ਅੰਮ੍ਰਿਤਸਰ (ਸਮਾਜ ਵੀਕਲੀ) : ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਦੀ ਜਾਂਚ ਲਈ ਪੁਲੀਸ ਕਮਿਸ਼ਨਰੇੇਟ ਦੇ ਡੀਸੀਪੀ (ਲਾਅ ਐਂਡ ਆਰਡਰ) ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ (ਸਿਟ) ਬਣਾ ਦਿੱਤੀ ਗਈ ਹੈ। ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸਿਟ ਦੋ ਦਿਨਾਂ ਵਿਚ ਆਪਣੀ ਰਿਪੋਰਟ ਦੇਵੇਗੀ। ਉਨ੍ਹਾਂ ਅੱਜ ਇਥੇ ਘਟਨਾ ਦੇ ਸਬੰਧ ਵਿਚ ਪੁਲੀਸ ਪ੍ਰਸ਼ਾਸਨ ਅਤੇ ਸ਼੍ਰੋਮਣੀ ਕਮੇਟੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਵੀ ਕੀਤੀ। ਪੁਲੀਸ ਨੇ ਇਸ ਦੌਰਾਨ ਬੇਅਦਬੀ ਕਰਨ ਵਾਲੇ ਨੌਜਵਾਨ ਖਿਲਾਫ਼ ਧਾਰਾ 295ਏ ਅਤੇ 307 ਹੇਠ ਕੇਸ ਦਰਜ ਕਰ ਲਿਆ ਹੈ। ਗ੍ਰਹਿ ਮੰਤਰੀ ਰੰਧਾਵਾ ਨੇ ਕਿਹਾ ਕਿ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਉਨ੍ਹਾਂ ਇਸ ਬਾਰੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਵੀ ਗੱਲਬਾਤ ਕੀਤੀ ਹੈ।
ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬੇਅਦਬੀ ਦੇ ਮੰਤਵ ਨਾਲ ਆਇਆ ਨੌਜਵਾਨ ਸ਼ਨਿਚਰਵਾਰ ਸਵੇਰੇ ਸਾਢੇ 11 ਵਜੇ ਤੋਂ ਹੀ ਹਰਿਮੰਦਰ ਸਾਹਿਬ ਸਮੂਹ ਵਿਚ ਹੀ ਸੀ। ਸੀਸੀਟੀਵੀ ਕੈਮਰਿਆਂ ਦੀ ਫੁਟੇਜ ਤੋਂ ਪਤਾ ਲੱਗਾ ਹੈ ਕਿ ਉਹ ਕਦੇ ਪਰਿਕਰਮਾ ਵਿਚ ਲੇਟਦਾ ਰਿਹਾ ਅਤੇ ਕਦੇ ਸ੍ਰੀ ਅਕਾਲ ਤਖ਼ਤ ਦੇ ਸਾਹਮਣੇ ਬੈਠਾ ਰਿਹਾ। ਇਸ ਤੋਂ ਜਾਪਦਾ ਹੈ ਕਿ ਉਹ ਵਿਸ਼ੇਸ਼ ਮੰਤਵ ਨਾਲ ਇਥੇ ਆਇਆ ਸੀ। ਉਨ੍ਹਾਂ ਦੱਸਿਆ ਕਿ ਪੁਲੀਸ ਵਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਦੇ ਸੀਸੀਟੀਵੀ ਕੈਮਰਿਆਂ ਤੋਂ ਇਲਾਵਾ ਕੈਂਪਸ ਤੋਂ ਬਾਹਰ ਬਾਜ਼ਾਰਾਂ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਵੀ ਘੋਖਿਆ ਜਾ ਰਿਹਾ ਹੈ ਤਾਂ ਜੋ ਪਤਾ ਲਾਇਆ ਜਾ ਸਕੇ ਕਿ ਨੌਜਵਾਨ ਕਿਸ ਰਸਤੇ ਤੋਂ ਆਇਆ ਅਤੇ ਉਸ ਨਾਲ ਹੋਰ ਕੌਣ-ਕੌਣ ਸੀ।
ਫਿਲਹਾਲ ਪੁਲੀਸ ਉਸ ਦੀ ਸ਼ਨਾਖਤ ਦੇ ਯਤਨ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਲਾਸ਼ ਦਾ ਛੇਤੀ ਹੀ ਪੋਸਟਮਾਰਟਮ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਅਜਿਹੇ ਮਾਮਲਿਆਂ ਵਿਚ ਧਾਰਾ 295 ਦੇ ਨਾਲ ਧਾਰਾ ਏ ਜੋੜਨ ਵਾਸਤੇ ਕੇਂਦਰ ਸਰਕਾਰ ਨੂੰ ਮੁੜ ਪੱਤਰ ਭੇਜਿਆ ਜਾ ਰਿਹਾ ਹੈ ਤਾਂ ਜੋ ਇਸ ਧਾਰਾ ਨੂੰ ਹੋਰ ਸਖ਼ਤ ਬਣਾਇਆ ਜਾ ਸਕੇ। ਇਸ ਤਹਿਤ ਧਰਮ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਦਸ ਸਾਲ ਦੀ ਸਖ਼ਤ ਸਜ਼ਾ ਦਾ ਪ੍ਰਾਵਧਾਨ ਹੈ। ਉਨ੍ਹਾਂ ਦੱਸਿਆ ਕਿ ਡੀਜੀਪੀ, ਸੂਬੇ ਦੇ ਪੁਲੀਸ ਕਮਿਸ਼ਨਰਾਂ ਅਤੇ ਐੱਸਐਸਪੀਜ਼ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਸਾਰੇ ਧਰਮ ਅਸਥਾਨਾਂ ਨੇੜੇ ਸਖ਼ਤ ਸੁਰੱਖਿਆ ਪ੍ਰਬੰਧ ਅਤੇ ਸੀਸੀਟੀਵੀ ਕੈਮਰੇ ਲਾਏ ਜਾਣ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨਾਲ ਤਾਲਮੇਲ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਅਸਥਾਨ ’ਤੇ ਕਿਸੇ ਨਾ ਕਿਸੇ ਦੀ ਹਾਜ਼ਰੀ ਲਾਜ਼ਮੀ ਬਣਾਈ ਜਾਵੇਗੀ। ਇਸੇ ਤਰ੍ਹਾਂ ਸਾਰੇ ਗੁਰਦੁਆਰਿਆਂ ਵਿਚ ਸੀਸੀਟੀਵੀ ਕੈਮਰੇ ਲਾਏ ਜਾਣ ਅਤੇ ਜੋ ਕੈਮਰੇ ਬੰਦ ਹਨ, ਉਹ ਚਾਲੂ ਕਰਵਾਏ ਜਾਣ। ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਚ ਸੁਰੱਖਿਆ ਪ੍ਰਬੰਧਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਆਗਿਆ ਤੋਂ ਬਿਨਾਂ ਪੁਲੀਸ ਤਾਇਨਾਤ ਨਹੀਂ ਕੀਤੀ ਜਾ ਸਕਦੀ ਹੈ ਪਰ ਕੈਂਪਸ ਤੋਂ ਬਾਹਰ ਸਖ਼ਤ ਪ੍ਰਬੰਧ ਕੀਤੇ ਜਾਣਗੇ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਮਨ-ਸ਼ਾਂਤੀ ਕਿਸੇ ਵੀ ਸੂਰਤ ਵਿਚ ਭੰਗ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਿਆ ਜਾਵੇਗਾ। ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਵਲੋਂ ਸਾਬਕਾ ਜਨਰਲ ਸਕੱਤਰ ਰਾਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਸਮੇਤ ਆਈਜੀ ਮੋਹਨੀਸ਼ ਚਾਵਲਾ, ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ, ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ, ਐੱਸਐੱਸਪੀ ਰਾਕੇਸ਼ ਕੌਸ਼ਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਸਰਕਾਰ ਘਟਨਾਵਾਂ ਦੀ ਤਹਿ ਤੱਕ ਜਾਵੇਗੀ: ਸੋਨੀ
ਉਪ ਮੁੱਖ ਮੰਤਰੀ ਓ ਪੀ ਸੋਨੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਘਟਨਾ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੂਬੇ ਵਿਚ ਭਾਈਚਾਰਕ ਸਾਂਝ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਵਲੋਂ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਰਕਾਰ ਅਜਿਹੀਆਂ ਘਟਨਾਵਾਂ ਦੀ ਤਹਿ ਤਕ ਜਾਵੇਗੀ ਅਤੇ ਇਨ੍ਹਾਂ ਪਿੱਛੇ ਲੁਕੇ ਚਿਹਰਿਆਂ ਨੂੰ ਬੇਨਕਾਬ ਕੀਤਾ ਜਾਵੇਗਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly