ਕਪੂਰਥਲਾ (ਸਮਾਜ ਵੀਕਲੀ) (ਕੌੜਾ)– ਜ਼ਿਲ੍ਹਾ ਭਾਸ਼ਾ ਦਫ਼ਤਰ, ਕਪੂਰਥਲਾ ਵਲੋਂ ਪ੍ਰਿੰਸੀਪਲ ਡਾ.ਜਗਸੀਰ ਸਿੰਘ ਬਰਾੜ ਦੀ ਯੋਗ ਅਗਵਾਈ ਵਿੱਚ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ, ਮਿੱਠੜਾ ਦੇ ਪੰਜਾਬੀ ਵਿਭਾਗ ਦੇ ਸਹਿਯੋਗ ਨਾਲ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ।
ਇਸ ਮੌਕੇ ਪੰਜਾਬੀ ਸਾਹਿਤ ਦੇ ਪ੍ਰਸਿੱਧ ਲੇਖਕ ਅਤੇ ਚਿੰਤਕ ਡਾ. ਸਤੀਸ਼ ਕੁਮਾਰ ਵਰਮਾ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਤੋਂ ਇਲਾਵਾ ਬ੍ਰਿਟਿਸ਼ ਵਿਕਟੋਰੀਆ ਸਕੂਲ, ਸੁਲਤਾਨਪੁਰ ਲੋਧੀ ਤੋਂ ਅਧਿਆਪਕ ਸਾਹਿਬਾਨ ਆਪਣੇ ਵਿਦਿਆਰਥੀਆਂ ਨਾਲ ਵਿਸ਼ੇਸ਼ ਤੌਰ ‘ਤੇ ਕਾਲਜ ਵਿੱਚ ਹਾਜ਼ਰ ਹੋਏ।
ਕਾਲਜ ਦੇ ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾਡ਼ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਡਾ ਉਦੇਸ਼ ਸਿਰਫ਼ ਅਕਾਦਮਿਕ ਡਿਗਰੀਆਂ ਤੱਕ ਸੀਮਿਤ ਨਹੀਂ, ਸਗੋਂ ਵਿਦਿਆਰਥੀਆਂ ਨੂੰ ਆਪਣੇ ਸੱਭਿਆਚਾਰ ਅਤੇ ਭਾਸ਼ਾ ਨਾਲ ਜੁੜਨ ਲਈ ਪ੍ਰੇਰਿਤ ਕਰਨਾ ਵੀ ਹੈ। ਡਾ. ਵਰਮਾ ਵਰਗੇ ਚਿੰਤਕਾਂ ਦੀ ਹਾਜ਼ਰੀ ਸਾਡੀ ਵਿੱਦਿਅਕ ਪਰੰਪਰਾ ਨੂੰ ਪ੍ਰਫੁੱਲਤ ਕਰਦੀ ਹੈ।
ਡਾ. ਸਤੀਸ਼ ਕੁਮਾਰ ਵਰਮਾ ਵੱਲੋਂ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ‘ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੇ ਗਲੋਬਲ ਪਾਸਾਰ’ ਵਿਸ਼ੇ ‘ਤੇ ਵਿਸ਼ੇਸ਼ ਭਾਸ਼ਣ ਦਿੱਤਾ ਗਿਆ। ਉਨ੍ਹਾਂ ਨੇ ਭਾਸ਼ਣ ਦੌਰਾਨ ਗਲੋਬਲ ਪੱਧਰ ‘ਤੇ ਪੰਜਾਬੀ ਦੀ ਉਪਸਥਿਤੀ, ਡਿਜੀਟਲ ਪਲੇਟਫਾਰਮਾਂ ਰਾਹੀਂ ਭਾਸ਼ਾਈ ਪ੍ਰਚਾਰ ਅਤੇ ਨੌਜਵਾਨ ਪੀੜ੍ਹੀ ਦੀ ਭੂਮਿਕਾ ‘ਤੇ ਵਿਸਤਾਰ ਨਾਲ ਗੱਲ ਕੀਤੀ। ਉਨ੍ਹਾਂ ਆਖਿਆ ਕਿ ਪੰਜਾਬੀ ਸਿਰਫ਼ ਇੱਕ ਭਾਸ਼ਾ ਨਹੀਂ, ਇਹ ਸਾਡੀ ਜੜ੍ਹ ਹੈ। ਜਦੋਂ ਤੱਕ ਅਸੀਂ ਆਪਣੀ ਜੜ੍ਹ ਨਾਲ ਜੁੜੇ ਰਹਾਂਗੇ, ਤਦ ਤੱਕ ਕੋਈ ਵੀ ਹਵਾ ਸਾਨੂੰ ਹਿਲਾ ਨਹੀਂ ਸਕਦੀ।
ਸਮਾਗਮ ਵਿੱਚ ਸੂਤਰਧਾਰ ਦੀ ਭੂਮਿਕਾ ਸ਼ਹਿਬਾਜ਼ ਖ਼ਾਨ ਨੇ ਬਹੁਤ ਹੀ ਸੁਚੱਜੀ ਢੰਗ ਨਾਲ ਨਿਭਾਈ। ਵਿਦਿਆਰਥੀਆਂ ਵੱਲੋਂ ਕੀਤੇ ਗਏ ਸਵਾਲਾਂ ਨੇ ਸੰਵਾਦ ਨੂੰ ਹੋਰ ਵੀ ਉਚਾਈ ਬਖਸ਼ੀ।
ਪ੍ਰੋਗਰਾਮ ਦੇ ਅੰਤ ਵਿੱਚ ਜ਼ਿਲਾ ਭਾਸ਼ਾ ਅਫਸਰ ਸ਼੍ਰੀਮਤੀ ਜਸਪ੍ਰੀਤ ਕੌਰ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਾਰੇ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਵੱਲੋਂ ਇਨ੍ਹਾਂ ਸਮਾਗਮਾਂ ਰਾਹੀਂ ਪੰਜਾਬੀ ਭਾਸ਼ਾ ਨੂੰ ਨਵੀਂ ਪੀੜ੍ਹੀ ਨਾਲ ਜੋੜਨ ਦਾ ਉੱਦਮ ਜਾਰੀ ਰਹੇਗਾ।
ਇਸ ਮੌਕੇ ‘ਤੇ ਜਿਲ੍ਹਾ ਭਾਸ਼ਾ ਵਿਭਾਗ, ਕਪੂਰਥਲਾ ਦੇ ਸਟਾਫ਼ ਮੈਂਬਰਜ਼, ਸੰਬੰਧਿਤ ਕਾਲਜ ਦੇ ਸਮੂਹ ਵਿਭਾਗਾਂ ਦੇ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj