ਚੰਡੀਗੜ੍ਹ (ਸਮਾਜ ਵੀਕਲੀ): ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪੰਜਾਬ ਦੇ ਉੱਚ ਅਫ਼ਸਰਾਂ ਨਾਲ ਮੀਟਿੰਗ ਮਗਰੋਂ ਸੂਬੇ ਦੇ ਪ੍ਰਮੁੱਖ ਸਿਆਸੀ ਆਗੂਆਂ ਹੱਥ ‘ਆਪ’ ਸਰਕਾਰ ਨੂੰ ਘੇਰਨ ਦਾ ਮੌਕਾ ਲੱਗ ਗਿਆ ਹੈ। ‘ਆਪ’ ਸਰਕਾਰ ਨੇ 300 ਯੂਨਿਟ ਮੁਫ਼ਤ ਬਿਜਲੀ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਲਈ ਰਣਨੀਤੀ ਤਿਆਰ ਕਰਨ ਵਾਸਤੇ ਪੰਜਾਬ ਦੇ ਅਧਿਕਾਰੀ ਦਿੱਲੀ ਸੱਦੇ ਸਨ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਟਵੀਟ ਕਰਕੇ ਸਵਾਲ ਕੀਤਾ ਕਿ ਅਰਵਿੰਦ ਕੇਜਰੀਵਾਲ ਨੇ ਕਿਸ ਮਾਮਲੇ ’ਤੇ ਅਤੇ ਕਿਸ ਅਧਿਕਾਰ ਨਾਲ ਪੰਜਾਬ ਦੇ ਅਧਿਕਾਰੀਆਂ ਦੀ ਮੀਟਿੰਗ ਦਿੱਲੀ ਵਿਚ ਕੀਤੀ ਹੈ। ਵੜਿੰਗ ਨੇ ਕਿਹਾ ਕਿ ਇਹ ਗ਼ਲਤ ਪਿਰਤ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ(ਭਗਵੰਤ ਮਾਨ) ਨੇ ਸਿਰ ਤਾਂ ਝੁਕਾਅ ਹੀ ਦਿੱਤਾ ਸੀ, ਕੀ ਹੁਣ ਮੱਥਾ ਵੀ ਟੇਕ ਦਿੱਤਾ ਹੈ। ਇਕ ਹੋਰ ਟਵੀਟ ਵਿੱਚ ਵੜਿੰਗ ਨੇ ਕਿਹਾ ‘ਕੀ ਹੁਣ ਪੰਜਾਬ ਦੇ ਮੁੱਖ ਸਕੱਤਰ ਅਨਿਰੁੱਧ ਤਿਵਾੜੀ, ਸਕੱਤਰ ਬਿਜਲੀ ਦਲੀਪ ਕੁਮਾਰ, ਪੀਐੱਸਪੀਸੀਐੱਲ ਦੇ ਚੇਅਰਮੈਨ ਬਲਦੇਵ ਸਿੰਘ ਸਰਾਂ ਸਣੇ ਹੋਰ ਉੱਚ ਅਧਿਕਾਰੀ ਦਿੱਲੀ ਦਰਬਾਰ ਵਿੱਚ ਹਾਜ਼ਰੀ ਲਗਵਾਉਣਗੇ।’ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸਿਰਫ਼ ਨਾਮ ਦੇ ਹੀ ਮੁਖੀਆ ਹਨ।
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਚੰਡੀਗੜ੍ਹੋਂ ਨਹੀਂ ਬਲਕਿ ਦਿੱਲੀ ਤੋਂ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਪੰਜਾਬ ਦੇ ਅਧਿਕਾਰੀਆਂ ਦੀ ਮੀਟਿੰਗ ਸੱਦ ਕੇ ਸਾਬਿਤ ਕਰ ਦਿੱਤਾ ਹੈ ਕਿ ਪੰਜਾਬ ’ਤੇ ਅਸਲ ਕੰਟਰੋਲ ਕਿਸ ਦਾ ਹੈ। ਉਨ੍ਹਾਂ ਕਿਹਾ ਕਿ ਇਹ ਗੈਰ-ਸੰਵਿਧਾਨਕ ਕਾਰਵਾਈ ਹੈ। ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਕੇਜਰੀਵਾਲ ਵੱਲੋਂ ਪੰਜਾਬ ਦੇ ਅਫ਼ਸਰਾਂ ਨੂੰ ਦਿੱਲੀ ਤਲਬ ਕੀਤੇ ਜਾਣ ਤੋਂ ਸਾਫ਼ ਹੈ ਕਿ ਰਿਮੋਟ ਕੰਟਰੋਲ ਦਿੱਲੀ ਦੇ ਹੱਥ ਵਿਚ ਹੈ।
ਨਵਜੋਤ ਸਿੱਧੂ ਨੇ ਕਿਹਾ ਕਿ ਇਹ ਸੰਘੀ ਢਾਂਚੇ ਦੀ ਖਿਲਾਫ਼ਵਰਜ਼ੀ ਅਤੇ ਪੰਜਾਬੀਆਂ ਦੇ ਮਾਣ ਨੂੰ ਢਾਹ ਲਾਉਣ ਵਾਲੀ ਕਾਰਵਾਈ ਹੈ। ਉਧਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਜਰੀਵਾਲ ਨੇ ਪੰਜਾਬ ਦੀ ਵਾਗਡੋਰ ਬਹੁਤ ਪਹਿਲਾਂ ਸੰਭਾਲ ਲਈ ਹੈ, ਜਿਸ ਤਰ੍ਹਾਂ ਕਿਆਸ ਕੀਤਾ ਜਾ ਰਿਹਾ ਸੀ। ਕੈਪਟਨ ਨੇ ਕਿਹਾ ਕਿ ਇਹ ਵੀ ਪਤਾ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਰਬੜ ਦੀ ਮੋਹਰ ਹਨ, ਜੋ ਹੁਣ ਸਾਬਤ ਹੋ ਗਿਆ ਹੈ। ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਬਾਹਰਲੇ ਲੋਕਾਂ ਵੱਲੋਂ ਪੰਜਾਬ ਦੇ ਖੇਤਰ ਵਿੱਚ ਦਖਲਅੰਦਾਜ਼ੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸ੍ਰੀ ਖਹਿਰਾ ਨੇ ਕਿਹਾ ਕਿ ਭਗਵੰਤ ਮਾਨ ਨੂੰ ਸਥਿਤੀ ਸਪਸ਼ਟ ਕਰਦੇ ਹੋਏ ਆਪਣੇ ਮੰਤਰੀਆਂ ਅਤੇ ਅਧਿਕਾਰੀਆਂ ਨੂੰ ਸਖਤ ਆਦੇਸ਼ ਜਾਰੀ ਕਰਨੇ ਚਾਹੀਦੇ ਹਨ।
ਉਧਰ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਭਗਵੰਤ ਮਾਨ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਸ ਅਧਿਕਾਰ ਨਾਲ ਪੰਜਾਬ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਅਧਿਕਾਰਾਂ ਅਤੇ ਲੋਕਾਂ ਨਾਲ ਧੋਖਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਅਧਿਕਾਰੀਆਂ ਨਾਲ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਮੀਟਿੰਗ ਕਰਨਾ ਗੈਰ-ਸੰਵਿਧਾਨਕ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਰਾਜਾਂ ਦੇ ਅੰਦਰੂਨੀ ਮਾਮਲਿਆਂ ਵਿੱਚ ਦਖਲ ਬਾਰੇ ਤਾਂ ਸੁਣਿਆ ਸੀ ਪਰ ਹੁਣ ਦਿੱਲੀ ਦੀ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਅੰਦਰੂਨੀ ਮਾਮਲਿਆਂ ਵਿੱਚ ਦਖਲ ਨੂੰ ਅੱਖੀਂ ਦੇਖ ਰਹੇ ਹਾਂ। ਉਨ੍ਹਾਂ ਕਿਹਾ ਕਿ ਕੀ ਪੰਜਾਬੀਆਂ ਨੂੰ ਇਸੇ ਬਦਲਾਅ ਦੀ ਉਡੀਕ ਸੀ। ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly