ਨਵੀਂ ਦਿੱਲੀ (ਸਮਾਜ ਵੀਕਲੀ): ਲਖੀਮੁਪਰ ਖੀਰੀ ਹਿੰਸਾ ਨੂੰ ਲੈ ਕੇ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸਮੇਤ ਪਾਰਟੀ ਆਗੂਆਂ ਦਾ ਇਕ ਵਫ਼ਦ ਬੁੱਧਵਾਰ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਮਿਲੇਗਾ। ਵਫ਼ਦ ਵੱਲੋਂ ਰਾਸ਼ਟਰਪਤੀ ਨੂੰ ਹਿੰਸਾ ਨਾਲ ਜੁੜੇ ਤੱਥਾਂ ਬਾਰੇ ਯਾਦਪੱਤਰ ਦਿੱਤਾ ਜਾਵੇਗਾ। ਪਾਰਟੀ ਸੂਤਰਾਂ ਨੇ ਕਿਹਾ ਕਿ ਸੱਤ ਮੈਂਬਰੀ ਵਫ਼ਦ ਵਿੱਚ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਮਲਿਕਾਰਜੁਨ ਖੜਗੇ, ਸੀਨੀਅਰ ਪਾਰਟੀ ਆਗੂ ਏ.ਕੇ.ਐਂਟਨੀ ਤੇ ਗ਼ੁਲਾਮ ਨਬੀ ਆਜ਼ਾਦ, ਲੋਕ ਸਭਾ ਵਿੱਚ ਕਾਂਗਰਸ ਸੰਸਦੀ ਦਲ ਦੇ ਆਗੂ ਅਧੀਰ ਰੰਜਨ ਚੌਧਰੀ, ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਤੇ ਕੇ.ਸੀ.ਵੇਣੂਗੋਪਾਲ ਸ਼ਾਮਲ ਹੋਣਗੇ।
ਸੂਤਰਾਂ ਮੁਤਾਬਕ ਵਫ਼ਦ ਭਲਕੇ ਸਵੇਰੇ 11:30 ਵਜੇ ਰਾਸ਼ਟਰਪਤੀ ਨੂੰ ਮਿਲੇਗਾ ਤੇ ਪਾਰਟੀ ਨੇ ਪੱਤਰ ਲਿਖ ਕੇ ਮੁਲਾਕਾਤ ਲਈ ਸਮਾਂ ਮੰਗਿਆ ਸੀ। ਲਖੀਮਪੁਰ ਖੀਰੀ ਹਿੰਸਾ ਮਗਰੋਂ ਕਾਂਗਰਸ ਪਾਰਟੀ ਵੱਲੋਂ ਲਗਾਤਾਰ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ, ਜਿਨ੍ਹਾਂ ਦਾ ਪੁੱਤਰ ਆਸ਼ੀਸ਼ ਮਿਸ਼ਰਾ ਹਿੰਸਾ ਮਾਮਲੇ ਵਿੱਚ ਦਰਜ ਐੱਫਆਈਆਰ ’ਚ ਮੁਲਜ਼ਮ ਵਜੋਂ ਨਾਮਜ਼ਦ ਹੈ, ਨੂੰ ਕੇਂਦਰੀ ਵਜ਼ਾਰਤ ’ਚੋਂ ਲਾਂਭੇ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਪਾਰਟੀ ਦਾ ਕਹਿਣਾ ਹੈ ਲਖੀਮਪੁਰ ਖੀਰੀ ਹਿੰਸਾ ਕੇਸ ਦੀ ਨਿਰਪੱਖ ਜਾਂਚ ਲਈ ਕੇਂਦਰੀ ਮੰਤਰੀ ਨੂੰ ਵਜ਼ਾਰਤ ’ਚੋਂ ਹਟਾਉਣਾ ਬਹੁਤ ਜ਼ਰੂਰੀ ਹੈ। ਵੇਣੂਗੋਪਾਲ ਨੇ ਕਿਹਾ ਕਿ ਲਖੀਮਪੁਰ ਹਿੰਸਾ ਖਿਲਾਫ਼ ਦੇਸ਼ ਭਰ ਵਿੱਚ ਹੋ ਰਹੇ ਪ੍ਰਦਰਸ਼ਨਾਂ ਤੇ ਸੁਪਰੀਮ ਕੋਰਟ ਵੱਲੋਂ ਦਿੱਤੇ ਦਖ਼ਲ ਦੇ ਬਾਵਜੂਦ ਨਾ ਤਾਂ ਮੰਤਰੀ ਤੇ ਨਾ ਹੀ ਦੋਸ਼ੀਆਂ ਖਿਲਾਫ਼ ਕੋਈ ਫੈਸਲਾਕੁਨ ਕਾਰਵਾਈ ਕੀਤੀ ਗਈ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly