ਚੰਡੀਗੜ੍ਹ (ਸਮਾਜ ਵੀਕਲੀ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਸੰਸਦ ਦੇ ਆਉਂਦੇ ਮੌਨਸੂਨ ਇਜਲਾਸ ਵਿਚ ਪਾਰਟੀ ਵੱਲੋਂ ਤਿੰਨ ਖੇਤੀ ਕਾਨੂੰਨ ਰੱਦ ਕਰਾਉਣ ਦੀ ਮੰਗ ਕਰਦਿਆਂ ਕੰਮ ਰੋਕੂ ਮਤਾ ਪੇਸ਼ ਕੀਤਾ ਜਾਵੇਗਾ। ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਕਾਲੀ ਦਲ ਦਾ ਸਾਥ ਦੇ ਕੇ ਮਤੇ ਦੀ ਹਮਾਇਤ ਕਰਨ ਅਤੇ ਇਸ ’ਤੇ ਦਸਤਖ਼ਤ ਕਰਨ ਦੀ ਅਪੀਲ ਵੀ ਕੀਤੀ ਹੈ। ਸੁਖਬੀਰ ਨੇ ਕਿਹਾ ਕਿ ਅਕਾਲੀ ਦਲ ਕਿਸਾਨਾਂ ਵਾਸਤੇ ਉਦੋਂ ਤੱਕ ਆਪਣੀ ਆਵਾਜ਼ ਬੁਲੰਦ ਕਰਦਾ ਰਹੇਗਾ, ਜਦੋਂ ਤੱਕ ਉਨ੍ਹਾਂ ਦੀਆਂ ਸਾਰੀਆਂ ਸ਼ਿਕਾਇਤਾਂ ਦੂਰ ਨਹੀਂ ਹੋ ਜਾਂਦੀਆਂ ਹਨ।
ਸੰਯੁਕਤ ਕਿਸਾਨ ਮੋਰਚੇ ਵੱਲੋਂ ਜਾਰੀ ਕੀਤੀ ਗਈ ਜਨਤਕ ਵ੍ਹਿਪ ਬਾਰੇ ਪੁੱਛੇ ਗਏ ਇਕ ਸਵਾਲ ਦੇ ਜਵਾਬ ਵਿਚ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ,‘‘ਸਾਰਾ ਦੇਸ਼ ਜਾਣਦਾ ਹੈ ਕਿ ਸਾਡੀ ਪਾਰਟੀ ਨੇ ਤਿੰਨ ਕਾਲੇ ਕਾਨੂੰਨਾਂ ਖ਼ਿਲਾਫ਼ ਸੰਸਦ ਵਿਚ ਵੋਟਿੰਗ ਹੋਣ ਵੇਲੇ ਉਨ੍ਹਾਂ ਖ਼ਿਲਾਫ਼ ਵੋਟ ਪਾਉਣ ਵਾਸਤੇ ਵਿਪ੍ਹ ਜਾਰੀ ਕੀਤੀ ਸੀ।’’ ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਨੇ ਵੀ ਉਸ ਵੇਲੇ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਸੀ ਕਿ ਉਹ ਸੰਸਦ ਦੀ ਕਾਰਵਾਈ ਦਾ ਬਾਈਕਾਟ ਨਾ ਕਰਨ ਅਤੇ ਤਿੰਨ ਕਾਲੇ ਕਾਨੂੰਨਾਂ ਖ਼ਿਲਾਫ਼ ਵੋਟਾਂ ਪਾਉਣ ਪਰ ਇਸ ਦੇ ਬਾਵਜੂਦ ਕਾਂਗਰਸ ਅਤੇ ‘ਆਪ’ ਨੇ ਕਾਰਵਾਈ ਦਾ ਬਾਈਕਾਟ ਕੀਤਾ ਸੀ।
ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ ਸੂਬੇ ਵਿਚ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੀ ਸਰਕਾਰ ਬਣਨ ’ਤੇ ਦੋ ਉਪ ਮੁੱਖ ਮੰਤਰੀ ਬਣਾਏ ਜਾਣਗੇ ਅਤੇ ਇਨ੍ਹਾਂ ’ਚੋਂ ਇਕ ਪੰਜਾਬੀ ਹਿੰਦੂ ਭਾਈਚਾਰੇ ਵਿਚੋਂ ਅਤੇ ਦੂਜਾ ਦਲਿਤ ਭਾਈਚਾਰੇ ਵਿਚੋਂ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਦੋਵੇਂ ਭਾਈਚਾਰਿਆਂ ਦੀ ਪ੍ਰਤੀਨਿਧਤਾ ਦੀ ਬਦੌਲਤ ਅਕਾਲੀ ਦਲ ਤੇ ਬਸਪਾ ਸਰਕਾਰ ਸੰਯੁਕਤ ਪੰਜਾਬੀ ਸੱਭਿਆਚਾਰ ਦੀ ਸਹੀ ਪ੍ਰਤੀਨਿਧ ਤੇ ਪੰਜਾਬੀ ਏਕਤਾ, ਸ਼ਾਂਤੀ ਤੇ ਭਾਈਚਾਰਕ ਸਾਂਝ ਦਾ ਪ੍ਰਤੀਕ ਹੋਵੇਗੀ। ਉਨ੍ਹਾਂ ਕਿਹਾ ਕਿ ਬਾਹਰੀ ਤਾਕਤਾਂ ਵੱਖ ਵੱਖ ਭਾਈਚਾਰਿਆਂ ਨੂੰ ਇਕ-ਦੂਜੇ ਨਾਲ ਲੜਾ ਕੇ ਪੰਜਾਬ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੀਆਂ ਹਨ।
ਉਨ੍ਹਾਂ ਕਿਹਾ ਕਿ ਪਾਰਟੀ ਸਾਰੇ ਭਾਈਚਾਰਿਆਂ ਨੂੰ ਇਕੱਠਿਆਂ ਰੱਖਣ ਲਈ ਦ੍ਰਿੜ੍ਹ ਸੰਕਲਪ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਦੋ ਡਿਪਟੀ ਸੀਐੱਮ ਦਾ ਫੈਸਲਾ ਗੁਰੂ ਸਾਹਿਬਾਨ ਵੱਲੋਂ ਦਰਸਾਏ ਸਰਬੱਤ ਦੇ ਭਲੇ ਦੇ ਸਿਧਾਂਤ ਤੇ ਅਮੀਰ ਵਿਰਸੇ ਅਨੁਸਾਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਪਾੜੋ ਤੇ ਰਾਜ ਕਰੋ ਦੀਆਂ ਨੀਤੀਆਂ ਕਾਰਨ ਪੰਜਾਬ ਦੇ ਭਾਵੁਕ ਸਮਾਜਿਕ ਸਰੂਪ ਨੂੰ ਵੱਜੀ ਸੱਟ ਨੂੰ ਮੱਲ੍ਹਮ ਲਾਉਣ ਦੀ ਵੀ ਪਾਰਟੀ ਜ਼ਿੰਮੇਵਾਰੀ ਚੁੱਕੇਗੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly