ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਲਗਭਗ 74.11 ਕਰੋੜ ਰੁਪਏ ਦੀ ਲਾਗਤ ਨਾਲ ਇਨ੍ਹਾਂ ਸੜਕਾਂ ਦੇ ਚਾਰ ਮਾਰਗੀ ਹੋਣ ਨਾਲ ਪਵਿੱਤਰ ਸ਼ਹਿਰ ਵਿਖੇ ਦਰਸ਼ਨਾਂ ਨੂੰ ਆਉਣ ਵਾਲੀ ਸੰਗਤ ਲਈ ਆਵਾਜ਼ਾਈ ਬਹੁਤ ਸੁਖਾਲੀ ਹੋ ਜਾਵੇਗੀ।

ਉਨ੍ਹਾਂ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਸੁਲਤਾਨਪੁਰ ਲੋਧੀ ਵਿਖੇ 14 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਸਕੂਲ ਜਿਨਾਂ ਵਿੱਚ ਸਰਕਾਰੀ ਸਕੂਲ (ਲੜਕੇ), ਸਰਕਾਰੀ ਕੰਨਿਆਂ ਸਕੂਲ, ਜ਼ਿਲ੍ਹਾ ਪ੍ਰਾਇਮਰੀ ਸਕੂਲ ਅਤੇ ਬੋਰਡਿੰਗ ਸਕੂਲ ਸ਼ਾਮਿਲ ਹਨ ਨੂੰ ਸਮਾਰਟ ਸਕੂਲ ਵਜੋਂ ਸਥਾਪਿਤ ਕੀਤੇ ਜਾਣ ਦੇ ਕੰਮ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ।

ਇਸ ਤੋਂ ਇਲਾਵਾ ਉਨ੍ਹਾਂ ਪੇਡਾ ਵਲੋਂ ਸੋਲਰ ਪਾਵਰ ਪ੍ਰੋਜੈਕਟਾਂ, ਪੀਣ ਵਾਲੇ ਪਾਣੀ ਦੀ ਸਪਲਾਈ,ਸੀਵਰੇਜ਼ ਟ੍ਰੀਟਮੈਂਟ ਪਲਾਂਟਾ ਦੇ ਕੰਮ ਦਾ ਵੀ ਨਿਰੀਖਣ ਕੀਤਾ।

ਸ਼ਹਿਰ ਵਿਚ ਮੋਰੀ ਮੁਹੱਲਾ,ਬਾਬਾ ਜਵਾਲਾ ਸਿੰਘ ਵਿਖੇ ਸਮਾਰਟ ਪਾਰਕਾਂ ਦੀ ਉਸਾਰੀ ਦੇ ਕੰਮ ਦਾ ਵੀ ਡਿਪਟੀ ਕਮਿਸ਼ਨਰ ਵਲੋਂ ਜਾਇਜ਼ਾ ਲਿਆ ਗਿਆ।

ਉਨ੍ਹਾਂ ਸੀਵਰੇਜ਼ ਟ੍ਰੀਟਮੈਂਟ ਪਲਾਂਟਾ ਦਾ ਕੰਮ ਜੂਨ 2023 ਦੇ ਅੰਤ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਸੇਫ਼ ਸਿਟੀ ਪ੍ਰਾਜੈਕਟ ਤਹਿਤ ਇੰਟੀਗਰੇਟਿਡ ਕਮਾਂਡ ਕੰਟਰੋਲ ਸੈਂਟਰ (ਆਈ.ਸੀ.ਸੀ.ਸੀ.) ਬਾਰੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਕੰਮ ਨੂੰ ਜਲਦ ਮੁਕੰਮਲ ਕਰਨ,ਜਿਸ ਤਹਿਤ ਸ਼ਹਿਰ ਦੀ ਸੁਰੱਖਿਆ ਲਈ 250 ਸੀ.ਸੀ.ਟੀ.ਵੀ ਕਮੈਰੇ ਲਗਾ ਕੇ ਉਨ੍ਹਾਂ ਨੂੰ ਕੇਂਦਰੀਕ੍ਰਿਤ ਕੰਟਰੋਲ ਸੈਂਟਰ ਨਾਲ ਜੋੜਿਆ ਜਾਵੇਗਾ।

ਇਸ ਨਾਲ ਨਾ ਸਿਰਫ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਸਾਲਾਨਾ ਸਮਾਗਮਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਪੁਖਤਾ ਕੀਤਾ ਜਾ ਸਕੇਗਾ,ਸਗੋਂ ਅਪਰਾਧਾਂ ਨੂੰ ਵੀ ਘੱਟ ਕਰਨ ਵੀ ਮਦਦ ਮਿਲੇਗੀ।

ਕਿਲ੍ਹਾ ਸਰਾਏ ਦੀ ਸਾਂਭ –ਸੰਭਾਲ ਸਬੰਧੀ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੁਰਾਤਤਵ ਵਿਭਾਗ ਨੂੰ ਵਿਭਾਗ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਵਲੋਂ ਜਿੱਥੇ ਵੱਖ-ਵੱਖ ਪ੍ਰਾਜੈਕਟਾਂ ਦਾ ਮੌਕੇ ’ਤੇ ਜਾ ਕੇ ਨਿਰੀਖਣ ਕੀਤਾ ਗਿਆ ਤੇ ਅਧਿਕਾਰੀਆਂ ਨੂੰ ਸਮਾਰਟ ਸਿਟੀ ਪ੍ਰਾਜੈਕਟਾਂ ਸਬੰਧੀ ਸਬੰਧਿਤ ਵਿਭਾਗਾਂ ਨੂੰ ਹਫਤਾਵਰੀ ਪ੍ਰਗਤੀ ਰਿਪੋਰਟ ਸੌਂਪਣ ਦੇ ਨਿਰਦੇਸ਼ ਵੀ ਦਿੱਤੇ ਗਏ।

ਇਸ ਮੌਕੇ ਉਪ ਮੰਡਲ ਮੈਜਿਸਟਰੇਟ ਚੰਦਰਾਜੋਤੀ ਤੇ ਹੋਰ ਅਧਿਕਾਰੀ ਹਾਜ਼ਰ ਸਨ।

 

Previous articleਡਿਪਟੀ ਕਮਿਸ਼ਨਰ ਨੇ ਮਸੀਤਾਂ ਵਿਖੇ ਸੁਣੀਆਂ ਲੋਕ ਸਮੱਸਿਆਵਾਂ
Next articleਸੱਤਿਆ ਭਾਰਤੀ ਸਕੂਲ ਤੁੰਗਾਂਹੇੜੀ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ।