ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਸਿਹਤ ਵਿਭਾਗ ਪੰਜਾਬ ਵੱਲੋਂ “ਕੌਮੀ ਟੀ.ਬੀ. ਕੰਟਰੋਲ ਪ੍ਰੋਗਰਾਮ” ਦੇ ਤਹਿਤ ਟੀ.ਬੀ ਵਰਗੀ ਗੰਭੀਰ ਬਿਮਾਰੀ ਨੂੰ ਜੜ੍ਹੋਂ ਖਤਮ ਕਰਨ ਲਈ 100 ਦਿਨਾਂ ਟੀ.ਬੀ. ਮੁਕਤ ਮੁਹਿੰਮ ਦੀ ਸ਼ੁਰੂਆਤ ਅੱਜ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਹਲਕਾ ਹੁਸ਼ਿਆਰਪੁਰ ਦੇ ਵਿਧਾਇਕ ਮਾਣਯੋਗ ਸ਼੍ਰੀ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਟੀਬੀ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤੀ ਗਈ। ਇਸ ਮੌਕੇ ਉਹਨਾਂ ਦੇ ਨਾਲ ਸਿਵਲ ਸਰਜਨ ਡਾ ਪਵਨ ਕੁਮਾਰ ਸ਼ਗੋਤਰਾ, ਮੇਅਰ ਸ੍ਰੀ ਸੁਰਿੰਦਰ ਕੁਮਾਰ, ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਸਿਵਲ ਹਸਪਤਾਲ ਹੁਸ਼ਿਆਰਪੁਰ ਡਾ: ਸਵਾਤੀ, ਐਸ.ਐਮ.ਓ ਡਾ: ਕੁਲਦੀਪ ਸਿੰਘ, ਸਹਾਇਕ ਸਿਵਲ ਸਰਜਨ ਡਾ. ਕਮਲੇਸ਼ ਕੁਮਾਰੀ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ, ਸ੍ਰੀ ਸਤਵੰਤ ਸਿੰਘ ਸਿਆਣ, ਛਾਤੀ ਅਤੇ ਟੀ.ਬੀ. ਰੋਗ ਦੇ ਮਾਹਰ ਡਾ: ਗੁਰਪ੍ਰੀਤ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਡਾ. ਤ੍ਰਿਪਤਾ ਦੇਵੀ, ਡਿਪਟੀ ਮਾਸ ਮੀਡੀਆ ਅਫ਼ਸਰ ਰਮਨਦੀਪ ਕੌਰ, ਸ੍ਰੀ ਵਿਜੇ ਕੁਮਾਰ ਅਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ। ਇਸ ਦੌਰਾਨ ਟੀਬੀ ਬਾਰੇ ਜਾਗਰੂਕਤਾ ਭਰਪੂਰ ਇੱਕ ਪੋਸਟਰ ਵੀ ਜਾਰੀ ਕੀਤਾ ਗਿਆ। ਉਪਰੰਤ ਟੀ.ਬੀ. ਦੇ ਖਾਤਮੇ ਲਈ ਸਭ ਦੇ ਸਹਿਯੋਗ ਅਤੇ ਭਾਗੀਦਾਰੀ ਲਈ ਸਹੁੰ ਵੀ ਚੁੱਕੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਬ੍ਰਹਮ ਸ਼ੰਕਰ ਜਿੰਪਾ ਜੀ ਨੇ ਦੱਸਿਆ ਕਿ ਇਸ ਮੁਹਿੰਮ ਰਾਹੀਂ ਜ਼ਿਲ੍ਹੇ ਦੇ ਹਾਈ ਰਿਸਕ ਟੀ.ਬੀ ਦੇ ਮਰੀਜ਼ਾਂ ਦੀ ਜਾਂਚ ਅਤੇ ਇਲਾਜ ਕੀਤਾ ਜਾਵੇਗਾ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਟੀਬੀ ਹੁਣ ਲਾਇਲਾਜ ਨਹੀਂ ਹੈ। ਇਸ ਮੁਹਿੰਮ ਨਾਲ ਅਸੀਂ ਟੀ.ਬੀ ਦੇ ਖਾਤਮੇ ਲਈ ਵੱਡਾ ਕਦਮ ਚੁੱਕਾਂਗੇ। ਉਨ੍ਹਾਂ ਸਿਹਤ ਕਰਮਚਾਰੀਆਂ ਅਤੇ ਆਮ ਲੋਕਾਂ ਨੂੰ ਇਸ ਮੁਹਿੰਮ ਵਿਚ ਸਰਗਰਮ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਇਕਜੁੱਟਤਾ ਅਤੇ ਲਗਨ ਨਾਲ ਹਰ ਟੀਚਾ ਪ੍ਰਾਪਤ ਕੀਤਾ ਜਾ ਸਕਦਾ ਹੈ। ਸਿਵਲ ਸਰਜਨ ਡਾ ਪਵਨ ਕੁਮਾਰ ਸ਼ਗੋਤਰਾ ਨੇ ਦੱਸਿਆ ਕਿ ਇਸ ਮੁਹਿੰਮ ਵਿੱਚ ਜ਼ਮੀਨੀ ਪੱਧਰ ਤੇ ਟੀਮਾਂ ਬਣਾ ਕੇ ਉਨ੍ਹਾਂ ਸਮੂਹਾਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਜੋ ਟੀਬੀ ਪ੍ਰਤੀ ਵਧੇਰੇ ਸੰਵੇਦਨਸ਼ੀਲ ਹਨ। ਇਸ ਮੁਹਿੰਮ ਦੇ ਤਹਿਤ, ਸ਼ੂਗਰ ਅਤੇ ਕੁਪੋਸ਼ਣ ਤੋਂ ਪੀੜਤ ਲੋਕ, ਸਿਗਰਟਨੋਸ਼ੀ ਅਤੇ ਸ਼ਰਾਬ ਪੀਣ ਵਾਲੇ, ਐੱਚਆਈਵੀ ਸੰਕਰਮਿਤ ਅਤੇ ਸਾਬਕਾ ਟੀਬੀ ਦੇ ਮਰੀਜ਼ ਅਤੇ ਭੱਠੇ, ਉਸਾਰੀ ਸਾਈਟਾਂ ਅਤੇ ਫੈਕਟਰੀਆਂ ਵਿੱਚ ਕੰਮ ਕਰਨ ਵਾਲੇ ਮਜ਼ਦੂਰ ਵਰਗ ਦੇ ਲੋਕਾਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਦੌਰਾਨ ਡਾ ਗੁਰਪ੍ਰੀਤ ਸਿੰਘ ਵੱਲੋਂ ਇਸ ਸਾਰੀ ਮੁਹਿੰਮ ਦੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਉਹਨਾਂ ਕਿਹਾ ਤਪਦਿਕ ਨਾਲ ਜੁੜੇ ਹਰ ਸਿਹਤ ਕਰਮਚਾਰੀ, ਨਿਕਸ਼ੈ ਮਿੱਤਰਾ ਅਤੇ ਆਮ ਲੋਕਾਂ ਦੇ ਯਤਨ ਟੀਬੀ ਦੇ ਖਾਤਮੇ ਵਿੱਚ ਮੀਲ ਪੱਥਰ ਸਾਬਤ ਹੋਣਗੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly