ਟੈੱਟ ਦੀ ਬਿਲਕੁਲ ਬੇਲੋੜੀ, ਗੈਰਵਿਧਾਨਿਕ ਸ਼ਰਤ ਜਬਰੀ ਥੋਪਣ, ਤੇ ਪੁਰਾਣੀ ਪੈਨਸ਼ਨ ਬਹਾਲੀ ਲਈ ਜੰਮ ਕੇ ਅਧਿਆਪਕਾ ਨੇ ਕੀਤੀ ਨਾਅਰੇਬਾਜੀ ਤੇ ਰੋਸ ਪ੍ਰਦਰਸ਼ਨ
ਕਪੂਰਥਲਾ (ਸਮਾਜ ਵੀਕਲੀ) ( ਕੌੜਾ ) -ਪੰਜਾਬ ਭਰ ਵਿੱਚ ਅਧਿਆਪਕ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਦੀ ਤਹਿਸੀਲ ਪੱਧਰ ਤੇ ਅਰਥੀ ਫੂਕ ਮੁਜਾਹਰੇ ਕਰਨ ਦੇ ਪ੍ਰੋਗਰਾਮ ਤਹਿਤ ਜਿਲ੍ਹਾ ਕਪੂਰਥਲਾ ਵਿੱਚ ਜਿਲ੍ਹੇ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਵੱਲੋਂ ਕਪੂਰਥਲਾ,ਸੁਲਤਾਨਪੁਰ ਲੋਧੀ,ਫਗਵਾੜਾ ਅਤੇ ਭੁਲੱਥ ਵਿਖੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ । ਸਥਾਨਕ ਸ਼ਾਲਾਮਾਰ ਬਾਗ ਵਿੱਚ ਵੀ ਵੱਡੀ ਗਿਣਤੀ ਵਿੱਚ ਅਧਿਆਪਕਾਂ ਨੇ ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਸ੍ਰ ਰਛਪਾਲ ਸਿੰਘ ਵੜੈਚ,ਜੀ.ਟੀ.ਯੂ ਆਗੂ ਗੁਰਮੇਜ ਸਿੰਘ ਤਲਵੰਡੀ ਚੌਧਰੀਆਂ,ਡੈਮੋਕਰੇਟਿਕ ਟੀਚਰਜ਼ ਫਰੰਟ ( ਦਿਗਵਿਜੇ) ਦੇ ਸੂਬਾ ਸੀਨੀ.ਮੀਤ ਪ੍ਰਧਾਨ ਸਰਵਣ ਸਿੰਘ ਔਜਲਾ, ਜਿਲ੍ਹਾ ਪਧਾਨ ਚਰਨਜੀਤ ਸਿੰਘ,ਡੈਮੋਕਰੇਟਿਕ ਟੀਚਰਜ਼ ਫਰੰਟ ( ਵਿਕਰਮਦੇਵ) ਦੇ ਜਿਲ੍ਹਾ ਜਨਰਲ ਸਕੱਤਰ ਤੇਜਿੰਦਰ ਸਿੰਘ, ਅਧਿਆਪਕ ਦਲ ਪੰਜਾਬ ਦੇ ਜਿਲ੍ਹਾ ਪ੍ਰਧਾਨ ਸੁਖਦਿਆਲ ਸਿੰਘ ਝੰਡ,ਅਧਿਆਪਕ ਦਲ ਦੇ ਸੀਨੀਅਰ ਆਗੂ ਗੁਰਮੁੱਖ ਸਿੰਘ ਬਾਬਾ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੀ ਅਰਥੀ ਫੂਕੀ ਤੇ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ । ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਸ਼ਾਰੇ ‘ਤੇ ਸੁਪਰੀਮ ਕੋਰਟ ਰਾਹੀਂ ਟੈੱਟ ਦੀ ਬਿਲਕੁਲ ਬੇਲੋੜੀ, ਗੈਰਵਿਧਾਨਿਕ ਸ਼ਰਤ ਜਬਰੀ ਥੋਪਣ, ਪੰਜਾਬ ਸਰਕਾਰ ਵਲੋਂ ਬਜਟ ਸੈਸ਼ਨ ਦੌਰਾਨ ਅਧਿਆਪਕਾਂ ਦੀ ਸੇਵਾ ਸੁਰੱਖਿਆ ਲਈ ਬਿੱਲ ਨਾ ਲਿਆਉਣ, ਸੁਪਰੀਮ ਕੋਰਟ ਵਿੱਚ ਰੀਵਿਊ ਪਟੀਸ਼ਨ ਦਾਖਲ ਨਾ ਕਰਨ, ਸਿੱਖਿਆ ਵਿਭਾਗ ਵਲੋਂ ਕੁਝ ਵਰਗਾਂ ਨੂੰ ਟੈੱਟ ਤੋਂ ਛੋਟ ਦੇਣ ਦਾ ਪੱਤਰ ਰੱਦ ਕਰਨ, ਸੰਘਰਸ਼ ਦੌਰਾਨ ਜਲ ਤੋਪਾਂ, ਲਾਠੀਚਾਰਜ ਅਤੇ ਅਥਰੂ ਗੈਸ ਦੇ ਗੋਲਿਆਂ ਦੀ ਅੰਨ੍ਹੇਵਾਹ ਵਰਤੋਂ ਕਰਕੇ ਅਧਿਆਪਕਾਂ ਨੂੰ ਜਖਮੀ ਕਰਕੇ ਰਾਸ਼ਟਰ ਨਿਰਮਾਤਾ ਅਧਿਆਪਕਾਂ ਦੇ ਮਾਨ ਸਨਮਾਨ ਨੂੰ ਸੱਟ ਮਾਰਨ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ ਹੈ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਚਾਰ ਸਾਲ ਦੇ ਕਾਰਜਕਾਲ ਵਿੱਚ ਅਧਿਆਪਕਾਂ ਦੀ ਕਿਸੇ ਵੀ ਸਮੱਸਿਆ ਦਾ ਹੱਲ ਕਰਨ ਦੀ ਬਜਾਏ ਅਧਿਆਪਕਾਂ ਦੇ ਹਰ ਵਰਗ ਤੇ ਪੁਲਸੀਆ ਤਸ਼ੱਦਦ ਹੀ ਕੀਤਾ ਹੈ। ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਲੰਗੜਾ ਨੋਟੀਫਿਕੇਸ਼ਨ ਜਾਰੀ ਕਰਨ ਦੇ ਬਾਵਜੂਦ ਹੁਣ ਤੱਕ ਲਾਗੂ ਨਹੀਂ ਕੀਤੀ ਗਈ, ਤਨਖਾਹ ਦੁਹਰਾਈ ਦੇ ਬਕਾਏ, ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਅਤੇ ਜਾਰੀ ਕੀਤੀਆਂ ਕਿਸ਼ਤਾਂ ਦੇ ਬਕਾਏ ਮਿੱਟੀ ਘੱਟੇ ਰਲਾ ਦਿੱਤੇ ਗਏ ਹਨ, ਸੋਧਣ ਦੇ ਨਾਂ ਤੇ ਬੰਦ ਕੀਤੇ ਸਮੁੱਚੇ ਭੱਤੇ ਬਹਾਲ ਨਹੀਂ ਕੀਤੇ ਜਾ ਰਹੇ, ਤਨਖਾਹ ਕਮਿਸ਼ਨ ਦੀ ਪੂਰੀ ਰਿਪੋਰਟ ਵੀ ਜਾਰੀ ਨਹੀਂ ਕੀਤੀ ਗਈ, ਸਕੂਲਾਂ ਵਿੱਚ ਅਧਿਆਪਕਾਂ ਦੀਆਂ ਅਤੇ ਸਕੂਲ ਮੁਖੀਆਂ ਦੀਆਂ ਹਜ਼ਾਰਾਂ ਪੋਸਟਾਂ ਖਾਲੀ ਹੋਣ ਦੇ ਬਾਵਜੂਦ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਨਹੀਂ ਦਿੱਤਾ ਜਾ ਰਿਹਾ। ਸਰਕਾਰ ਵਲੋਂ ਖਜਾਨਾ ਭਰੇ ਹੋਣ ਦੇ ਦਮਗਜੇ ਮਾਰੇ ਜਾ ਰਹੇ ਹਨ, ਪਰ ਅਧਿਆਪਕਾਂ ਦੇ ਵਿੱਤੀ ਮਸਲੇ ਹੱਲ ਨਹੀਂ ਕੀਤੇ ਜਾ ਰਹੇ, ਬਹੁਗਿਣਤੀ ਅਧਿਆਪਕ ਫਰਵਰੀ ਮਹੀਨੇ ਦੀ ਤਨਖਾਹ ਨੂੰ ਤਰਸ ਰਹੇ ਹਨ। ਇਹਨਾਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਸੇਵਾ ਨਿਭਾ ਰਹੇ ਅਧਿਆਪਕਾਂ ਦੇ ਸਿਰ ਤੇ ਛਾਂਟੀ ਦੀ ਤਲਵਾਰ ਲਟਕਾ ਦਿੱਤੀ ਗਈ ਹੈ। ਇਸ ਪ੍ਰਦਰਸ਼ਨ ਵਿੱਚ ਜੀ.ਟੀ.ਯੂ ਆਗੂ ਗੁਰਮੇਜ ਸਿੰਘ ਤਲਵੰਡੀ,ਜੋਤੀ ਮਹਿੰਦਰੂ,ਜੈਮਲ ਸਿੰਘ, ਹਰਪ੍ਰੀਤ ਸਿੰਘ ਦਵਿੰਦਰ ਸਿੰਘ ਅਵਤਾਰ ਸਿੰਘ,ਮਲਕੀਤ ਸਿੰਘ, ਦੀਪਕ ਅਨੰਦ ,ਪੰਕਜ ਸਪਰਾ ਐਸ ਐਲ ਏ. ਸਕੱਤਰ,ਅਸ਼ੀਸ਼ ਕੁਮਾਰ,ਸੁਖਜਿੰਦਰ ਢੋਲਣ,ਰਮੇਸ਼ ਭੇਟਾਂ,ਹਰਦੇਵ ਖਾਨੋਵਾਲ,ਮੈਡਮ ਸਤਵਿੰਦਰ ਕੌਰ,ਮੀਨਾਕਸ਼ੀ,ਮਨਪ੍ਰੀਤ ਕੌਰ,ਪਰਮਜੀਤ ਕੌਰ,ਸਰਬਜੀਤ ਕੌਰ,ਸਤਵਿੰਦਰ ਕੌਰ ਆਦਿ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



