ਨਵੀਂ ਦਿੱਲੀ (ਸਮਾਜ ਵੀਕਲੀ):ਕੇਂਦਰ ਸਰਕਾਰ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਲਈ ਸੋਮਵਾਰ ਨੂੰ ਲੋਕ ਸਭਾ ’ਚ ਨਵਾਂ ਬਿੱਲ ਪੇਸ਼ ਕਰੇਗੀ। ਸੰਸਦ ਦਾ ਸਰਦ ਰੁੱਤ ਇਜਲਾਸ 29 ਨਵੰਬਰ ਤੋਂ ਸ਼ੁਰੂ ਹੋ ਰਿਹਾ ਹੈ। ਬਿੱਲ ’ਚ ਕਿਹਾ ਗਿਆ ਹੈ ਕਿ ਕਿਸਾਨਾਂ ਦਾ ਸਿਰਫ਼ ਇਕ ਛੋਟਾ ਧੜਾ ਇਨ੍ਹਾਂ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਿਹਾ ਹੈ ਪਰ ਸਮੇਂ ਦੀ ਲੋੜ ਹੈ ਕਿ ਹਰ ਕਿਸੇ ਦੇ ਵਿਕਾਸ ਲਈ ਸਾਰਿਆਂ ਨੂੰ ਨਾਲ ਲੈ ਕੇ ਚੱਲਿਆ ਜਾਵੇ। ਲੋਕ ਸਭਾ ਦੀ ਪਹਿਲੇ ਦਿਨ ਦੀ ਕਾਰਵਾਈ ਸੂਚੀ ’ਚ ਫਾਰਮ ਲਾਅਜ਼ ਰਿਪੀਲ ਬਿੱਲ, 2021 ਸ਼ਾਮਲ ਕੀਤਾ ਗਿਆ ਹੈ। ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਹੇਠਲੇ ਸਦਨ ’ਚ ਇਸ ਬਿੱਲ ਨੂੰ ਪੇਸ਼ ਕਰਨਗੇ।
ਹੁਕਮਰਾਨ ਭਾਜਪਾ ਅਤੇ ਮੁੱਖ ਵਿਰੋਧੀ ਧਿਰ ਕਾਂਗਰਸ ਨੇ ਆਪਣੇ ਆਪਣੇ ਸੰਸਦ ਮੈਂਬਰਾਂ ਨੂੰ ਸੋਮਵਾਰ ਨੂੰ ਸਦਨ ’ਚ ਹਾਜ਼ਰ ਰਹਿਣ ਲਈ ਵਿਪ੍ਹ ਜਾਰੀ ਕੀਤੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨੋਂ ਕਾਨੂੰਨ ਰੱਦ ਕਰਨ ਦੇ ਐਲਾਨ ਮਗਰੋਂ ਕੇਂਦਰੀ ਮੰਤਰੀ ਮੰਡਲ ਨੇ ਇਸ ਬਿੱਲ ਨੂੰ ਮਨਜ਼ੂਰੀ ਦਿੱਤੀ ਸੀ। ਉਧਰ ਸੀਨੀਅਰ ਕਾਂਗਰਸ ਆਗੂ ਮਨੀਸ਼ ਤਿਵਾੜੀ ਨੇ ਬਿੱਲ ਵਾਪਸ ਲੈਣ ਦੀ ਸ਼ਬਦਾਵਲੀ ਦੀ ਨੁਕਤਾਚੀਨੀ ਕਰਦਿਆਂ ਦੋਸ਼ ਲਾਇਆ ਹੈ ਕਿ ਸਰਕਾਰ ਅੰਦੋਲਨ ਦੌਰਾਨ ਸ਼ਹੀਦ ਹੋਏ 700 ਕਿਸਾਨਾਂ ਦੀ ਕੁਰਬਾਨੀ ਦਾ ਅਪਮਾਨ ਕਰ ਰਹੀ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਜਦੋਂ ਕਿਸਾਨਾਂ ਤੋਂ ਮੁਆਫ਼ੀ ਮੰਗ ਲਈ ਹੈ ਤਾਂ ਬਿੱਲ ਦੀ ਸ਼ਬਦਾਵਲੀ ’ਚ ਸਿਰਫ਼ ਕੁਝ ਕਿਸਾਨਾਂ ਵੱਲੋਂ ਅੰਦੋਲਨ ਕੀਤੇ ਜਾਣ ਦਾ ਜ਼ਿਕਰ ਕਰਨਾ ਅਪਮਾਨਜਨਕ ਹੈ। ਉਨ੍ਹਾਂ ਇਹ ਸ਼ਬਦ ਵਾਪਸ ਲੈਣ ਦੀ ਮੰਗ ਕੀਤੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly