ਨਵੀਂ ਦਿੱਲੀ– 26/11 ਦੇ ਮੁੰਬਈ ਅੱਤਵਾਦੀ ਹਮਲੇ ਦੇ ਮੁੱਖ ਸਾਜ਼ਿਸ਼ਕਾਰਾਂ ਵਿੱਚੋਂ ਇੱਕ ਤਹੱਵੁਰ ਹੁਸੈਨ ਰਾਣਾ ਨੂੰ ਸ਼ੁੱਕਰਵਾਰ ਦੇਰ ਸ਼ਾਮ ਅਮਰੀਕਾ ਤੋਂ ਭਾਰਤ ਲਿਆਂਦਾ ਗਿਆ। ਅਮਰੀਕੀ ਵਿਸ਼ੇਸ਼ ਜਹਾਜ਼ ਗਲਫਸਟ੍ਰੀਮ ਜੀ550 ਰਾਹੀਂ ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਪੁੱਜੇ ਰਾਣਾ ਨੂੰ ਐਨਆਈਏ ਅਤੇ ਐਨਐਸਜੀ ਦੀ ਸਖ਼ਤ ਸੁਰੱਖਿਆ ਹੇਠ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਉਸ ਨੂੰ 18 ਦਿਨਾਂ ਦੇ ਰਿਮਾਂਡ ’ਤੇ ਕੌਮੀ ਜਾਂਚ ਏਜੰਸੀ (ਐਨਆਈਏ) ਦੇ ਹਵਾਲੇ ਕਰ ਦਿੱਤਾ ਗਿਆ।
ਐਨਆਈਏ ਨੇ ਅਦਾਲਤ ਤੋਂ 20 ਦਿਨਾਂ ਦਾ ਰਿਮਾਂਡ ਮੰਗਿਆ ਸੀ, ਪਰ ਅਦਾਲਤ ਨੇ 18 ਦਿਨਾਂ ਦਾ ਰਿਮਾਂਡ ਦਿੱਤਾ। ਰਾਣਾ ਨੂੰ ਦੇਰ ਰਾਤ ਐਨਆਈਏ ਹੈੱਡਕੁਆਰਟਰ ਵਿੱਚ ਬਣੇ ਵਿਸ਼ੇਸ਼ ਸੈੱਲ ਵਿੱਚ ਰੱਖਿਆ ਗਿਆ ਸੀ। ਸ਼ਨੀਵਾਰ ਨੂੰ NIA ਦੇ ਸੀਨੀਅਰ ਅਧਿਕਾਰੀਆਂ ਦੀ ਟੀਮ ਉਸ ਤੋਂ ਪੁੱਛਗਿੱਛ ਕਰੇਗੀ, ਜਿਸ ‘ਚ ਮੁੰਬਈ ਹਮਲੇ ਦੀ ਸਾਜ਼ਿਸ਼ ਨਾਲ ਜੁੜੇ ਪਹਿਲੂਆਂ ‘ਤੇ ਖਾਸ ਧਿਆਨ ਦਿੱਤਾ ਜਾਵੇਗਾ।
ਐਨਆਈਏ ਨੇ ਇੱਕ ਅਧਿਕਾਰਤ ਬਿਆਨ ਵਿੱਚ ਕਿਹਾ, “26/11 ਹਮਲੇ ਦੇ ਮੁੱਖ ਦੋਸ਼ੀ ਤਹੱਵੁਰ ਰਾਣਾ ਦੀ ਹਵਾਲਗੀ ਸਫਲਤਾਪੂਰਵਕ ਪੂਰੀ ਹੋ ਗਈ ਹੈ। ਇਹ ਉਪਲਬਧੀ ਸਾਲਾਂ ਦੀ ਯੋਜਨਾਬੱਧ ਅਤੇ ਠੋਸ ਕੋਸ਼ਿਸ਼ਾਂ ਤੋਂ ਬਾਅਦ ਪ੍ਰਾਪਤ ਕੀਤੀ ਗਈ ਹੈ।” ਲੰਬੇ ਸਮੇਂ ਤੋਂ ਅਮਰੀਕਾ ‘ਚ ਨਿਆਂਇਕ ਹਿਰਾਸਤ ‘ਚ ਰਹੇ ਰਾਣਾ ਦੀ ਹਵਾਲਗੀ ਦੀ ਪ੍ਰਕਿਰਿਆ ਭਾਰਤ-ਅਮਰੀਕਾ ਵਿਚਾਲੇ ਹੋਈ ਹਵਾਲਗੀ ਸੰਧੀ ਤਹਿਤ ਪੂਰੀ ਹੋਈ ਸੀ। ਲਾਸ ਏਂਜਲਸ ਤੋਂ ਉਸ ਨੂੰ ਐਨਐਸਜੀ ਅਤੇ ਐਨਆਈਏ ਟੀਮਾਂ ਦੀ ਨਿਗਰਾਨੀ ਹੇਠ ਵਿਸ਼ੇਸ਼ ਜਹਾਜ਼ ਰਾਹੀਂ ਦਿੱਲੀ ਲਿਆਂਦਾ ਗਿਆ।
ਪਾਲਮ ਹਵਾਈ ਅੱਡੇ ‘ਤੇ ਪਹੁੰਚਣ ਤੋਂ ਬਾਅਦ, ਰਾਣਾ ਨੂੰ ਰਸਮੀ ਤੌਰ ‘ਤੇ ਗ੍ਰਿਫਤਾਰ ਕਰ ਲਿਆ ਗਿਆ ਅਤੇ ਡਾਕਟਰੀ ਜਾਂਚ ਕਰਵਾਈ ਗਈ। ਇਸ ਤੋਂ ਬਾਅਦ ਉਸ ਨੂੰ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕੀਤਾ ਗਿਆ। ਸਰਕਾਰ ਵੱਲੋਂ ਸੀਨੀਅਰ ਵਕੀਲ ਦਯਾਨ ਕ੍ਰਿਸ਼ਨਨ ਅਤੇ ਵਿਸ਼ੇਸ਼ ਸਰਕਾਰੀ ਵਕੀਲ ਨਰਿੰਦਰ ਮਾਨ ਨੇ ਬਹਿਸ ਕੀਤੀ, ਜਦੋਂ ਕਿ ਮੁਲਜ਼ਮਾਂ ਵੱਲੋਂ ਦਿੱਲੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਵਕੀਲ ਪੀਯੂਸ਼ ਸਚਦੇਵਾ ਪੇਸ਼ ਹੋਏ। ਇਸ ਹਾਈ-ਪ੍ਰੋਫਾਈਲ ਹਵਾਲਗੀ ਅਤੇ ਪੁੱਛਗਿੱਛ ਤੋਂ ਬਾਅਦ ਉਮੀਦ ਕੀਤੀ ਜਾ ਰਹੀ ਹੈ ਕਿ 26/11 ਹਮਲੇ ਦੀ ਸਾਜ਼ਿਸ਼ ਅਤੇ ਇਸ ਦੇ ਨੈੱਟਵਰਕ ਨਾਲ ਜੁੜੇ ਕਈ ਅਹਿਮ ਖੁਲਾਸੇ ਹੋ ਸਕਦੇ ਹਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly



