ਨਵੀਂ ਦਿੱਲੀ (ਸਮਾਜ ਵੀਕਲੀ): ਬੀਕੇਯੂ ਆਗੂ ਰਾਕੇਸ਼ ਟਿਕੈਤ ਨੇ ਮੋਦੀ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਕੀ ਦੇਸ਼ ਵਿਚ ਕਿਮ ਜੋਂਗ ਉਨ ਦੀ ਸਰਕਾਰ ਹੈ ਜੋ ਕਿਸਾਨਾਂ ਨਾਲ ਗੱਲ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਸ਼ਹੀਦ ਹੋਏ ਕਿਸਾਨਾਂ ਲਈ ਇੱਕ ਸ਼ਬਦ ਤੱਕ ਨਹੀਂ ਬੋਲਿਆ। ਕਿਸਾਨਾਂ ਨੇ ਉਨ੍ਹਾਂ ਨੂੰ ਵੋਟ ਦਿੱਤੀ ਸੀ ਤੇ ਪ੍ਰਧਾਨ ਮੰਤਰੀ ਉਹ ਕਿਸਾਨਾਂ ਦੇ ਵੀ ਹਨ। ਮੀਡੀਆ ਨਾਲ ਗੱਲ ਕਰਦਿਆਂ ਟਿਕੈਤ ਨੇ ਕਿਹਾ ਕਿ ਪ੍ਰਧਾਨ ਮੰਤਰੀ ਤੋਂ ਬਿਆਨ ਦਿਵਾ ਦਿੱਤਾ ਜਾਵੇ ਕਿ ਉਹ ਕਿਸਾਨਾਂ ਦੇ ਪ੍ਰਧਾਨ ਮੰਤਰੀ ਨਹੀਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਲੋਕਤੰਤਰਿਕ ਤਰੀਕੇ ਨਾਲ ਚੁਣੀ ਹੋਈ ਸਰਕਾਰ ਹੈ ਜੋ ਸਭ ਦੀ ਹੈ। ਉਨ੍ਹਾਂ ਕਿਹਾ ਕਿ 700 ਕਿਸਾਨ ਸ਼ਹੀਦ ਹੋ ਚੁੱਕੇ ਹਨ ਪਰ ਪ੍ਰਧਾਨ ਮੰਤਰੀ ਨਹੀਂ ਬੋਲੇ।
ਰਾਸ਼ਟਰੀ ਰਾਜਧਾਨੀ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨ ਅੰਦੋਲਨ ਨੂੰ 11 ਮਹੀਨੇ ਬੀਤ ਚੁੱਕੇ ਹਨ ਪਰ ਸਰਕਾਰ ਤੇ ਕਿਸਾਨ ਨੇਤਾਵਾਂ ਵਿਚਾਲੇ ਗੱਲਬਾਤ ’ਚ ਖੜੋਤ ਅਜੇ ਵੀ ਬਣੀ ਹੋਈ ਹੈ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਸਰਕਾਰ ਹੱਠਧਰਮੀ ਕਰਦੀ ਰਹੀ ਤਾਂ ਕਿਸਾਨ ਵੀ ਆਪਣੀਆਂ ਮੰਗਾਂ ਤੋਂ ਪਿੱਛੇ ਨਹੀਂ ਹਟਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਫ਼ਸਲਾਂ ਤਬਾਹ ਹੋ ਗਈਆਂ ਹਨ ਪਰ ਸਰਕਾਰ ਵੱਲੋਂ ਕੋਈ ਸਹਿਯੋਗ ਨਹੀਂ ਦਿੱਤਾ ਗਿਆ। ਬੇਮੌਸਮੀ ਬਾਰਿਸ਼ ਕਾਰਨ ਕਿਸਾਨਾਂ ’ਤੇ ਮਾੜਾ ਅਸਰ ਪੈ ਰਿਹਾ ਹੈ। ਅੰਦੋਲਨ ਖ਼ਤਮ ਕਰਨ ਦੀ ਗੱਲ ਕਰਦੇ ਹੋਏ ਰਾਕੇਸ਼ ਟਿਕੈਤ ਨੇ ਕਿਹਾ, ‘ਅਸੀਂ ਸਰਕਾਰ ਨਾਲ ਗੱਲਬਾਤ ਦੀ ਉਡੀਕ ਕਰ ਰਹੇ ਹਾਂ। ਸਰਕਾਰ ਗੱਲ ਕਰੇ ਤਾਂ ਕਿਸਾਨ ਵੀ ਘਰਾਂ ਨੂੰ ਜਾਣ ਵਾਲੇ ਹੋਣ। ਜੇਕਰ ਸਰਕਾਰ ਗੱਲਬਾਤ ਨਹੀਂ ਕਰਦੀ, ਅੰਦੋਲਨ ਦਾ ਹੱਲ ਨਹੀਂ ਕੱਢਦੀ ਤਾਂ ਅਸੀਂ ਪਿੱਛੇ ਨਹੀਂ ਹਟਾਂਗੇ।’
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly