ਚੰਡੀਗੜ੍ਹ (ਸਮਾਜ ਵੀਕਲੀ):ਭਾਰਤੀ ਕਿਸਾਨ ਯੂਨੀਅਨ ਦੇ ਆਗੂ ਅਤੇ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨੀ ਅੰਦੋਲਨ ਦੀ ਅਗਵਾਈ ਕਰਨ ਵਾਲੇ ਅਹਿਮ ਆਗੂ ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ’ਤੇ ਸਰਕਾਰੀ ਸੰਪਤੀ ਹਥਿਆਉਣ ਲਈ ‘ਤਾਲਿਬਾਨੀ’ ਤੌਰ ਤਰੀਕੇ ਅਪਣਾਉਣ ਦੇ ਦੋਸ਼ ਲਾਏ ਹਨ। ਅੱਜ ਇੱਥੇ ਕਿਸਾਨਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਟਿਕੈਤ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹੈਂਕੜ ਦੇ ਮੂਹਰੇ ਸੰਵਿਧਾਨ, ਸੰਸਦ ਤੇ ਕਾਨੂੰਨ ਦੀ ਕੋਈ ਅਹਿਮਤੀਅਤ ਨਹੀਂ ਰਹੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਆਪਣੇ ਚੰਦ ਅਮੀਰ ਦੋਸਤਾਂ ਨੂੰ ਮੁਲਕ ਦੀ ਸੰਪਤੀ ਉਸੇ ਤਰੀਕੇ ਸੌਂਪ ਰਹੇ ਹਨ ਜਿਸ ਤਰ੍ਹਾਂ ਅਫ਼ਗਾਨਿਸਤਾਨ ਵਿੱਚ ਤਾਲਿਬਾਨ ਨੇ ਬੰਦੂਕ ਦੀ ਨੋਕ ’ਤੇ ਸਾਰਾ ਕੁੱਝ ਹਥਿਆਇਆ ਹੈ।
ਕਿਸਾਨ ਆਗੂ ਨੇ ਕਿਹਾ ਕਿ ਪਿਛਲੇ 9 ਮਹੀਨਿਆਂ ਤੋਂ ਚੱਲ ਰਿਹਾ ਸੰਘਰਸ਼ ਹੁਣ ਕਿਸਾਨੀ ਦਾ ਸੰਘਰਸ਼ ਨਹੀਂ ਬਲਕਿ ਦੇਸ਼ ਨੂੰ ਬਚਾਉਣ ਵਾਲੀ ਸੰਗਰਾਮੀ ਲਹਿਰ ਵਿੱਚ ਸ਼ਾਮਲ ਹੋ ਚੁੱਕਾ ਹੈ। ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦੀ ਮਜ਼ਬੂਤੀ ਲਈ ਕਿਸਾਨ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਦੇ ਸੈਕਟਰ-25 ਦੀ ਰੈਲੀ ਗਰਾਊਂਡ ਵਿਚ ਰੱਖੇ ਗਏ ਹੱਲਾ-ਬੋਲ ਸੰਮੇਲਨ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਸਣੇ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਪਹੁੰਚੇ। ਰਾਕੇਸ਼ ਟਿਕੈਤ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਨੂੰ ਪੂੰਜੀਪਤੀਆਂ ਦੇ ਹੱਥ ਵੇਚਣ ਦਾ ਕੰਮ ਕਰ ਰਹੀ ਹੈ। ਸ੍ਰੀ ਟਿਕੈਤ ਨੇ ਕਿਹਾ ਕਿ ਕੁਝ ਪੂੰਜੀਪਤੀ ਦੇਸ਼ ਦੇ ਅਨਾਜ ਨੂੰ ਤਿਜੋਰੀਆਂ ਵਿੱਚ ਬੰਦ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਲੋੜ ਪੈਣ ’ਤੇ ਦੇਸ਼ ਵਿੱਚ ਕਾਰਪੋਰੇਟ ਕੰਪਨੀਆਂ ਵੱਲੋਂ ਬਣਾਏ ਗਏ ਗੋਦਾਮਾਂ ਨੂੰ ਤੋੜਿਆ ਜਾਵੇਗਾ। ਕਿਸਾਨ ਆਗੂ ਟਿਕੈਤ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇ ਕੇਸਾਂ ਨੂੰ ਰੱਦ ਨਾ ਕੀਤਾ ਗਿਆ ਤਾਂ ਚੰਡੀਗੜ੍ਹ ਪੁਲੀਸ ਖ਼ਿਲਾਫ਼ ਮੋਰਚਾ ਲਾਇਆ ਜਾਵੇਗਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly