ਹੁਸ਼ਿਆਰਪੁਰ, (ਸਮਾਜ ਵੀਕਲੀ) ( ਤਰਸੇਮ ਦੀਵਾਨਾ) ਨਗਰ ਨਿਗਮ ਦੇ ਮੇਅਰ ਸੁਰਿੰਦਰ ਕੁਮਾਰ ਨੇ ਸ਼ਿਮਲਾ ਪਹਾੜੀ ਚੌਕ ਤੋਂ ਬਹਾਦੁਰਪੁਰ ਚੌਕ ਤੱਕ ਬਾਰਿਸ਼ ਦੇ ਪਾਣੀ ਦੀ ਨਿਕਾਸੀ ਲਈ ਪਾਈਪ ਲਾਈਨ ਪਾਉਣ ਤੋਂ ਬਾਅਦ ਸੜਕ ਦਾ ਕੰਮ ਸ਼ੁਰੂ ਕਰਵਾਇਆ ਅਤੇ ਕੰਮ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਨਾਲ ਕੌਂਸਲਰ ਪ੍ਰਦੀਪ ਕੁਮਾਰ ਬਿੱਟੂ ਵੀ ਹਾਜ਼ਰ ਸਨ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਲੋਕਾਂ ਨੂੰ ਵਧੀਆ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣਾ ਨਿਗਮ ਦਾ ਮੁੱਖ ਟੀਚਾ ਹੈ ਅਤੇ ਇਸ ਦੀ ਪ੍ਰਾਪਤੀ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਫੀ ਸਮੇਂ ਤੋਂ ਬਾਰਿਸ਼ ਤੋਂ ਬਾਅਦ ਸ਼ਿਮਲਾ ਪਹਾੜੀ ਚੌਕ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਪਾਣੀ ਭਰ ਜਾਂਦਾ ਸੀ, ਜਿਸ ਕਾਰਨ ਲੋਕਾਂ ਨੂੰ ਬਹੁਤ ਮੁਸ਼ਕਲਾਂ ਆਉਂਦੀਆਂ ਸਨ। ਇਸ ਸਮੱਸਿਆ ਦੇ ਹੱਲ ਲਈ ਕੈਬਨਿਟ ਮੰਤਰੀ ਡਾ. ਰਵਜੋਤ ਅਤੇ ਵਿਧਾਇਕ ਦੀ ਕੋਸ਼ਿਸ਼ਾਂ ਨਾਲ ਸ਼ਿਮਲਾ ਪਹਾੜੀ ਦੇ ਪਿੱਛਲੇ ਪਾਸੇ ਪ੍ਰੋਜੈਕਟ ਲਗਾਇਆ ਗਿਆ ਹੈ, ਜਿਸ ਰਾਹੀਂ ਪਾਣੀ ਨੂੰ ਪਾਈਪ ਲਾਈਨ ਰਾਹੀਂ ਚੋਅ ਵਿਚ ਛੱਡਿਆ ਜਾਵੇਗਾ। ਜਿਸਦੇ ਚਲਦਿਆਂ ਸੜਕ ਨੂੰ ਉਖਾੜਿਆ ਗਿਆ ਸੀ। ਇਸ ਲਈ ਲੋਕਾਂ ਦੀ ਪਰੇਸ਼ਾਨੀ ਨੂੰ ਦੇਖਦੇ ਹੋਏ ਹੁਣ ਸੜਕ ਦਾ ਕੰਮ ਕਰਵਾਇਆ ਜਾ ਰਿਹਾ ਹੈ ਅਤੇ ਬਾਰਿਸ਼ ਦਾ ਮੌਸਮ ਖਤਮ ਹੋਣ ਦੇ ਬਾਅਦ ਸਤੰਬਰ ਮਹੀਨੇ ਵਿੱਚ ਪੂਰੀ ਸੜਕ ਨੂੰ ਮੁੜ ਬਣਾਇਆ ਜਾਵੇਗਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਬਾਰਿਸ਼ ਕਾਰਨ ਆ ਰਹੀਆਂ ਸਮੱਸਿਆਵਾਂ ਲਈ ਅਫ਼ਸੋਸ ਜਤਾਇਆ ਅਤੇ ਕਿਹਾ ਕਿ ਨਿਗਮ ਦੀਆਂ ਟੀਮਾਂ ਲਗਾਤਾਰ ਕੰਮ ਕਰ ਰਹੀਆਂ ਹਨ। ਜੇਕਰ ਕਿਸੇ ਨੂੰ ਕੋਈ ਸਮੱਸਿਆ ਹੋਵੇ ਤਾਂ ਉਹ ਨਿਗਮ ਦਫ਼ਤਰ ਆ ਕੇ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਉਸ ਦਾ ਹੱਲ ਕੀਤਾ ਜਾ ਸਕੇ।
ਸ਼ਹਿਰ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਲੋਕਾਂ ਨੂੰ ਵਧੀਆ ਸੁਵਿਧਾਵਾਂ ਦੇਣਾ ਨਿਗਮ ਦਾ ਟੀਚਾ : ਮੇਅਰ ਸੁਰਿੰਦਰ ਕੁਮਾਰ
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



