ਤਾਮਿਲਨਾਡੂ ਦੇ ਟਰਾਂਸਪੋਰਟ ਖੇਤਰ ਦੇ ਕਾਮੇ ਕਿਸਾਨ ਮੋਰਚੇ ਵਿੱਚ ਹੋਏ ਸ਼ਾਮਲ

Farmers protest

ਨਵੀਂ ਦਿੱਲੀ (ਸਮਾਜ ਵੀਕਲੀ):  ਖੇਤੀ ਵਿਰੋਧੀ ਕਾਲੇ ਕਾਨੂੰਨਾਂ ਖਿਲਾਫ਼ ਸਿੰਘੂ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਅੱਜ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਤਾਮਿਲਨਾਡੂ ਰਾਜ ਟਰਾਂਸਪੋਰਟ ਐਂਪਲਾਈਜ਼ ਫੈਡਰੇਸ਼ਨ ਨਾਲ ਸਬੰਧਤ ਆਲ ਇੰਡੀਆ ਰੋਡ ਟਰਾਂਸਪੋਰਟ ਵਰਕਰਜ਼ ਫੈਡਰੇਸ਼ਨ ਸੀਟੂ ਦੇ ਸੈਂਕੜੇ ਵਰਕਰਾਂ ਦੇ ਜਥੇ ਨੇ ਧਰਨੇ ’ਚ ਸ਼ਮੂਲੀਅਤ ਕੀਤੀ। ਇਸ ਜਥੇ ਨੂੰ ਦਿੱਲੀ ਪੁਲੀਸ ਨੇ ਰੇਲਵੇ ਸਟੇਸ਼ਨ ’ਤੇ ਕਾਫੀ ਖੱਜਲ-ਖੁਆਰ ਕੀਤਾ। ਕਿਸਾਨ ਆਗੂਆਂ ਦੇ ਦਖ਼ਲ ਤੋਂ ਬਾਅਦ ਉਨ੍ਹਾਂ ਨੂੰ ਸਿੰਘੂ ਬਾਰਡਰ ਵੱਲ ਜਾਣ ਦਿੱਤਾ ਗਿਆ। ਜਥੇ ਦੀ ਅਗਵਾਈ ਫੈਡਰੇਸ਼ਨ ਦੇ ਜੁਆਇੰਟ ਸਕੱਤਰ ਕਨਕ ਰਾਜ, ਸ਼ਸ਼ੀ ਕਪੂਰ ਅਤੇ ਕਰੁਣਾਨਿਧੀ ਕਰ ਰਹੇ ਸਨ।

ਉਨ੍ਹਾਂ ਕੇਐੱਫਸੀ ਮਾਲ ਤੋਂ ਸਿੰਘੂ ਬਾਰਡਰ ਦੀ ਸਟੇਜ ਵੱਲ ਪੈਦਲ ਮਾਰਚ ਕੀਤਾ। ਸੰਯੁਕਤ ਕਿਸਾਨ ਮੋਰਚੇ ਵੱਲੋਂ ਇਨ੍ਹਾਂ ਵਰਕਰਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਕਨਕ ਰਾਜ ਨੇ ਕਿਹਾ ਕਿ ਮੋਦੀ ਸਰਕਾਰ ਖ਼ਿਲਾਫ਼ ਦੇਸ਼ ਦੇ ਲੋਕਾਂ ਅੰਦਰ ਭਾਰੀ ਰੋਸ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਦੇਸ਼ ਨੂੰ ਕਾਰਪੋਰੇਟ ਘਰਾਣਿਆਂ ਹਵਾਲੇ ਕਰ ਦਿੱਤਾ ਹੈ। ਟਰਾਂਸਪੋਰਟ ਆਗੂ ਕਰੁਣਾਨਿਧੀ ਨੇ ਕਿਹਾ ਕਿ ਤਾਮਿਲਨਾਡੂ ਦਾ ਹਰੇਕ ਵਰਗ ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਦੁਖੀ ਹੈ ਅਤੇ ਮੋਦੀ ਸਰਕਾਰ ਦੇਸ਼ ਦੇ ਅੰਦਰ ਭੈਅ ਦਾ ਮਾਹੌਲ ਪੈਦਾ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ਦੇ ਲੋਕ ਵੀ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਖਿਲਾਫ਼ ਲੜ ਰਹੇ ਹਨ।

ਇਸ ਮੌਕੇ ਕੁੱਲ ਹਿੰਦ ਕਿਸਾਨ ਸਭਾ ਦੇ ਕੇਂਦਰੀ ਆਗੂ ਬੀਜੂ ਕ੍ਰਿਸ਼ਨਾ ਪ੍ਰਸਾਦ ਨੇ ਕਿਹਾ ਕਿ ਉਹ ਕਾਨੂੰਨ ਵਾਪਸ ਕਰਵਾ ਕੇ ਦਮ ਲੈਣਗੇ। ਮੇਜਰ ਸਿੰਘ ਪੁੰਨਾਵਾਲ ਨੇ ਕਿਹਾ ਕਿ ਦੇਸ਼ ਦਾ ਕਿਸਾਨ ਮੋਦੀ ਸਰਕਾਰ ਦੀ ਅੜੀ ਤੋੜ ਦੇਵੇਗਾ। ਉਨ੍ਹਾਂ ਕਿਹਾ ਕਿ ਲਖੀਮਪੁਰ ’ਚ ਭਾਜਪਾ ਦਾ ਅਸਲੀ ਫਾਸ਼ੀਵਾਦੀ ਚਿਹਰਾ ਨੰਗਾ ਹੋ ਗਿਆ ਹੈ। ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਬਿਕਰਮ ਸਿੰਘ ਠਾਕੁਰ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਹੁਣ ਆਪਣੀ ਅੜੀ ਛੱਡ ਦੇਣੀ ਪਵੇਗੀ ਕਿਉਂਕਿ ਕਰੀਬ ਇਕ ਸਾਲ ਤੋਂ ਚੱਲ ਰਹੇ ਕਿਸਾਨ ਮੋਰਚਿਆਂ ਵਿੱਚ ਦੂਰ-ਦੁਰਾਡੇ ਵਾਲੇ ਸੂਬਿਆਂ ਦੇ ਲੋਕ ਵੀ ਸ਼ਾਮਲ ਹੋ ਰਹੇ ਹਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਡਰੱਗ ਕੇਸ: ਆਰਿਅਨ ਖਾਨ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਟਲੀ
Next articleਭਾਰਤੀ ਫ਼ੌਜ ਮੁਖੀ ਸ੍ਰੀਲੰਕਾ ਦੇ ਦੌਰੇ ’ਤੇ